ਸੁਨਾਮ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਰੋਬੋਟਿਕ ਲੈਬਾਰਟਰੀਆਂ ਨਾਲ ਕੀਤਾ ਜਾਵੇਗਾ ਲੈਸ : ਅਮਨ ਅਰੋੜਾ

05/28/2023 2:39:10 AM

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੀ ਸਕੂਲ ਸਿੱਖਿਆ ਦੇ ਇਤਿਹਾਸ ਵਿਚ ਇਕ ਹੋਰ ਮੀਲ ਪੱਥਰ ਸਥਾਪਿਤ ਕਰਦਿਆਂ ਵਿਦਿਆਰਥੀਆਂ ਦੀ ਰਚਨਾਤਮਕ ਸੋਚ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਦੀ ਸਮਰੱਥਾ ਵਧਾਉਣ ਦੇ ਮਕਸਦ ਨਾਲ ਸੁਨਾਮ ਵਿਧਾਨ ਸਭਾ ਹਲਕੇ ਦੇ ਸਾਰੇ 18 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਤਿ-ਆਧੁਨਿਕ ਰੋਬੋਟਿਕ ਲੈਬਾਰਟਰੀਆਂ ਨਾਲ ਲੈਸ ਕੀਤਾ ਜਾ ਰਿਹਾ ਹੈ। ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਸਥਾਪਿਤ ਕੀਤੀ ਗਈ ਰੋਬੋਟਿਕ ਲੈਬ ਦਾ ਉਦਘਾਟਨ ਕਰਨ ਦੇ ਨਾਲ-ਨਾਲ ਬਾਕੀ 17 ਸੀਨੀਅਰ ਸੈਕੰਡਰੀ ਸਕੂਲਾਂ ਨੂੰ ਵੀ ਲੈਬ ਦਾ ਸਾਮਾਨ ਵੰਡਿਆ।

ਇਸ ਤੋਂ ਇਲਾਵਾ ਸੁਨਾਮ ਦੇ ਸ਼ਹੀਦ ਊਧਮ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤੇ ਲੜਕੇ ਅਤੇ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿੱਚ ਜਰਮਨ ਫਰਮ ਮਿਰਾਕਲ.10 ਦੀ ਮਦਦ ਨਾਲ ਤਿੰਨ ਐਕਸ. ਆਰ. ਰਿਐਲਿਟੀ ਲੈਬ ਵੀ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਅਮਨ ਅਰੋੜਾ ਨੇ ਕਿਹਾ ਕਿ ਇਹ ਅਤਿ-ਆਧੁਨਿਕ ਰੋਬੋਟਿਕ ਲੈਬਾਰਟਰੀਆਂ ਅਤੇ ਐਕਸ.ਆਰ. ਰਿਐਲਿਟੀ ਲੈਬਜ਼ ਵਿਦਿਆਰਥੀਆਂ ਨੂੰ ਨਵੀਨਤਮ ਤਕਨਾਲੋਜੀ ਖੇਤਰਾਂ ਜਿਵੇਂ ਕਿ ਰੋਬੋਟਿਕਸ, ਦਿ ਇੰਟਰਨੈੱਟ ਆਫ ਥਿੰਗਜ਼ (ਆਈ.ਓ.ਟੀ.), ਆਰਟੀਫਿਸ਼ੀਅਲ ਇੰਟੈਲੀਜੈਂਸ (ਏ. ਆਈ.), 3ਡੀ ਪ੍ਰਿੰਟਿੰਗ, ਬੇਸਿਕਸ ਆਫ਼ ਇਲੈਕਟ੍ਰਾਨਿਕਸ ਆਦਿ ਦੀ ਸਿਖਲਾਈ ਪ੍ਰਾਪਤ ਕਰਨ ਵਿਚ ਮਦਦ ਕਰਨਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਜੈਕਟ ਸਿੱਖਣ ਦੇ ਮਨੋਰੰਜਕ ਢੰਗ-ਤਰੀਕਿਆਂ ਜ਼ਰੀਏ ਵਿਦਿਆਰਥੀਆਂ ਦੇ ਗਿਆਨ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਨਵੀਨਤਾਕਾਰੀ ਢੰਗ ਨਾਲ ਸਹੂਲਤਾਂ ਪ੍ਰਦਾਨ ਦੇਵੇਗਾ।

ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਸੁਨਾਮ ਦੇਸ਼ ਦਾ ਵੀ ਪਹਿਲਾ ਵਿਧਾਨ ਸਭਾ ਹਲਕਾ ਹੈ, ਜਿਸ ਨੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਇਨ੍ਹਾਂ ਹਾਈਟੈੱਕ ਅਤੇ ਅਤਿ-ਆਧੁਨਿਕ ਲੈਬਾਟਰੀਆਂ ਨਾਲ ਲੈਸ ਕੀਤਾ ਹੈ। ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਵਚਨਬੱਧ ਹੈ। ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ 117 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਪਗ੍ਰੇਡ ਕਰਕੇ “ਸਕੂਲਜ਼ ਆਫ਼ ਐਮੀਨੈਂਸ” (ਐਸ.ਓ.ਈ.) ਦੀ ਸਥਾਪਨਾ ਕੀਤੀ ਸੀ ਅਤੇ ਸਕੂਲ ਦੇ ਪ੍ਰਿੰਸੀਪਲਾਂ ਨੂੰ ਆਪਣੇ ਅਧਿਆਪਨ ਦੇ ਪੇਸ਼ੇਵਾਰਾਨਾ ਹੁਨਰ ਨੂੰ ਨਿਖਾਰਨ ਵਾਸਤੇ ਸਿਖਲਾਈ ਲਈ ਸਿੰਗਾਪੁਰ ਵੀ ਭੇਜਿਆ ਗਿਆ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਲਾ ਦਰਜੇ ਦੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ, ਉਨ੍ਹਾਂ ਆਪਣੇ ਹਲਕੇ ਦੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬ ਸਥਾਪਤ ਕਰਨ ਦੀ ਇਹ ਪਹਿਲ ਕੀਤੀ ਹੈ।   

Manoj

This news is Content Editor Manoj