ਅਧਿਆਪਕਾਂ ''ਤੇ ਲਾਠੀਚਾਰਜ ਲੋਕਤੰਤਰ ਦੀਆਂ ਮਰਿਆਦਾਵਾਂ ਦਾ ਦਮਨ : ਅਮਨ ਅਰੋੜਾ

02/12/2019 5:00:27 PM

ਸੁਨਾਮ, ਊਧਮ ਸਿੰਘ ਵਾਲਾ (ਮੰਗਲਾ)— ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਪਟਿਆਲਾ 'ਚ ਅਧਿਆਪਕਾਂ 'ਤੇ ਕੀਤੇ ਲਾਠੀਚਾਰਜ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਕਿਸੀ ਵੀ ਰਾਸ਼ਟਰ ਦੇ ਭਵਿੱਖ ਦਾ ਨਿਰਮਾਤਾ ਹੈ। ਉਨ੍ਹਾਂ ਦੇ ਅਨੁਭਵ ਰਾਸ਼ਟਰ ਦੇ ਭੱਵਿਖ ਨੂੰ ਪ੍ਰਭਾਵਿਤ ਕਰਦੇ ਹਨ। ਉਨ੍ਹਾਂ ਦਾ ਸਨਮਾਨ ਸਰਬਉੱਚ ਹੋਣਾ ਚਾਹੀਦਾ ਹੈ, ਨਾ ਕਿ ਲੋਕਤਾਂਤਰਿਕ ਰਾਸ਼ਟਰ 'ਚ ਆਪਣੇ ਕਾਨੂੰਨੀ ਹੱਕਾਂ ਦੇ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਨੂੰ ਬੇਰਹਿਮੀ ਨਾਲ ਕੁੱਟਣਾ ਚਾਹੀਦਾ ਹੈ।

ਅਰੋੜਾ ਨੇ ਕਿਹਾ ਕਿ ਅਜਿਹਾ ਨਾ ਤਾਂ ਮੁਗਲਾਂ ਦੇ ਸਮੇਂ ਹੋਇਆ, ਨਾ ਹੀ ਅੰਗਰੇਜ਼ਾਂ ਦੇ ਸਮੇਂ। ਕਾਂਗਰਸ ਦੇ ਰਾਜ ਦੌਰਾਨ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਆਵਾਜ਼ ਨੂੰ ਆਏ ਦਿਨ ਬੰਦ ਕਰਨ ਦਾ ਵਧ ਰਿਹਾ ਰੁਝਾਨ, ਲੋਕਤੰਤਰ ਦੀਆਂ ਮਰਿਆਦਾਵਾਂ ਦਾ ਦਮਨ ਹੈ। ਉਨ੍ਹਾਂ ਕਿਹਾ ਕਿ ਲਗਭਗ 10 ਵਾਰ ਅਧਿਆਪਕਾਂ ਨੂੰ ਮੁੱਖ ਮੰਤਰੀ ਨੂੰ ਮਿਲਣ ਦਾ ਸਮਾਂ ਦਿੱਤਾ ਗਿਆ ਪਰ ਜਦ ਉਹ ਆਪਣੀ ਆਵਾਜ਼ ਉਠਾਉਂਦੇ ਹਨ ਤਾਂ ਉਨ੍ਹਾਂ 'ਤੇ ਅੱਤਿਆਚਾਰ ਭਰਿਆ ਵਿਵਹਾਰ ਕੀਤਾ ਜਾਂਦਾ ਹੈ। ਉਨ੍ਹਾਂ 'ਤੇ ਲਾਠੀਚਾਰਜ ਕੀਤਾ ਜਾਂਦਾ ਹੈ। ਵਾਟਰ ਕੇਨਿੰਗ ਕੀਤੀ ਜਾਂਦੀ ਹੈ, ਉਨ੍ਹਾਂ ਨੇ ਇਸ ਦੀ ਸਖਤ ਨਿੰਦਾ ਕਰਦੇ ਕਿਹਾ ਕਿ ਜਿਨ੍ਹਾਂ ਅਧਿਆਪਕਾਂ ਨੇ ਸਰਕਾਰੀ ਨੀਤੀ ਅਨੁਸਾਰ ਆਪਣੀ ਸਹਿਮਤੀ ਨਹੀਂ ਪ੍ਰਗਟਾਈ, ਉਨ੍ਹਾਂ ਦੀ ਤਨਖਾਹ ਪੰਜਾਬ ਸਰਕਾਰ ਕਿਸ ਤਰ੍ਹਾਂ ਘੱਟ ਕਰ ਸਕਦੀ ਹੈ। ਜਦਕਿ ਇਸ ਸਬੰਧੀ ਫੰਡ ਪੰਜਾਬ ਨੂੰ ਕੇਂਦਰ ਤੋਂ ਮਿਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਪਹਿਲਾਂ ਵੀ 56 ਦਿਨ ਮਰਨ ਵਰਤ ਰੱਖ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਫਿਰ ਉਸੀ ਰਸਤੇ 'ਤੇ ਭੇਜਿਆ ਜਾ ਰਿਹਾ ਹੈ। ਸਰਕਾਰ ਨੂੰ ਤੁਰੰਤ ਅਧਿਆਪਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਸਵਿਕਾਰ ਕਰਨਾ ਚਾਹੀਦਾ ਹੈ ਨਾ ਕਿ ਪੁਲਸ ਦਾ ਦੁਰ-ਉਪਯੋਗ ਕਰਕੇ ਅਧਿਆਪਕਾਂ ਦੀ ਆਵਾਜ਼ ਨੂੰ ਬੰਦ ਕਰਨ ਦੀ ਕੋਸ਼ਿਸ਼।


cherry

Content Editor

Related News