ਤਪਾ ਮੰਡੀ: ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਲੋਕਾਂ ਨੂੰ ਕੀਤਾ ਜਾਗਰੂਕ

5/31/2020 4:00:21 PM

ਤਪਾ ਮੰਡੀ (ਸ਼ਾਮ,ਗਰਗ): ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ 'ਚ ਸਬ-ਡਵੀਜ਼ਨਲ ਹਸਪਤਾਲ ਤਪਾ ਅਤੇ ਬਲਾਕ ਅਧੀਨ ਵੱਖ-ਵੱਖ ਪਿੰਡਾਂ ਵਿਚ ਪ੍ਰਾਇਮਰੀ ਸਿਹਤ ਕੇਂਦਰਾਂ, ਹੈਲਥ ਤੇ ਵੈਲਨੈਸ ਸੈਂਟਰਾਂ ਤੇ ਸਬ ਸੈਂਟਰਾਂ ਦੇ ਸਟਾਫ ਤੇ ਆਸ਼ਾ ਵਰਕਰਾਂ ਵਲੋਂ ਵੱਖ-ਵੱਖ ਥਾਵਾਂ ਉਤੇ ਲੋਕਾਂ ਨੂੰ ਵਿਸਵ ਤੰਬਾਕੂ ਰਹਿਤ ਦਿਵਸ ਮੌਕੇ ਲੋਕਾਂ ਨੂੰ ਤੰਬਾਕੂਨੋਸ਼ੀ ਤੋਂ ਹੋਣ ਵਾਲੀਆਂ ਬੀਮਾਰੀਆਂ ਤੇ ਇਸ ਤੋਂ ਬਚਣ ਪ੍ਰਤੀ ਜਾਗਰੂਕ ਕੀਤਾ ਗਿਆ। ਸਬ-ਡਵੀਜ਼ਨਲ ਹਸਪਤਾਲ ਤਪਾ ਵਿਖੇ ਸੰਬੋਧਨ ਕਰਦਿਆਂ ਨੋਡਲ ਅਫਸਰ ਡਾ. ਗੁਰਪ੍ਰੀਤ ਕੌਰ, ਬਲਾਕ ਐਕਸਟੈਂਸ਼ਨ ਐਜੂਕੇਟਰ ਗੌਤਮ ਰਿਸ਼ੀ, ਮਲਟੀਪਰਪਜ਼ ਸੁਪਰਵਾਈਜ਼ਰ ਜਸਪਾਲ ਸਿੰਘ, ਜਗਦੇਵ ਸਿੰਘ ਗੋਧੀ ਤੇ ਸੰਜੇ ਮਲਹੋਤਰਾ ਨੇ ਦੱਸਿਆ ਕਿ ਤੰਬਾਕੂ ਪਦਾਰਥਾਂ ਜਿਵੇਂ ਬੀੜੀ, ਸਿਗਰੇਟ, ਜਰਦਾ, ਗੁਟਕਾ, ਖੈਣੀ ਵਗੈਰਾ ਦੀ ਵਰਤੋਂ ਕਰਨ ਵਾਲੇ ਵਿਅਕਤੀ ਮੂੰਹ ਦੇ ਕੈਂਸਰ, ਦਮਾ, ਚਮੜੀ ਦੇ ਰੋਗ, ਦਿਲ ਦੀਆਂ ਬੀਮਾਰੀਆਂ, ਬੋਲਾਪਣ, ਫੇਫੜਿਆਂ ਦੇ ਰੋਗ ਤੇ ਹੋਰ ਅਨੇਕਾਂ ਬੀਮਾਰੀਆਂ ਦੀ ਗ੍ਰਿਫਤ ਵਿਚ ਆ ਜਾਂਦੇ ਹਨ।

ਤੰਬਾਕੂ ਦੀ ਵਰਤੋਂ ਕਰਨ ਵਾਲਾ ਵਿਅਕਤੀ ਜਿਥੇ ਆਪਣੇ ਸਰੀਰ ਦਾ ਨੁਕਸਾਨ ਕਰ ਰਿਹਾ ਹੁੰਦਾ ਹੈ ਉਥੇ ਉਸ ਦੁਆਰਾ ਸਮੋਕਿੰਗ ਕਰਨ ਸਮੇਂ ਛੱਡਿਆ ਗਿਆ ਧੂੰਆਂ ਪੈਸਿਵ ਸਮੋਕਿੰਗ ਰਾਹੀਂ ਤੰਦਰੁਸਤ ਵਿਅਕਤੀ ਲਈ ਉਨਾਂ ਹੀ ਘਾਤਕ ਸਿੱਧ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਤੰਦਰੁਸਤ ਪੰਜਾਬ ਤਹਿਤ ਬਹੁਤ ਸਾਰੀਆਂ ਪੰਚਾਇਤਾਂ ਵਲੋਂ ਪਹਿਲਕਦਮੀ ਕਰਦਿਆਂ ਪਿੰਡਾਂ ਨੂੰ ਤੰਬਾਕੂ ਰਹਿਤ ਐਲਾਨਿਆ ਜਾ ਰਿਹਾ ਹੈ। ਕੋਟਪਾ ਐਕਟ ਦੀ ਧਾਰਾ 4 ਦੇ ਅਧੀਨ ਜਨਤਕ ਥਾਵਾਂ ਉਤੇ ਤੰਬਾਕੂਨੋਸ਼ੀ ਕਰਨ ਦੀ ਮਨਾਹੀ, ਧਾਰਾ 6 ਏ ਅਧੀਨ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਤੰਬਾਕੂ ਉਤਪਾਦ ਵੇਚਣ ਤੇ ਪਾਬੰਦੀ, ਧਾਰਾ 6 ਬੀ ਅਧੀਨ ਹਰ ਵਿੱਦਿਅਕ ਸੰਸਥਾਵਾਂ ਵਿਚ ਤੰਬਾਕੂਨੋਸ਼ੀ ਰਹਿਤ ਖੇਤਰ ਦੇ ਬੋਰਡ ਲਗਵਾਉਣ ਅਤੇ ਸਕੂਲ਼ੀ ਸੰਸਥਾਵਾਂ ਦੇ 100 ਗਜ ਦੇ ਘੇਰੇ ਵਿਚ ਤੰਬਾਕੂ ਵੇਚਣ ਦੀ ਮਨਾਹੀ ਹੈ। ਐਕਟ ਦੀ ਉਲਘੰਣਾ ਕਰਨ ਉਤੇ 200 ਰੁਪਏ ਤੱਕ ਜੁਰਮਾਨੇ ਬਾਰੇ ਵੀ ਦੱਸਿਆ ਗਿਆ।


Shyna

Content Editor Shyna