ਸ੍ਰੀ ਦਮਦਮਾ ਸਾਹਿਬ ਤੋਂ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

11/18/2021 3:14:57 PM

ਬਠਿੰਡਾ (ਮਨੀਸ਼ ਗਰਗ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਜਿਥੇ ਪੂਰੀ ਦੁਨੀਆ ’ਚ ਸਿੱਖ ਸੰਗਤਾ ਵੱਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ ਸਿੱਖ ਜਗਤ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਅੱਜ ਗੁਰਪੁਰਬ ਹਰ ਸਾਲ ਵਾਂਗ ਪੂਰੀ ਧੂਮਧਾਮ ਨਾਲ ਮਨਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰੀਆਂ ਦੀ ਅਗਵਾਈ ’ਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ ।

PunjabKesari

ਇਸ ਦੌਰਾਨ ਨਗਰ ਕੀਰਤਨ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਵਾਈ। ਨਗਰ ਕੀਰਤਨ ਦੌਰਾਨ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀਆਂ ਵੱਲੋਂ ਰਸਮਈ ਕੀਰਤਨ ਕੀਤਾ ਗਿਆ। ਇਸ ਦੌਰਾਨ ਗੱਤਕੇ ਦੇ ਜੌਹਰ ਵੀ ਦਿਖਾਏ ਗਏ। ਸੰਗਤਾਂ ਵੱਲੋਂ ਨਗਰ ਕੀਰਤਨ ਦੌਰਾਨ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ।

PunjabKesari

ਜਥੇਦਾਰ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੁੜਨ ਦਾ ਸੁਨੇਹਾ ਦਿੱਤਾ। ਇਸ ਦੌਰਾਨ ਨਗਰ ਕੀਰਤਨ ਦਾ ਰਸਤੇ ’ਚ ਸੰਗਤਾਂ ਵੱਲੋਂ ਭਰਵਾਂ ਸਵਾਗਤ ਕਰਕੇ ਲੰਗਰ ਲਗਾਏ ਗਏ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀਰਵਾਰ ਨੂੰ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ ਵਿਸ਼ੇਸ਼ ਰੌਸ਼ਨੀ ਵੀ ਕੀਤੀ ਜਾਵੇਗੀ।

PunjabKesari
 


Manoj

Content Editor

Related News