ਲੋਕ ਪੱਖੀ ਸਕੀਮਾਂ ਤੇ ਉਪਰਾਲਿਆਂ ਦਾ ਲਾਭ ਹੇਠਲੇ ਪੱਧਰ ਤੱਕ ਯਕੀਨੀ ਬਣਾਇਆ ਜਾਵੇ: CM ਭਗਵੰਤ ਮਾਨ

Monday, Jan 02, 2023 - 06:20 PM (IST)

ਲੋਕ ਪੱਖੀ ਸਕੀਮਾਂ ਤੇ ਉਪਰਾਲਿਆਂ ਦਾ ਲਾਭ ਹੇਠਲੇ ਪੱਧਰ ਤੱਕ ਯਕੀਨੀ ਬਣਾਇਆ ਜਾਵੇ: CM ਭਗਵੰਤ ਮਾਨ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਅਧਿਕਾਰੀਆਂ ਨੂੰ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਉਤਸ਼ਾਹ ਨਾਲ ਕੰਮ ਕਰਨ ਲਈ ਆਖਿਆ। ਸੂਬੇ ਦੇ ਆਈ.ਏ.ਐੱਸ. ਅਤੇ ਆਈ.ਪੀ.ਐੱਸ. ਅਧਿਕਾਰੀਆਂ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦੇ ਹੋਏ ਲੋਕ ਭਲਾਈ ਕਾਰਜਾਂ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਆਖਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੂਬੇ ਦੇ ਲੋਕਾਂ ਦੀ ਬਿਹਤਰੀ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਲਈ ਆਖਿਆ ਤਾਂ ਕਿ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਨੂੰ ਸਰਕਾਰ ਦੀਆਂ ਨੀਤੀਆਂ ਤੇ ਉਪਰਾਲਿਆਂ ਦਾ ਸਹੀ ਮਾਅਨਿਆਂ ਵਿਚ ਲਾਭ ਹਾਸਲ ਹੋ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਸਰਕਾਰ ਦੀਆਂ ਨੀਤੀਆਂ ਦਾ ਲਾਭ ਹਰੇਕ ਹੱਕਦਾਰ ਲਾਭਪਾਤਰੀ ਨੂੰ ਹਾਸਲ ਹੋਵੇ।

ਇਹ ਵੀ ਪੜ੍ਹੋ- ਆਪ' ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦੇ ਪੁੱਤ ਨੇ ਨਵੇਂ ਸਾਲ ਦੀ ਪਾਰਟੀ 'ਚ ਚਲਾਈ ਗੋਲ਼ੀ, ਮਚੀ ਹਫ਼ੜਾ-ਦਫ਼ੜੀ

ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਭਲਾਈ ਸਕੀਮਾਂ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦਾ ਪੱਖਪਾਤ ਜਾਂ ਭਾਈ-ਭਤੀਜਾਵਾਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦੇਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਹਰੇਕ ਖੇਤਰ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣਾਉਣ ਲਈ ਇਹ ਸਮੇਂ ਦੀ ਲੋੜ ਹੈ।

ਇਹ ਵੀ ਪੜ੍ਹੋ- ਨਵੇਂ ਸਾਲ ਦੀ ਆਮਦ ਮੌਕੇ ਭਾਰਤੀ ਸਰਹੱਦ 'ਤੇ ਮੋੜ ਡਰੋਨ ਨੇ ਦਿੱਤੀ ਦਸਤਕ, BSF ਨੇ ਕੀਤੀ ਤਾਬੜਤੋੜ ਫ਼ਾਇਰਿੰਗ

ਆਈ.ਏ.ਐੱਸ. ਅਤੇ ਆਈ.ਪੀ.ਐੱਸ. ਅਧਿਕਾਰੀਆਂ ਨੂੰ ਸੂਬਾ ਸਰਕਾਰ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਪੰਜਾਬ ਤੇ ਇਸ ਦੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਆਪਣੇ ਫ਼ਰਜ਼ ਪੂਰੀ ਦਿਆਨਤਦਾਰੀ ਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਜਦੋਂ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਹਰੇਕ ਅਧਿਕਾਰੀ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਆਪਣੀ ਪੂਰੀ ਵਾਹ ਲਾਏਗਾ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

   


author

Shivani Bassan

Content Editor

Related News