ਅਧਿਆਪਕ ਦਿਵਸ ਮੌਕੇ ਸਿੱਖਿਆ ਮੰਤਰੀ ਨੂੰ ਖੂਨ ਦਾ ਪਿਆਲਾ ਭੇਟ ਕਰਨ ਪਹੁੰਚੇ ਅਧਿਆਪਕ
Sunday, Sep 05, 2021 - 03:42 PM (IST)
ਸੰਗਰੂਰ (ਵਿਜੈ ਕੁਮਾਰ ਸਿੰਗਲਾ): ਅੱਜ ਅਧਿਆਪਕ ਦਿਵਸ ਮੌਕੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਵੱਲੋਂ ਸੰਗਰੂਰ ਵਿਖੇ ਸਿਵਲ ਹਸਪਤਾਲ ਤੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਤੱਕ ਰੋਸ ਮਾਰਚ ਕੀਤਾ ਗਿਆ। ਸਿੱਖਿਆ ਮੰਤਰੀ ਪੰਜਾਬ ਲਈ ਖੂਨ ਦਾ ਪਿਆਲਾ ਲੈ ਕੇ ਪਹੁੰਚੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜੀ ਕਰਦਿਆਂ ਕੈਪਟਨ ਸਰਕਾਰ ਨੂੰ ਸਿਰੇ ਦੀ ਨਖਿੱਧ ਸਰਕਾਰ ਕਰਾਰ ਦਿੱਤਾ।
ਬੇਰੁਜ਼ਗਾਰਾਂ ਨੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਖ਼ੂਨ ਦਾ ਪਿਆਲਾ ਤਹਿਸੀਲਦਾਰ ਕੁਲਵੰਤ ਸਿੰਘ ਰਾਹੀਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਭੇਟ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਬੇਰੁਜ਼ਗਾਰ ਆਗੂ ਅਮਨ ਸੇਖਾ, ਗਗਨਦੀਪ ਕੌਰ, ਸੰਦੀਪ ਸਿੰਘ ਨੇ ਕਿਹਾ ਕਿ ‘ਘਰ ਘਰ ਰੁਜ਼ਗਾਰ’ ਦਾ ਚੋਣ ਵਾਅਦਾ ਕਰਕੇ ਸੱਤਾ ਵਿੱਚ ਆਈ ਕੈਪਟਨ ਸਰਕਾਰ ਪੰਜਾਬ ਦੇ ਯੋਗਤਾ ਪ੍ਰਾਪਤ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਤੋਂ ਇਨਕਾਰੀ ਹੋ ਰਹੀ ਹੈ ਜਿਸ ਕਾਰਨ ਬੇਰੁਜ਼ਗਾਰ ਪਿਛਲੇ 8 ਮਹੀਨੇ ਤੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰੀ ਬੈਠੈ ਹਨ।ਉਨ੍ਹਾਂ ਕਿਹਾ ਕਿ ਅੱਜ ਅਧਿਆਪਕ ਦਿਵਸ ਮੌਕੇ ਸਰਕਾਰਾਂ ਵੱਲੋਂ ਦੇਸ਼ ਭਰ ਵਿੱਚ ਅਧਿਆਪਕਾਂ ਦਾ ਸਨਮਾਨ ਕਰਨ ਦੇ ਦਮਗਜ਼ੇ ਮਾਰੇ ਜਾ ਰਹੇ ਹਨ ਪਰ ਹਕੀਕਤ ਇਹ ਹੈ ਕਿ ਜਿਸ ਸਮਾਜ ਵਿੱਚ ਬੇਰੁਜ਼ਗਾਰ ਅਧਿਆਪਕਾਂ ਨੂੰ ਸਥਾਈ ਰੁਜ਼ਗਾਰ ਮੁਹੱਈਆ ਨਾ ਕਰਕੇ ਉਨ੍ਹਾਂ ਦਾ ਆਰਥਿਕ,ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੋਵੇ ਉੱਥੇ ਦੀਆਂ ਸਰਕਾਰਾਂ ਲੋਕ ਵਿਰੋਧੀ ਸਰਕਾਰਾਂ ਹਨ।
ਇਸ ਮੌਕੇ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਗਰੀਬ ਵਰਗ ਦੇ ਵਿਦਿਆਰਥੀ ਪੜ੍ਹਦੇ ਹਨ ਤੇ ਸਕੂਲਾਂ ਨੂੰ ਅਧਿਆਪਕਾਂ ਤੋਂ ਸੱਖਣੇ ਰੱਖ ਕੇ ਸਰਕਾਰ ਗਰੀਬ ਬੱਚਿਆਂ ਤੋਂ ਸਿੱਖਿਆ ਦਾ ਹੱਕ ਖੋਹ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਸਕੂਲਾਂ ਵਿੱਚ ਖਾਲੀ ਅਸਾਮੀਆਂ ਹੋਣ ਕਾਰਨ ਲੋਕ ਸਕੂਲਾਂ ਨੂੰ ਜਿੰਦਰੇ ਮਾਰ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਪਰ ਦੂਜੇ ਪਾਸੇ ਪੰਜਾਬ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਨੂੰ ਭਰਤੀ ਨਹੀਂ ਕਰ ਰਹੀ ਹੈ। ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਯੋਗ ਮੰਤਰੀ ਹੈ ਜਿਸਦੇ ਮੰਤਰੀ ਰਹਿੰਦਿਆਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਕਾਰਨ ਸਿੱਖਿਆ ਦਾ ਪੱਧਰ ਹੇਠਾਂ ਡਿੱਗਿਆ ਹੈ ਤੇ ਇਸ ਵਿਭਾਗ ਵਿੱਚ ਅਫਸਰਸ਼ਾਹੀ ਭਾਰੂ ਵਿਖਾਈ ਦੇ ਰਹੀ ਹੈ। ਇਸ ਮੌਕੇ ਬੇਰੁਜ਼ਗਾਰ ਅਧਿਆਪਕ ਆਗੂਆਂ ਨੇ ਕਿਹਾ ਕਿ ਉਹ ਸ਼ਾਂਤਮਈ ਤਰੀਕੇ ਨਾਲ ਪਿਛਲੇ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਤੇ ਜਦ ਸਰਕਾਰ ਦੇ ਕੰਨ ‘ਤੇ ਜੂੰ ਨਾ ਸਰਕੀ ਤਾਂ ਇੱਕ ਬੇਰੁਜ਼ਗਾਰ ਅਧਿਆਪਕ ਅੱਕ ਕੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਿਆ ਤੇ ਉਹ ਜਿਸ ਦਿਨ ਦਾ ਪਾਣੀ ਵਾਲੀ ਟੈਂਕੀ ‘ਤੇ ਚੜ੍ਹਿਆ ਹੈ ਇੱਕ ਪਲ ਵੀ ਹੇਠਾਂ ਨਹੀਂ ਉੱਤਰਿਆਂ ਤੇ ਸਰਕਾਰ ਉਸਦੀ ਸਾਰ ਨਹੀਂ ਲੈ ਰਹੀ ਹੈ ਜੇਕਰ ਉਸਦੀ ਸਿਹਤ ਵਿਗੜਦੀ ਹੈ ਤਾਂ ਇਸ ਦੀ ਸਿੱਧੀ ਜਿੰਮੇਬਾਰੀ ਸਿੱਖਿਆ ਮੰਤਰੀ ਪੰਜਾਬ ਤੇ ਪੰਜਾਬ ਸਰਕਾਰ ਦੀ ਹੋਵੇਗੀ।
ਇਸ ਮੌਕੇ ਬੇਰੁਜ਼ਗਾਰ ਅਧਿਆਪਕਾਂ ਨੇ ਐਲਾਣ ਕੀਤਾ ਕਿ ਜੇਕਰ ਸਰਕਾਰ ਨੇ ਜਲਦ ਤੋਂ ਜਲਦ 15 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਕੁਲਵੰਤ ਸਿੰਘ ਲੌਂਗੋਵਾਲ, ਕਿਰਨ ਈਸੜਾ, ਪ੍ਰਤਿੰਦਰ ਕੌਰ, ਗੁਰਪ੍ਰੀਤ ਗਾਜੀਪੁਰ, ਬਲਕਾਰ ਸਿੰਘ ਮੰਘਾਨੀਆ, ਕੁਲਦੀਪ ਭੁਟਾਲ, ਸੁਮਿੰਦਰ ਫਾਜਿਲਕਾ, ਬਚਿੱਤਰ ਸਿੰਘ, ਗੁਰਮੇਲ ਸਿੰਘ, ਪ੍ਰਦੀਪ ਆਦਿ ਹਾਜ਼ਰ ਸਨ।