ਅਧਿਆਪਕਾਂ ਦੀਆਂ ਤਨਖਾਹਾਂ ''ਚ ਕਟੌਤੀ ਕਰਕੇ ਸਰਕਾਰ ਨੇ ਕੀਤਾ ਕੋਝਾ ਮਜ਼ਾਕ : ਕਾਕਾ ਬਰਾੜ

10/18/2018 12:17:08 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ, ਸੁਖਪਾਲ) : ਕੈਪਟਨ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਤਨਖਾਹਾਂ 'ਚ ਕਟੌਤੀ ਕਰਨ ਦੇ ਰੋਸ ਵਜੋਂ ਪਟਿਆਲਾ ਵਿਖੇ ਅਧਿਆਪਕ ਮਰਨ ਵਰਤ 'ਤੇ ਬੈਠੇ ਹੋਏ ਹਨ ਪਰ ਮੁੱਖ ਮੰਤਰੀ ਖਜ਼ਾਨਾ ਖਾਲੀ ਹੋਣ ਦਾ ਬਹਾਨਾ ਬਣਾ ਕੇ ਅਧਿਆਪਕਾਂ ਦੇ ਚੁੱਲੇ ਠੰਡੇ ਕਰਨ 'ਤੇ ਤੁਲੇ ਹੋਏ ਹਨ। ਅਜਿਹਾ ਕਰਕੇ ਕੈਪਟਨ ਸਰਕਾਰ ਅਧਿਆਪਕਾਂ ਨਾਲ ਕੋਝਾ ਮਜ਼ਾਕ ਕਰ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ਼ ਜਗਦੀਪ ਸਿੰਘ ਕਾਕਾ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। 

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾ ਘਰ-ਘਰ ਰੁਜ਼ਗਾਰ ਤੇ ਖੁਸ਼ਹਾਲ ਪੰਜਾਬ ਦਾ ਵਾਅਦਾ ਪੰਜਾਬ ਦੀ ਜਨਤਾ ਨਾਲ ਕੀਤਾ ਸੀ ਪਰ ਹੁਣ ਸਰਕਾਰ ਬਣਨ ਦੇ ਕਰੀਬ ਡੇਢ ਸਾਲ 'ਚ ਲੋਕਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਉਨ੍ਹਾਂ ਨੂੰ ਬੇਰੁਜ਼ਗਾਰ ਕਰ ਰਹੀ ਹੈ। ਇਕ ਪਾਸੇ ਸਰਕਾਰ ਨੇ ਖਜ਼ਾਨਾ ਖਾਲੀ ਹੋਣ ਦੇ ਬਹਾਨੇ ਬਣਾ ਕੇ ਅਧਿਆਪਕਾਂ ਦੀਆਂ ਤਨਖਾਹਾਂ 'ਚ ਕਟੌਤੀ ਕਰ ਦਿੱਤੀ ਹੈ ਅਤੇ ਦੂਜੇ ਪਾਸੇ ਕੈਪਟਨ ਦੇ ਓ.ਐੱਸ.ਡੀ. ਅਤੇ ਹੋਰ ਮੰਤਰੀਆਂ ਦੀਆਂ ਤਨਖਾਹਾਂ 'ਚ ਵਾਧਾ ਕਰਕੇ ਲੋਕਾਂ 'ਤੇ ਵਾਧੂ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਉਨ੍ਹਾਂ ਸਮੂਹ ਅਧਿਆਪਕਾਂ ਦੇ ਮੋਢੇ ਨਾਲ ਮੋਢਾ ਲਗਾਕੇ ਖੜੀ ਹੈ, ਜੋ ਆਪਣੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਸੰਘਰਸ਼ ਕਰ ਰਹੀਆਂ ਹਨ।