ਮਾਮਲਾ ਖੁਦਕੁਸ਼ੀ ਦਾ: ਧੂਰੀ-ਸੰਗਰੂਰ ਮੁੱਖ ਮਾਰਗ ''ਤੇ ਲਾਸ਼ ਰੱਖ ਆਵਾਜਾਈ ਕੀਤੀ ਠੱਪ

03/21/2020 1:17:30 PM

ਧੂਰੀ (ਜੈਨ, ਅਸ਼ਵਨੀ): ਪਿੰਡ ਪੁੰਨਾਂਵਾਲ ਵਿਖੇ ਲੰਘੇ ਦਿਨੀਂ ਖੁਦਕੁਸ਼ੀ ਕਰਨ ਵਾਲੇ ਨੌਜਵਾਨ ਗੁਰਪ੍ਰੀਤ ਸਿੰਘ ਰੂਬਲ ਦੇ ਮਾਮਲੇ 'ਚ ਨਾਮਜ਼ਦ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਸਬੰਧੀ ਅੱਜ ਪੀੜਤ ਪਰਿਵਾਰ ਦੇ ਮੈਂਬਰਾਂ ਵੱਲੋਂ ਵੱਖ-ਵੱਖ ਜਥੇਬੰਦੀਆਂ ਨਾਲ ਮਿਲ ਕੇ ਥਾਣਾ ਸਦਰ ਧੂਰੀ ਅੱਗੇ ਧਰਨਾ ਦੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਇਸ ਮੌਕੇ ਧੂਰੀ-ਸੰਗਰੂਰ ਮੁੱਖ ਮਾਰਗ 'ਤੇ ਮ੍ਰਿਤਕ ਦੀ ਲਾਸ਼ ਰੱਖ ਕੇ ਆਵਾਜਾਈ ਠੱਪ ਕਰਦੇ ਹੋਏ ਪੁਲਸ ਅਤੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਵੀ ਕੀਤੀ।

ਜ਼ਿਕਰਯੋਗ ਹੈ ਕਿ 8 ਦਿਨ ਪਹਿਲਾਂ ਪਿੰਡ ਪੁੰਨਾਂਵਾਲ ਦੇ ਨੌਜਵਾਨ ਗੁਰਪ੍ਰੀਤ ਸਿੰਘ ਰੂਬਲ (28) ਨੇ ਖੁਦਕੁਸ਼ੀ ਕਰ ਲਈ ਸੀ ਅਤੇ ਇਸ ਮਾਮਲੇ 'ਚ ਉਸਦੀ ਪਤਨੀ, ਸੱਸ ਅਤੇ ਸਾਲੇ ਖਿਲਾਫ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ। ਪ੍ਰਦਰਸ਼ਨਕਾਰੀ ਉਕਤ ਮਾਮਲੇ ਦੇ ਦਰਜ ਹੋਣ ਦੇ 8 ਦਿਨ ਲੰਘਣ ਦੇ ਬਾਵਜੂਦ ਵੀ ਹਾਲੇ ਤੱਕ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ਨੂੰ ਲੈ ਕੇ ਨਾਰਾਜ਼ ਸੀ। ਪ੍ਰਦਰਸ਼ਨਕਾਰੀਆਂ 'ਚ ਮ੍ਰਿਤਕ ਦੇ ਪਾਰਿਵਾਰਕ ਮੈਂਬਰਾਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਕੁਲ ਹਿੰਦ ਕਿਸਾਨ ਸਭਾ ਸਮੇਤ ਹੋਰ ਜੱਥੇਬੰਦੀਆਂ ਦੇ ਆਗੂ ਵੀ ਸ਼ਾਮਲ ਸਨ।

ਇਸ ਮੌਕੇ ਪ੍ਰਦਰਸ਼ਨਕਾਰੀਆਂ 'ਚ ਸ਼ਾਮਲ ਪਿੰਡ ਦੇ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਗੋਗੀ ਨੇ ਕਿਹਾ ਕਿ ਇਹ ਬੇਹੱਦ ਸ਼ਰਮ ਦੀ ਗੱਲ ਹੈ ਕਿ 8 ਦਿਨ ਲੰਘਣ ਦੇ ਬਾਵਜੂਦ ਇਸ ਮਾਮਲੇ 'ਚ ਨਾਮਜ਼ਦ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਇਸਦੇ ਪਿੱਛੇ ਸਿਆਸੀ ਦਬਾਅ ਦੀ ਸ਼ੰਕਾ ਵੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਧੂਰੀ ਦੇ ਮੌਜੂਦਾ ਕਾਂਗਰਸੀ ਵਿਧਾਇਕ ਦੇ ਪਿੰਡ ਦੇ ਨੌਜਵਾਨ ਨੇ ਖੁਦਕੁਸ਼ੀ ਕੀਤੀ ਹੋਵੇ ਅਤੇ ਪੀੜਤਾਂ ਨੂੰ ਇਨਸਾਫ ਲਈ ਥਾਣੇ ਅੱਗੇ ਧਰਨੇ ਦੇਣੇ ਪੈ ਰਹੇ ਹੋਣ, ਇਸ ਤੋਂ ਸ਼ਰਮਨਾਕ ਗੱਲ ਹੋਰ ਕੀ ਹੋ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਛੇਤੀ ਤੋਂ ਛੇਤੀ ਕੀਤੀ ਜਾਵੇ। ਸੰਗਰੂਰ ਤੋਂ ਪੁੱਜੇ ਡੀ. ਐੱਸ. ਪੀ. ਮਨਜੀਤ ਸਿੰਘ ਵੱਲੋਂ ਐੱਸ.ਡੀ.ਐੱਮ. ਲਤੀਫ ਅਹਿਮਦ ਦੀ ਮੌਜੂਦਗੀ 'ਚ ਪ੍ਰਦਰਸ਼ਨਕਾਰੀਆਂ ਨੂੰ ਦੋ ਦਿਨਾਂ 'ਚ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਦਿੱਤੇ ਗਏ ਭਰੋਸੇ ਤੋਂ ਬਾਅਦ ਕਰੀਬ ਸਵਾ 3 ਵਜੇ ਪ੍ਰਦਰਸ਼ਨਕਾਰੀਆਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ ਅਤੇ ਲਾਸ਼ ਨੂੰ ਪੋਸਟਮਾਰਟਮ ਵਾਸਤੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਇਸ ਧਰਨੇ ਕਾਰਣ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਨਾ ਕਰਨਾ ਪਿਆ ਅਤੇ ਉਨ੍ਹਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਖਾਤਰ ਵੈਕਲਪਿਕ ਰਸਤਿਆਂ ਦਾ ਇਸਤੇਮਾਲ ਕਰਨਾ ਪਿਆ। ਇਸ ਮੌਕੇ ਨਾਜਮ ਸਿੰਘ, ਭੁਪਿੰਦਰ ਸਿੰਘ, ਮੇਜਰ ਸਿਘ ਪੁੰਨਾਂਵਾਲ, ਅਮਰੀਕ ਸਿੰਘ ਕਾਂਝਲਾ, ਜਰਨੈਲ ਸਿੰਘ ਜਹਾਂਗੀਰ, ਹਰਜੀਤ ਸਿੰਘ ਬੁਗਰਾਂ ਆਦਿ ਵੀ ਮੌਜੂਦ ਸਨ।


Shyna

Content Editor

Related News