ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

11/13/2018 6:24:52 AM

 ਲਹਿਰਾ ਮੁਹੱਬਤ, (ਜ.ਬ.)- ਸਾਂਝਾ ਅਧਿਆਪਕ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅੱਜ ਸ਼ਾਮ ਆਪਣੀਆਂ ਮੰਗਾਂ ਸਬੰਧੀ ਪਿੰਡ ਲਹਿਰਾ ਧੂਰਕੋਟ ਵਿਖੇ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ ਅਤੇ ਰੋਸ ਵਿਖਾਵਾ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਤੋਂ ਪਹਿਲਾਂ ਅਧਿਆਪਕ ਅਤੇ ਕਿਸਾਨ ਵਰਕਰ ਪਿੰਡ ਲਹਿਰਾ ਧੂਰਕੋਟ ਦੀ ਇਕ ਸਾਂਝੀ ਥਾਂ ’ਤੇ ਇਕੱਠੇ ਹੋਏ ਅਤੇ ਗਲੀਆਂ ਬਾਜ਼ਾਰਾਂ ਵਿਚ ਮੁਜ਼ਾਹਰਾ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਕਰਡ਼ੀ ਨਿੰਦਾ ਕੀਤੀ।
 ਇਸ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਅਧਿਆਪਕ ਨੇਤਾ ਗੁਰਪਿਆਰ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਸਕੱਤਰ ਹਰਪਾਲ ਸਿੰਘ ਨੇ ਕਿਹਾ ਕਿ  ਸਰਕਾਰ ਘੋਲ ਕਰ ਰਹੇ ਅਧਿਆਪਕ ਆਗੂਆਂ ਦੀਆਂ ਦੂਰ-ਦੁਰਾਡੇ ਬਦਲੀਆਂ ਕਰ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। 
ਇਸੇ ਤਰ੍ਹਾਂ ਤਨਖਾਹਾਂ ਵਿਚ ਵੱਡੀ ਕਟੌਤੀ ਕੀਤੀ ਜਾ ਰਹੀ ਹੈ। ਜਿਸ ਨਾਲ ਅਧਿਆਪਕਾਂ ਦੇ ਪਰਿਵਾਰ  ਪੀਡ਼ਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਅੱਗੇ ਜ਼ੋਰਦਾਰ ਰੋਸ ਵਿਖਾਵੇ ਕੀਤੇ ਜਾਣਗੇ।