ਮਾਣਹਾਨੀ ਮਾਮਲੇ ''ਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ''ਚ ਪੇਸ਼, ਪੜ੍ਹੋ ਕੀ ਹੈ ਪੂਰਾ ਮਾਮਲਾ
Tuesday, May 12, 2026 - 03:23 PM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਮੰਗਲਵਾਰ ਨੂੰ 8 ਸਾਲ ਪੁਰਾਣੇ ਮਾਣਹਾਨੀ ਦੇ ਇੱਕ ਮਾਮਲੇ 'ਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਪੇਸ਼ ਹੋਏ। ਇਹ ਮਾਮਲਾ ਸਾਲ 2017 ਦਾ ਹੈ, ਜਦੋਂ ਅਖੰਡ ਕੀਰਤਨੀ ਜੱਥੇ ਦੇ ਬੁਲਾਰੇ ਰਾਜਿੰਦਰ ਪਾਲ ਸਿੰਘ ਨੇ ਸੁਖਬੀਰ ਬਾਦਲ ਖ਼ਿਲਾਫ਼ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਮੁਤਾਬਕ, 4 ਜਨਵਰੀ 2017 ਨੂੰ ਜਦੋਂ ਦਿੱਲੀ ਦੇ ਤਤਕਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਰਾਜਿੰਦਰ ਪਾਲ ਸਿੰਘ ਦੇ ਘਰ ਗਏ ਸਨ ਤਾਂ ਸੁਖਬੀਰ ਬਾਦਲ ਨੇ ਕਥਿਤ ਤੌਰ 'ਤੇ ਮੀਡੀਆ 'ਚ ਬਿਆਨ ਦਿੱਤਾ ਸੀ ਕਿ ਅਖੰਡ ਕੀਰਤਨੀ ਜੱਥਾ ਪਾਬੰਦੀਸ਼ੁਦਾ ਅੱਤਵਾਦੀ ਜੱਥੇਬੰਦੀ 'ਬੱਬਰ ਖਾਲਸਾ ਇੰਟਰਨੈਸ਼ਨਲ' ਦਾ ਸਿਆਸੀ ਫਰੰਟ ਹੈ।। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਇਸ ਬਿਆਨ ਨਾਲ ਉਨ੍ਹਾਂ ਦੀ ਜੱਥੇਬੰਦੀ ਦੇ ਅਕਸ ਨੂੰ ਗੰਭੀਰ ਨੁਕਸਾਨ ਪਹੁੰਚਿਆ ਹੈ।
ਪਹਿਲਾਂ ਜਾਰੀ ਹੋ ਚੁੱਕੇ ਹਨ ਗੈਰ-ਜ਼ਮਾਨਤੀ ਵਾਰੰਟ
ਇਸ ਮਾਮਲੇ ਵਿੱਚ ਪਹਿਲਾਂ 17 ਦਸੰਬਰ 2025 ਨੂੰ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਸੁਖਬੀਰ ਬਾਦਲ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਸੀ ਅਤੇ ਅਦਾਲਤ ਨੇ ਉਨ੍ਹਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ। ਹਾਲਾਂਕਿ, ਬਾਅਦ ਵਿੱਚ ਅਦਾਲਤ 'ਚ ਪੇਸ਼ ਹੋਣ 'ਤੇ ਉਨ੍ਹਾਂ ਨੂੰ ਦੁਬਾਰਾ ਜ਼ਮਾਨਤ ਮਿਲ ਗਈ ਸੀ। ਇਸ ਤੋਂ ਇਲਾਵਾ ਸੁਖਬੀਰ ਬਾਦਲ ਨੇ ਇਸ ਕੇਸ ਨੂੰ ਰੱਦ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਵੀ ਪਾਈ ਸੀ ਪਰ ਉੱਥੋਂ ਵੀ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ ਅਤੇ ਹਾਈਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ
ਪੇਸ਼ੀ ਤੋਂ ਛੋਟ ਦੀ ਮੰਗ
ਇਸ ਤੋਂ ਪਹਿਲਾਂ 2 ਫਰਵਰੀ 2026 ਨੂੰ ਹੋਈ ਸੁਣਵਾਈ ਦੌਰਾਨ ਸੁਖਬੀਰ ਬਾਦਲ ਨੇ ਅੰਮ੍ਰਿਤਸਰ ਵਿੱਚ ਪਾਰਟੀ ਦੀ ਅਹਿਮ ਮੀਟਿੰਗ ਦਾ ਹਵਾਲਾ ਦਿੰਦੇ ਹੋਏ ਪੇਸ਼ੀ ਤੋਂ ਛੋਟ ਮੰਗੀ ਸੀ। ਹੁਣ ਇਹ ਮਾਮਲਾ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਵਿਚਾਰ ਅਧੀਨ ਹੈ।
