ਪੰਜਾਬ ’ਚ ਸਰਕਾਰ ਨਹੀਂ ਕਾਮੇਡੀ ਸਰਕਸ ਚੱਲ ਰਹੀ : ਤਰੁਣ ਚੁੱਘ

06/16/2022 6:04:14 PM

ਮੋਗਾ (ਗੋਪੀ ਰਾਊਕੇ) : ਪੰਜਾਬ ਵਿਚ ਸਰਕਾਰ ਨਹੀਂ ਕਮੇਡੀ ਸਰਕਸ ਚੱਲ ਰਹੀ ਹੈ, ਜਿਸ ਕਰ ਕੇ ਅਮਨ ਕਾਨੂੰਨ ਦੀ ਸਥਿਤੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥੋਂ ‘ਫ਼ੇਲ’ ਹੋ ਗਈ ਹੈ, ਇੱਥੇ ਹੀ ਬਸ ਨਹੀਂ ਪੰਜਾਬ ਦੇਸ਼ ਦੇ ਸਾਰੇ ਸੂਬਿਆਂ ਦੇ ਗੈਗਸਟਰਾਂ ਦੀ ਹੱਬ ਬਣ ਕੇ ਰਹਿ ਗਿਆ ਹੈ, ਪਰ ਹੈਰਾਨੀ ਦੀ ਗੱਲ ਹੈ ਕਿ ਮੁੱਖ ਮੰਤਰੀ ਆਪਣੇ ਸੂਬੇ ਦੀ ਫ਼ਿਕਰ ਛੱਡ ਕੇ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਸਿਆਸੀ ਦੌਰੇ ਕਰ ਕੇ ਦਿੱਲੀ ਦੀ ਆਪ ਲੀਡਰਸ਼ਿਪ ਨੂੰ ਖੁਸ਼ ਕਰਨ ਵਿਚ ਲੱਗੇ ਹੋਏ ਹਨ।

ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਇੱਥੇ ਭਾਜਪਾ ਦੇ ਸੀਨੀਅਰ ਆਗੂ ਤਿਰਲੋਚਨ ਸਿੰਘ ਗਿੱਲ ਦੇ ਗ੍ਰਹਿ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੁਰੱਖਿਆ ਦੇ ਮਾਮਲੇ ’ਤੇ ਵਾਈਟ ਪੇਪਰ ਜਾਰੀ ਕਰ ਕੇ ਇਹ ਦੱਸਣਾ ਚਾਹੀਦਾ ਹੈ ਵਿਚ ਹੈ ਕਿ ਪੰਜਾਬ ਵਿਚ ਕਿੰਨ੍ਹੇ ਟਿਫ਼ਨ ਬੰਬ ’ਤੇ ਗੈਂਗਸਟਰ ਹਨ। ਉਨ੍ਹਾਂ ਕਿਹਾ ਕਿ ਗੁਜਰਾਤ ਵਿਚ ਪੰਜਾਬ ਦੇ ਮੁੱਖ ਮੰਤਰੀ ਇਹ ਦਾਅਵੇ ਕਰਦੇ ਹਨ ਕਿ ਪੰਜਾਬ ਵਿਚੋਂ ਮਾਫ਼ੀਆਂ ਅਤੇ ਭ੍ਰਿਸਟਾਚਾਰ ਖ਼ਤਮ ਕਰ ਦਿੱਤਾ ਹੈ, ਪਰੰਤੁੂ ਅਸਲੀਅਤ ਇਹ ਹੈ ਕਿ ਰੇਤ ਮਾਫ਼ੀਆ, ਟਰਾਂਸਪੋਰਟ ਮਾਫ਼ੀਆਂ ਅਤੇ ਕੇਬਲ ਮਾਫ਼ੀਆਂ ਪਹਿਲਾਂ ਦੀ ਤਰ੍ਹਾਂ ਚੱਲਦਾ ਆ ਰਿਹਾ ਹੈ ਸਗੋਂ ਇੰਨ੍ਹਾਂ ਕਾਰੋਬਾਰ ਵਿਚੋਂ ਹਿੱਸਾ ਲੈਣ ਵਾਲਿਆਂ ਦੇ ਨਾਮ ਹੀ ਬਦਲੇ ਹਨ।

ਇਹ ਵੀ ਪੜ੍ਹੋ- ਭਦੌੜ ਹਲਕੇ 'ਚ CM ਮਾਨ ਵੱਲੋਂ ਰੋਡ ਸ਼ੋਅ, ਪੰਜਾਬ ਦੀ ਮੁੜ ਉਸਾਰੀ ਲਈ ਵੋਟਰਾਂ ਤੋਂ ਮੰਗਿਆ ਸਹਿਯੋਗ

ਉਨ੍ਹਾਂ ਪੰਜਾਬ ਹੈਡਕੁਆਟਰ ’ਤੇ ਹੋਏ ਹਮਲੇ ’ਤੇ ਪਟਿਆਲਾ ਵਿਖੇ ਹਿੰਦੂ ਅਤੇ ਸਿੱਖ ਭਾਈਚਾਰੇ ਦਰਮਿਆਨ ਹੋਏ ਟਾਕਰੇ ਦੇ ਮਾਮਲੇ ’ਤੇ ਮਾਨ ਸਰਕਾਰ ’ਤੇ ਹਮਲਾ ਬੋਲਦੇ ਹੋਏ ਕਿਹਾ ਕਿ ਇਹ ਸਰਕਾਰ ਦੀ ਅਣਗਹਿਲੀ ਦਾ ਸਬੂਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਈਚਾਰਕ ਸਾਂਝ ਵੀ ਟੁੱਟ ਰਹੀ ਹੈ, ਜੋ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕਿਸੇ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦੇ ਹਾਂ ਕਿ ਉਹ ਪੰਜਾਬ ਦੀ ਬਹਾਦਰ ਪੁਲਸ ਦੇ ਕੰਮਾਂ ਵਿਚ ਸਿਆਸੀ ਦਖਲਅੰਦਾਜ਼ੀ ਬੰਦ ਕਰਨ ਤਾਂ ਹੀ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂੁ ਹੇਠ ਆ ਸਕਦੀ ਹੈ।

ਇਹ ਵੀ ਪੜ੍ਹੋ- ਪੰਜਾਬ ’ਚ 'ਆਪ' ਸਰਕਾਰ ਨੇ 3 ਮਹੀਨਿਆਂ ਦੌਰਾਨ ਮਾਫ਼ੀਆ ਰਾਜ ਤੇ ਭ੍ਰਿਸ਼ਟਾਚਾਰ ਦਾ ਕੀਤਾ ਖਾਤਮਾ : ਹਰਪਾਲ ਚੀਮਾ

ਉਨ੍ਹਾਂ ਭਵਿੱਖ ਵਿਚ ਅਕਾਲੀ ਦਲ ਨਾਲ ਕਿਸੇ ਤਰ੍ਹਾਂ ਦੇ ਗਠਜੋੜ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਨਹੀਂ ਕਰਨਗੇ ਕਿੳਂੁਕਿ ਉਹ ਪੰਜਾਬ ਵਿਚ ਵੱਡੇ ਭਰਾ ਦੀ ਭੂਮਿਕਾ ਨਿਭਾਉਣ ਦੇ ਸਮਰੱਥ ਹੋ ਗਏ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਹੀ ਗਠਜੋੜ ਰਹੇਗਾ। ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿਚ ਪਾਰਟੀ ਪੰਜਾਬ ਦੀਆਂ 13 ਸੀਟਾਂ ਵੱਡੇ ਫਰਕ ਨਾਲ ਜਿੱਤੇਗੀ। ਇਸ ਮੌਕੇ ਸਾਬਕਾ ਡਿਪਟੀ ਮੇਅਰ ਅਨਿਲ ਬਾਂਸਲ, ਮੁਨੀਸ ਮੈਨਰਾਏ ਤੋਂ ਇਲਾਵਾ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

Anuradha

This news is Content Editor Anuradha