ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੂਰਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ

01/20/2021 5:26:54 PM

ਤਲਵੰਡੀ ਸਾਬੋ (ਮੁਨੀਸ਼): ਸਿੱਖ ਕੌਮ ਦੇ ਦਸਵੇਂ ਪਾਤਸ਼ਾਹ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਜਿੱਥੇ ਪੂਰੀ ਦੁਨੀਆ ’ਚ ਸਿੱਖ ਸੰਗਤਾਂ ਵਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਸਿੱਖ ਜਗਤ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਗੁਰਪੂਰਬ ਨੂੰ ਲੈ ਕੇ ਸਮਾਗਮ ਆਯੋਜਿਤ ਕੀਤੇ ਗਏ ਹਨ। ਸਮਾਗਮਾਂ ਦੌਰਾਨ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਲਵਾਈ।ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਵ ਨੂੰ ਲੈ ਕੇ ਅੱਜ ਗੁਰਦੁਆਰਾ ਸਾਹਿਬ ਵਿਖੇ ਰੋਣਕਾਂ ਦੇਖਣ ਨੂੰ ਮਿਲ ਰਹੀਆਂ ਹਨ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪ੍ਰਕਾਸ਼ ਪੂਰਬ ਨੂੰ ਲੈ ਕੇ ਸੰਗਤਾਂ ਦਾ ਜਲੋਹ ਦੇਖਣ ਵਾਲਾ ਸੀ, ਸਵੇਰ ਤੋਂ ਹੀ ਸੰਗਤਾਂ ਤਖ਼ਤ ਸਾਹਿਬ ਅਤੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਸਨ।

ਪਵਿੱਤਰ ਸਰੋਵਰਾਂ ’ਚ ਇਸ਼ਨਾਨ ਕਰਕੇ ਕੜਾਹ ਪ੍ਰਸਾਦ ਦੀ ਦੇਗ ਕਰਵਾ ਰਹੀਆਂ ਸਨ, ਤਖਤ ਸਾਹਿਬ ਵਿਖੇ ਪ੍ਰਕਾਸ਼ ਪੂਰਬ ਸਬੰਧੀ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਤਿਨ ਦਿਨਾਂ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਤਖ਼ਤ ਸਾਹਿਬ ਦੇ ਹਜ਼ੂਰੀ ਰਾਹੀ ਭਾਈ ਨਿਰਭੈਅ ਸਿੰਘ ਦੇ ਜਥੇ ਵਲੋਂ ਰਹੱਸਮਈ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਨੇ ਸੰਗਤਾਂ ਨੂੰ ਗੁਰਪੂਰਬ ਦੀਆਂ ਵਧਾਈਆਂ ਦਿੰਦੇ ਹੋਏ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ’ਤੇ ਚਾਨਣਾ ਪਾਇਆ ਤੇ ਉਨ੍ਹਾਂ ਦੇ ਦੱਸੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ। 

Shyna

This news is Content Editor Shyna