ਚੀਮਾ ਵਿਖੇ 4.46 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਸਬ ਤਹਿਸੀਲ ਕੰਪਲੈਕਸ : ਮੰਤਰੀ ਅਮਨ ਅਰੋੜਾ

11/28/2022 5:58:11 PM

ਚੀਮਾ ਮੰਡੀ (ਗੋਇਲ) : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਚੀਮਾ ਵਿਖੇ 4.46 ਕਰੋੜ ਰੁਪਏ ਦੀ ਲਾਗਤ ਨਾਲ ਸਬ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਨ ਦੀ ਪ੍ਰਵਾਨਗੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬਹੁ ਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਕਾਇਆ ਕਲਪ ਲਈ ਬਹੁ ਗਿਣਤੀ ਵਿੱਚ ਪ੍ਰੋਜੈਕਟ ਉਲੀਕਦਿਆਂ ਪੜਾਅਵਾਰ ਤਰੀਕੇ ਨਾਲ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਫਿਰੋਜ਼ਪੁਰ 'ਚ ਸ਼ੱਕੀ ਹਾਲਾਤ 'ਚ 7 ਮਹੀਨਿਆਂ ਦੀ ਗਰਭਵਤੀ ਨਵ-ਵਿਆਹੁਤਾ ਦੀ ਮੌਤ

ਮੰਤਰੀ ਅਰੋੜਾ ਨੇ ਕਿਹਾ ਕਿ ਚੀਮਾ ਵਿਖੇ ਇਸ ਸਬ ਤਹਿਸੀਲ ਕੰਪਲੈਕਸ ਦੀ ਉਸਾਰੀ ਦੇ ਕਾਰਜ ਜਲਦੀ ਹੀ ਆਰੰਭ ਕਰ ਦਿੱਤੇ ਜਾਣਗੇ ਅਤੇ ਨਿਰਧਾਰਿਤ ਸਮੇਂ ਅੰਦਰ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਚੀਮਾ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਇਥੇ ਸਬ ਤਹਿਸੀਲ ਕੰਪਲੈਕਸ ਬਣਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਕੰਮਕਾਰ ਕਰਵਾਉਣ ਲਈ ਦੂਰ ਦੁਰਾਡੇ ਨਾ ਜਾਣਾ ਪਵੇ ਅਤੇ ਉਹ ਪਾਰਦਰਸ਼ਤਾ ਅਤੇ ਸਮਾਂਬੱਧ ਸਰਕਾਰੀ ਸੇਵਾਵਾਂ ਹਾਸਲ ਕਰ ਸਕਣ।

ਇਹ ਵੀ ਪੜ੍ਹੋ- ਮਜੀਠੀਆ ਨੇ ਲਈ CM 'ਤੇ ਚੁਟਕੀ, ਮਾਨ ਦੀ ਪੁਰਾਣੀ ਤਸਵੀਰ ਸਾਂਝੀ ਕਰ ਕਿਹਾ- ਮਿੱਤਰਾਂ ਨੂੰ ਸ਼ੌਂਕ ਹਥਿਆਰਾਂ ਦਾ

ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਸਬ ਤਹਿਸੀਲ ਪ੍ਰਬੰਧਕੀ ਕੰਪਲੈਕਸ ਦੀ ਮੰਗ ਦੇ ਪੂਰਾ ਹੋਣ ਨਾਲ ਸਬ ਤਹਿਸੀਲ ਚੀਮਾ ਵਿੱਚ ਪੈਂਦੇ ਪਿੰਡਾਂ ਦੇ ਲੋਕਾਂ ਦੀ ਖੱਜਲ ਖੁਆਰੀ ਖ਼ਤਮ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸ਼ਹੀਦ ਊਧਮ ਸਿੰਘ ਦੀ ਪਵਿੱਤਰ ਧਰਤੀ ਹਲਕਾ ਸੁਨਾਮ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਅਤੇ ਹਲਕੇ ਦੇ ਸਰਵਪੱਖੀ ਵਿਕਾਸ ਲਈ ਦ੍ਰਿੜਤਾ ਨਾਲ ਵਚਨਬੱਧ ਹਾਂ। ਮੰਤਰੀ ਨੇ ਦੱਸਿਆ ਕਿ ਬੀਤੇ ਦਿਨੀਂ ਸੂਬੇ ਭਰ ਵਿੱਚ 80 ਕਰੋੜ ਰੁਪਏ ਦੀ ਲਾਗਤ ਨਾਲ 17 ਅਤਿ ਆਧੁਨਿਕ ਸਬ ਡਵੀਜ਼ਨਲ, ਤਹਿਸੀਲ ਅਤੇ ਸਬ ਤਹਿਸੀਲ ਕੰਪਲੈਕਸਾਂ ਦੀਆਂ ਇਮਾਰਤਾਂ ਦੀ ਉਸਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News