ਡੀਏ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਏ ਫ਼ੈਸਲੇ ਦਾ ਤਰੁਣ ਚੁੱਘ ਨੇ ਕੀਤਾ ਸਵਾਗਤ

Monday, Aug 03, 2026 - 06:49 PM (IST)

ਡੀਏ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਏ ਫ਼ੈਸਲੇ ਦਾ ਤਰੁਣ ਚੁੱਘ ਨੇ ਕੀਤਾ ਸਵਾਗਤ

ਚੰਡੀਗੜ੍ਹ : ਭਾਜਪਾ ਦੇ ਰਾਸ਼ਟਰੀ ਮਹਾਮੰਤਰੀ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਉਸ ਮਹੱਤਵਪੂਰਨ ਫ਼ੈਸਲੇ ਦਾ ਸਵਾਗਤ ਕੀਤਾ ਹੈ ਜਿਸ ਵਿੱਚ ਪੰਜਾਬ ਸਰਕਾਰ ਨੂੰ ਕਰੀਬ 8 ਲੱਖ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਕਾਇਆ ਮਹਿੰਗਾਈ ਭੱਤਾ (DA) 15 ਦਿਨਾਂ ਅੰਦਰ ਅਦਾ ਕਰਨ ਦੇ ਹੁਕਮ ਦਿੱਤੇ ਗਏ ਹਨ। ਚੁੱਘ ਨੇ ਕਿਹਾ ਕਿ ਇਹ ਫ਼ੈਸਲਾ ਸਾਲਾਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਅਤੇ ਵਿੱਤੀ ਕੁਪ੍ਰਬੰਧਨ ਨੂੰ ਬੇਨਕਾਬ ਕਰ ਦਿੱਤਾ ਹੈ।

ਹਾਈਕੋਰਟ ਦੀਆਂ ਟਿੱਪਣੀਆਂ ਦਾ ਹਵਾਲਾ ਦਿੰਦਿਆਂ ਚੁੱਘ ਨੇ ਕਿਹਾ ਕਿ ਅਦਾਲਤ ਨੇ ਸਰਕਾਰ ਨੂੰ ਬਕਾਇਆ ਰਕਮ ਦੇ ਭੁਗਤਾਨ ਤੱਕ ਵੱਡੇ ਪੱਧਰ ਦੀਆਂ ਇਸ਼ਤਿਹਾਰੀ ਮੁਹਿੰਮਾਂ ਅਤੇ ਹੋਰ ਗੈਰ-ਉਤਪਾਦਕ ਖਰਚਿਆਂ ਤੋਂ ਵੀ ਰੋਕਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰ ਦੀ ਉਹ ਨੀਤੀ ਬੇਨਕਾਬ ਹੋ ਗਈ ਹੈ ਜਿਸ ਅਧੀਨ ਲੋਕਾਂ ਦੇ ਪੈਸੇ ਨੂੰ ਸਵੈ-ਪ੍ਰਚਾਰ ਲਈ ਵਰਤਿਆ ਜਾ ਰਿਹਾ ਸੀ ਜਦਕਿ ਮੁਲਾਜ਼ਮਾਂ ਦੇ ਹੱਕ ਅਣਡਿੱਠੇ ਕੀਤੇ ਜਾ ਰਹੇ ਸਨ। ਚੁੱਘ ਨੇ ਕਿਹਾ, "ਹਾਈਕੋਰਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਮੁਲਾਜ਼ਮਾਂ ਦੇ ਅਧਿਕਾਰਾਂ ਦੀ ਕੁਰਬਾਨੀ ਦੇ ਕੇ ਇਸ਼ਤਿਹਾਰਬਾਜ਼ੀ ਨਹੀਂ ਕੀਤੀ ਜਾ ਸਕਦੀ। ਇਹ ਸਿਰਫ਼ ਕਾਨੂੰਨੀ ਹਾਰ ਨਹੀਂ, ਸਗੋਂ ਸਰਕਾਰ ਦੀਆਂ ਤਰਜੀਹਾਂ 'ਤੇ ਗੰਭੀਰ ਸਵਾਲ ਹੈ।" ਉਨ੍ਹਾਂ ਯਾਦ ਦਿਵਾਇਆ ਕਿ ਪੰਜਾਬ ਸਰਕਾਰ ਨੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਕੇਂਦਰ ਸਰਕਾਰ ਦੇ ਪੈਟਰਨ ਅਨੁਸਾਰ DA ਦੇਣ ਦਾ ਫ਼ੈਸਲਾ ਕੀਤਾ ਸੀ, ਪਰ ਲਗਭਗ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਇਸ ਨੂੰ ਲਾਗੂ ਨਹੀਂ ਕੀਤਾ ਗਿਆ। ਇਸ ਕਾਰਨ ਸੂਬੇ ਦੇ ਮੁਲਾਜ਼ਮ ਅਤੇ ਪੈਨਸ਼ਨਰ ਆਪਣੇ ਕੇਂਦਰੀ ਹਮਅਹੁਦਿਆਂ ਦੇ ਮੁਕਾਬਲੇ ਘੱਟ DA ਪ੍ਰਾਪਤ ਕਰਦੇ ਰਹੇ।

ਚੁੱਘ ਨੇ ਦੋਸ਼ ਲਗਾਇਆ ਕਿ ਇੱਕ ਪਾਸੇ ਸਰਕਾਰ ਮੁਲਾਜ਼ਮਾਂ ਨੂੰ ਭੁਗਤਾਨ ਲਈ ਪੈਸਿਆਂ ਦੀ ਕਮੀ ਦਾ ਹਵਾਲਾ ਦਿੰਦੀ ਰਹੀ, ਜਦਕਿ ਦੂਜੇ ਪਾਸੇ ਉਸਾਰੀ ਮਜ਼ਦੂਰਾਂ ਦੇ ਭਲਾਈ ਫੰਡ ਦੀ ਰਕਮ ਨੂੰ ਹੋਰ ਯੋਜਨਾਵਾਂ ਵੱਲ ਮੋੜਨ ਦੀ ਕੋਸ਼ਿਸ਼ ਕੀਤੀ ਗਈ, ਜਿਸ 'ਤੇ ਵੀ ਅਦਾਲਤੀ ਦਖ਼ਲਅੰਦਾਜ਼ੀ ਹੋਈ। ਉਨ੍ਹਾਂ ਕਿਹਾ ਕਿ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਅਤੇ ਮਨਰੇਗਾ ਮਜ਼ਦੂਰਾਂ ਨੂੰ ਲੰਬੇ ਸਮੇਂ ਤੋਂ ਤਨਖ਼ਾਹਾਂ ਅਤੇ ਮਜ਼ਦੂਰੀਆਂ ਦੇ ਭੁਗਤਾਨ ਵਿੱਚ ਦੇਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜੋ ਸਰਕਾਰ ਦੀਆਂ ਨਾਕਾਮੀਆਂ ਨੂੰ ਦਰਸਾਉਂਦਾ ਹੈ।
ਪੰਜਾਬ ਦੇ ਮੁਲਾਜ਼ਮਾਂ, ਅਧਿਆਪਕਾਂ ਅਤੇ ਮਜ਼ਦੂਰਾਂ ਪ੍ਰਤੀ ਭਾਜਪਾ ਦੀ ਵਚਨਬੱਧਤਾ ਦੁਹਰਾਉਂਦਿਆਂ ਚੁੱਘ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਸਰਕਾਰ ਬਣਦੇ ਹੀ DA ਅਤੇ ਪੈਨਸ਼ਨ ਕੇਂਦਰ ਸਰਕਾਰ ਦੇ ਬਰਾਬਰ ਕੀਤੇ ਜਾਣਗੇ, ਸਾਰੇ ਬਕਾਏ ਅਦਾ ਕੀਤੇ ਜਾਣਗੇ ਅਤੇ ਕਿਸੇ ਵੀ ਮੁਲਾਜ਼ਮ, ਅਧਿਆਪਕ ਜਾਂ ਮਜ਼ਦੂਰ ਦੀ ਤਨਖ਼ਾਹ ਵਿੱਚ ਦੇਰੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਾਈਕੋਰਟ ਦਾ ਇਹ ਫ਼ੈਸਲਾ ਇਸ ਗੱਲ ਦੀ ਯਾਦ ਦਿਵਾਉਂਦਾ ਹੈ ਕਿ ਸਰਕਾਰਾਂ ਲੋਕਾਂ ਦੇ ਪ੍ਰਤੀ ਜਵਾਬਦੇਹ ਹੁੰਦੀਆਂ ਹਨ ਅਤੇ ਮੁਲਾਜ਼ਮਾਂ ਦੇ ਹੱਕਾਂ ਨੂੰ ਅਣਮਿਆਦੀ ਸਮੇਂ ਤੱਕ ਨਹੀਂ ਰੋਕ ਸਕਦੀਆਂ।


author

Shubam Kumar

Content Editor

Related News