ਸੁਨੀਲ ਜਾਖੜ ਨੇ ਘੇਰੀ ਪੰਜਾਬ ਸਰਕਾਰ, ਚੋਣਾਂ ਦੇ ਮੱਦੇਨਜ਼ਰ ਲਾਏ ਗੰਭੀਰ ਇਲਜ਼ਾਮ

Tuesday, May 19, 2026 - 01:08 PM (IST)

ਸੁਨੀਲ ਜਾਖੜ ਨੇ ਘੇਰੀ ਪੰਜਾਬ ਸਰਕਾਰ, ਚੋਣਾਂ ਦੇ ਮੱਦੇਨਜ਼ਰ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਗਿਆ ਹੈ ਕਿ ਸਥਾਨਕ ਚੋਣਾਂ ਦੌਰਾਨ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ। ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਿਸ ਬਦਲਾਅ ਦੀ ਰਾਜਨੀਤੀ ਦੀ ਗੱਲ ਕਰਦੀ ਸੀ, ਹੁਣ ਉਸਦਾ ਅਸਲੀ ਚਿਹਰਾ ਪੰਜਾਬ ਦੇ ਲੋਕਾਂ ਸਾਹਮਣੇ ਆ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਾਖੜ ਨੇ ਕਿਹਾ ਕਿ ਚੋਣਾਂ ਜਿੱਤਣ ਲਈ ਆਮ ਆਦਮੀ ਪਾਰਟੀ ਹਰ ਤਰੀਕੇ ਨੂੰ ਅਪਣਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਚੋਣ ਮੈਦਾਨ ਤੋਂ ਬਾਹਰ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਨਾਮਜ਼ਦਗੀ ਪੱਤਰ ਰੱਦ ਕਰਵਾਏ ਗਏ। ਉਨ੍ਹਾਂ ਕਿਹਾ ਕਿ ਬਰਨਾਲਾ, ਮੋਗਾ, ਬਟਾਲਾ ਅਤੇ ਹੋਰ ਕਈ ਸ਼ਹਿਰਾਂ 'ਚ ਭਾਜਪਾ ਉਮੀਦਵਾਰਾਂ ਨਾਲ ਧੱਕੇਸ਼ਾਹੀ ਹੋਈ ਹੈ। 
ਜਾਖੜ ਨੇ ਕਿਹਾ ਕਿ ਕਈ ਵਾਰਡਾਂ 'ਚ ਥੋਕ ਦੇ ਭਾਅ ਭਾਜਪਾ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਕੁੱਝ ਥਾਵਾਂ ‘ਤੇ ਹੋਰ ਕਿਸੇ ਪਾਰਟੀ ਦਾ ਉਮੀਦਵਾਰ ਹੀ ਮੌਜੂਦ ਨਹੀਂ ਸੀ, ਫਿਰ ਵੀ ਭਾਜਪਾ ਦੇ ਕਾਗਜ਼ ਰੱਦ ਕਰਕੇ ਚੋਣੀ ਪ੍ਰਕਿਰਿਆ ਨੂੰ ਪ੍ਰਭਾਵਿਤ ਕੀਤਾ ਗਿਆ। ਉਨ੍ਹਾਂ ਇਸ ਨੂੰ ਲੋਕਤੰਤਰ ‘ਤੇ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਭਾਜਪਾ ਇਸ ਮਾਮਲੇ ਨੂੰ ਅਦਾਲਤ 'ਚ ਚੁਣੌਤੀ ਦੇਵੇਗੀ।  ਉਨ੍ਹਾਂ ਖ਼ਾਸ ਤੌਰ ‘ਤੇ ਧੂਰੀ ਅਤੇ ਬਰਨਾਲਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿੱਥੇ ਭਾਜਪਾ ਨੂੰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ, ਉੱਥੇ ਸਰਕਾਰ ਘਬਰਾਹਟ 'ਚ ਨਜ਼ਰ ਆ ਰਹੀ ਹੈ। ਜਾਖੜ ਨੇ ਕਿਹਾ ਕਿ ਕੁੱਝ ਸਿਟਿੰਗ ਕੌਂਸਲਰ ਅਤੇ ਆਗੂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸਨ, ਜਿਸ ਕਾਰਨ ਸਰਕਾਰ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਭਾਜਪਾ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਵਿੱਚ ਹਾਈ ਟੈਂਸ਼ਨ ਬਿਜਲੀ ਤਾਰਾਂ ਨੂੰ ਅੰਡਰਗਰਾਊਂਡ ਕਰਨ ਦੀ ਯੋਜਨਾ ਸਿਰਫ਼ ਦਿਖਾਵਾ ਹੈ। ਜਾਖੜ ਨੇ ਦੋਸ਼ ਲਗਾਇਆ ਕਿ ਇਸ ਪ੍ਰਾਜੈਕਟ ‘ਤੇ ਬੇਹਿਸਾਬ ਖ਼ਰਚ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੀ ਆਰਥਿਕ ਹਾਲਤ ਨੂੰ ਨਜ਼ਰ-ਅੰਦਾਜ਼ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਹਿਰਾਂ 'ਚ ਕੇਂਦਰ ਸਰਕਾਰ ਦੀ ਮਦਦ ਨਾਲ ਬਿਜਲੀ ਪ੍ਰਾਜੈਕਟ ਚੱਲ ਰਹੇ ਹਨ, ਉੱਥੇ ਵੀ ਅਜੇ ਤੱਕ ਕਈ ਕੰਮ ਪੂਰੇ ਨਹੀਂ ਹੋਏ। ਇਸ ਦੇ ਬਾਵਜੂਦ ਸਰਕਾਰ ਪਿੰਡਾਂ 'ਚ ਵੱਡੇ ਪੱਧਰ ‘ਤੇ ਅੰਡਰਗਰਾਊਂਡ ਤਾਰਾਂ ਦੀ ਯੋਜਨਾ ਲੈ ਕੇ ਆ ਰਹੀ ਹੈ। ਜਾਖੜ ਨੇ ਕਿਹਾ ਕਿ ਇਸ ਯੋਜਨਾ ਦੀ ਲਾਗਤ ਅਤੇ ਟੈਂਡਰ ਪ੍ਰਕਿਰਿਆ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ 'ਚ ਕਈ ਵਿਕਾਸ ਕਾਰਜਾਂ ਅਤੇ ਜ਼ਮੀਨਾਂ ਦੀ ਕਨਵਰਸ਼ਨ ਦੇ ਮਾਮਲਿਆਂ 'ਚ ਗੜਬੜੀਆਂ ਹੋਈਆਂ ਹਨ। ਜਾਖੜ ਨੇ ਕਿਹਾ ਕਿ ਮੋਹਾਲੀ ਅਤੇ ਚੰਡੀਗੜ੍ਹ ਇਲਾਕੇ ਨਾਲ ਜੁੜੇ ਕਈ ਮਾਮਲਿਆਂ ਦੀ ਜਾਂਚ ਦੀ ਲੋੜ ਹੈ ਅਤੇ ਭਾਜਪਾ ਇਹ ਮੁੱਦੇ ਜ਼ੋਰ-ਸ਼ੋਰ ਨਾਲ ਚੁੱਕੇਗੀ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਦੀ ਕਾਰਗੁਜ਼ਾਰੀ ਨੂੰ ਸਮਝ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ 'ਚ ਭਾਜਪਾ ਲੋਕਾਂ 'ਚ ਜਾ ਕੇ ਵਿਸ਼ਵਾਸ ਜਿੱਤੇਗੀ ਅਤੇ ਲੋਕਤੰਤਰ ਨੂੰ ਬਚਾਉਣ ਲਈ ਹਰ ਮੰਚ ‘ਤੇ ਲੜਾਈ ਲੜੇਗੀ। ਉਨ੍ਹਾਂ ਕਿਹਾ ਕਿ ਭਾਜਪਾ ਨਾ ਤਾਂ ਡਰਦੀ ਹੈ ਅਤੇ ਨਾ ਹੀ ਦਬਾਅ ਹੇਠ ਆਉਣ ਵਾਲੀ ਹੈ।
 


author

Babita

Content Editor

Related News