ਬਦਲੀਆਂ ਰੱਦ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਦੂਜੇ ਦਿਨ ਵੀ ਡਟੇ ਰਹੇ ETT ਅਧਿਆਪਕ

Monday, Apr 04, 2022 - 04:15 PM (IST)

ਬਰਨਾਲਾ (ਪੁਨੀਤ ਮਾਨ) : ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਸਥਿਤ ਰਿਹਾਇਸ਼ ਅੱਗੇ ਈ. ਟੀ. ਟੀ. ਅਧਿਆਪਕਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਧਰਨਾਕਾਰੀ ਅਧਿਆਪਕਾਂ ਵੱਲੋਂ ਆਪਣੀਆਂ ਡੈਪੂਟੇਸ਼ਨ ਬਦਲੀਆਂ ਰੱਦ ਕਰਨ ਦੀ ਮੰਗ ਨੂੰ ਲੈ ਕੇ ਐਤਵਾਰ ਸਵੇਰ ਤੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ ਲਗਾਤਾਰ ਜਾਰੀ ਹੈ। ਇੱਥੋਂ ਤੱਕ ਕਿ ਉਨ੍ਹਾਂ ਰਾਤ ਵੀ ਧਰਨਾ ਸਥਾਨ 'ਤੇ ਗੁਜ਼ਾਰੀ। ਦੂਜੇ ਪਾਸੇ ਅੱਜ ਪੁਲਸ ਪ੍ਰਸ਼ਾਸਨ ਵੱਲੋਂ ਮੰਤਰੀ ਮੀਤ ਹੇਅਰ ਦੀ ਕੋਠੀ ਨੂੰ ਜਾਂਦੇ ਰਸਤੇ 'ਤੇ ਬੈਰੀਕੇਡਿੰਗ ਕਰ ਦਿੱਤੀ ਗਈ, ਜਿਸ ਨੂੰ ਕਿਸਾਨ ਆਗੂ ਮਨਜੀਤ ਧਨੇਰ ਵੱਲੋਂ ਖੁੱਲ੍ਹਵਾਇਆ। ਉਥੇ ਧਰਨਾਕਾਰੀ ਅਧਿਆਪਕਾਂ ਨੇ ਪੁਲਸ ਪ੍ਰਸ਼ਾਸਨ ’ਤੇ ਧੱਕੇਸ਼ਾਹੀ ਅਤੇ ਪਰਚਾ ਦਰਜ ਕਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵੀ ਲਾਏ। ਅਧਿਆਪਕ ਡੈਪੂਟੇਸ਼ਨ ਰੱਦ ਕਰਨ ਦੀ ਆਪਣੀ ਮੰਗ 'ਤੇ ਡਟੇ ਹੋਏ ਹਨ।

ਇਹ ਵੀ ਪੜ੍ਹੋ : ਪਿਤਾ ਦੀ ਮੌਤ ਦਾ ਸਰਟੀਫਿਕੇਟ ਲੈਣ ਗਏ ਮਹਿਲਾ ਹੈਲਥ ਵਰਕਰ ਨਾਲ ਹੋਏ ਹੱਥੋਪਾਈ, ਮਾਮਲਾ ਦਰਜ

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਹੋਰ ਸੰਘਰਸ਼ਸ਼ੀਲ ਜਥੇਬੰਦੀਆਂ ਵੀ ਅਧਿਆਪਕਾਂ ਦੇ ਹੱਕ 'ਚ ਡਟ ਗਈਆਂ ਹਨ। ਕਿਸਾਨ ਆਗੂ ਮਨਜੀਤ ਧਨੇਰ ਨੇ ਹਰ ਪੱਖੋਂ ਅਧਿਆਪਕਾਂ ਦਾ ਸਾਥ ਦੇਣ ਦੀ ਗੱਲ ਕਹੀ। ਇਸ ਮੌਕੇ ਗੱਲਬਾਤ ਕਰਦਿਆਂ ਧਰਨਾਕਾਰੀ ਅਧਿਆਪਕਾਂ ਨੇ ਕਿਹਾ ਕਿ ਉਨ੍ਹਾਂ ਦੀ ਬਦਲੀ ਸਿੱਖਿਆ ਵਿਭਾਗ ਨੇ ਸਟੇਸ਼ਨਾਂ ਤੋਂ 100 ਤੋਂ 200 ਕਿਲੋਮੀਟਰ ਦੂਰ ਸਕੂਲਾਂ ਵਿਚ ਕਰ ਦਿੱਤੀ ਹੈ, ਜਿਸ ਕਾਰਨ ਅਧਿਆਪਕਾਂ ਨੂੰ ਇੰਨੀ ਦੂਰ ਡਿਊਟੀ 'ਤੇ ਜਾਣ ਲਈ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਡੈਪੂਟੇਸ਼ਨ ਇਸ ਆਧਾਰ ’ਤੇ ਕੀਤੀ ਗਈ ਸੀ ਕਿ ਸਕੂਲਾਂ 'ਚ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹਨ ਅਤੇ ਜਿਵੇਂ-ਜਿਵੇਂ ਸੀਟਾਂ ਭਰੀਆਂ ਜਾਣਗੀਆਂ, ਉਨ੍ਹਾਂ ਦੀ ਡੈਪੂਟੇਸ਼ਨ ਰੱਦ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਸਬ-ਇੰਸਪੈਕਟਰ ਤੋਂ ਦੁਖੀ ਵਿਅਕਤੀ ਨੇ ਥਾਣੇ ਦੇ ਅੰਦਰ ਹੀ ਖੁਦ 'ਤੇ ਪੈਟਰੋਲ ਪਾ ਲਗਾਈ ਅੱਗ

ਸਿੱਖਿਆ ਵਿਭਾਗ ਨੇ ਨਵੇਂ ਵਿੱਦਿਅਕ ਸੈਸ਼ਨ ਦੌਰਾਨ ਇਹ ਡੈਪੂਟੇਸ਼ਨ ਰੱਦ ਕਰਨ ਦਾ ਭਰੋਸਾ ਦਿੱਤਾ ਸੀ, ਜੋ ਅੱਜ ਤੱਕ ਨਹੀਂ ਹੋਇਆ। ਇਸ ਕਰਕੇ ਉਹ ਮਜਬੂਰੀਵੱਸ ਆਪਣੀ ਮੰਗ ਲੈ ਕੇ ਸਿੱਖਿਆ ਮੰਤਰੀ ਦੇ ਘਰ ਪਹੁੰਚੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ, ਉਲਟਾ ਪੁਲਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਪਰਚੇ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜਿੰਨਾ ਚਿਰ ਉਨ੍ਹਾਂ ਦੀ ਡੈਪੂਟੇਸ਼ਨ ਰੱਦ ਕਰਨ ਦੇ ਲਿਖਤੀ ਆਰਡਰ ਨਹੀਂ ਮਿਲਦੇ, ਉਹ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਧਰਨਾ ਜਾਰੀ ਰੱਖਣਗੇ। ਇਸ ਮੌਕੇ ਕਿਸਾਨ ਆਗੂਆਂ ਮਨਜੀਤ ਸਿੰਘ ਧਨੇਰ ਤੇ ਨਰੈਣ ਦੱਤ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੀ ਮੰਗ ਜਾਇਜ਼ ਹੈ। ਸਰਕਾਰ ਨੂੰ ਤੁਰੰਤ ਉਨ੍ਹਾਂ ਦੀ ਮੰਗ ਮੰਨਣੀ ਚਾਹੀਦੀ ਹੈ। ਜਿੰਨਾ ਚਿਰ ਇਨ੍ਹਾਂ ਅਧਿਆਪਕਾਂ ਦਾ ਧਰਨਾ ਜਾਰੀ ਰਹੇਗਾ, ਉਨ੍ਹਾਂ ਦੀ ਹਮਾਇਤ ਜਾਰੀ ਰਹੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

 


Anuradha

Content Editor

Related News