ਲੋਕ ਕੋਰੋਨਾ ਵਾਇਰਸ ’ਤੇ ਕਾਬੂ ਪਾਉਣ ਲਈ ਦੇਣ ਸਹਿਯੋਗ : ਧਰਮਸੌਤ
Monday, Mar 30, 2020 - 01:50 AM (IST)

ਚੰਡੀਗਡ਼੍ਹ, (ਕਮਲ)- ਵਿਸ਼ਵ ਮਹਾਮਾਰੀ ਬਣ ਚੁੱਕੇ ਕੋਰੋਨਾ ਵਾਇਰਸ ਉਪਰ ਕਾਬੂ ਪਾਉਣ ਲਈ ਪੰਜਾਬ ਵਾਸੀ ਸਰਕਾਰ ਨੂੰ ਸਹਿਯੋਗ ਦੇਣ ਤਾਂ ਜੋ ਇਸ ਮਹਾਮਾਰੀ ਦੇ ਫੈਲਣ ਦੀ ਸਮੇਂ ਸਿਰ ਰੋਕਥਾਮ ਕੀਤੀ ਜਾ ਸਕੇ। ਇਸ ਲਈ 15 ਫਰਵਰੀ ਤੋਂ ਬਾਅਦ ਹੁਣ ਤੱਕ ਵਿਦੇਸ਼ਾਂ ਤੋਂ ਪਰਤੇ ਲੋਕ ਸਬੰਧਿਤ ਸਰਕਾਰੀ ਅਧਿਕਾਰੀਆਂ ਰਾਹੀਂ ਸਰਕਾਰ ਨੂੰ ਜਲਦ ਜਾਣਕਾਰੀ ਦੇਣ ਤੇ ਆਪਣਾ ਚੈੱਕਅਪ ਕਰਵਾਉਣ। ਇਹ ਪ੍ਰਗਟਾਵਾ ਪੰਜਾਬ ਦੇ ਜੰਗਲਾਤ ਵਿਭਾਗ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ’ਚ ਮਹਾਮਾਰੀ ਨੂੰ ਠੱਲ੍ਹ ਪਾਉਣ ਲਈ ਵਿਦੇਸ਼ਾਂ ਤੋਂ ਆਏ ਵਿਅਕਤੀ ਸਰਕਾਰ ਨੂੰ ਇਸ ਸਬੰਧੀ ਜਾਣਕਾਰੀ ਜ਼ਰੁੂਰ ਦੇਣ ਕਿ ਉਨ੍ਹਾਂ ਨੇ ਹੁਣ ਤੱਕ ਭਾਰਤ ਪਰਤਣ ’ਤੇ ਕਿੱਥੇ-ਕਿੱਥੇ ਦੌਰਾ ਕੀਤਾ, ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਰਾਜ ਸਰਕਾਰ ਅਜਿਹੇ ਵਿਅਕਤੀਆਂ ਦੇ ਪਾਸਪੋਰਟ ਜ਼ਬਤ ਕਰਨ ਬਾਰੇ ਵਿਚਾਰ ਕਰੇਗੀ। ਧਰਮਸੌਤ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸਮੁੱਚਾ ਅਮਲਾ ਕੋਰੋਨਾ ਵਾਇਰਸ ਦੇ ਖਾਤਮੇ ਲਈ ਦਿਨ-ਰਾਤ ਇਕ ਕਰ ਰਿਹਾ ਹੈ, ਵਿਦੇਸ਼ੀ ਧਰਤੀ ਤੋਂ ਪੰਜਾਬ ’ਚ ਪੁੱਜੇ ਇਸ ਵਾਇਰਸ ਦਾ ਮੁਕੰਮਲ ਖਾਤਮਾ ਤਾਂ ਹੀ ਸੰਭਵ ਹੈ ਜੇਕਰ ਵਿਦੇਸ਼ੋਂ ਪਰਤੇ ਵਿਅਕਤੀਆਂ ਵੱਲੋਂ ਇਸ ਸਬੰਧੀ ਜਲਦੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਸਮੂਹ ਸਰਪੰਚਾਂ ਨੂੰ ਆਪਣੇ ਪਿੰਡਾਂ ਦੇ ਵਿਦੇਸ਼ੋਂ ਆਏ ਵਿਅਕਤੀਆਂ ਜਾਂ ਜਿਨ੍ਹਾਂ ਨੇ ਰਾਜ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਸੀ, ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਅਤੇ ਪੇਂਡੂ ਵਿਕਾਸ ਵਿਭਾਗ ਨੂੰ ਵੀ ਇਸ ਦੀ ਜਾਣਕਾਰੀ ਦੇਣ ਲਈ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਸਖ਼ਤ ਫੈਸਲਿਆਂ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ ਕਿ ਉਨ੍ਹਾਂ ਸੂਬੇ ’ਚ ਸਮਾਂ ਰਹਿੰਦੇ ਹੋਏ ਕਰਫਿਊ ਲਾਗੂ ਕਰ ਕੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕੀਤੀ ਹੈ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤਯਾਬੀ ਲਈ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਆਪਣੇ ਘਰਾਂ ਦੇ ਅੰਦਰ ਹੀ ਰਹਿਣ।