ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇਗਾ : ਜ਼ਿਲਾ ਪ੍ਰਸ਼ਾਸਨ

04/10/2020 11:45:33 PM

ਖੰਨਾ, (ਸੁਖਵਿੰਦਰ ਕੌਰ)— ਜ਼ਿਲਾ ਪ੍ਰਸ਼ਾਸਨ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਚੱਲਦਿਆਂ ਪੰਜਾਬ ਸਰਕਾਰ ਨੇ ਲਾਕਡਾਊਨ/ਕਰਫਿਊ ਨੂੰ 30 ਅਪ੍ਰੈਲ 2020 ਤਕ ਵਧਾਉਣ ਦਾ ਫੈਸਲਾ ਕਰਦੇ ਹੋਏ ਇਸ ਨੂੰ ਹੁਣ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤਕ ਲਾਕਡਾਊਨ/ਕਰਫਿਊ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ ਨਹੀਂ ਹੈ। ਜੇਕਰ ਕੋਈ ਵਿਅਕਤੀ ਅਜਿਹੀਆਂ ਅਫ਼ਵਾਹਾਂ ਫੈਲਾਏਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਲਾਕਡਾਊਨ/ਕਰਫਿਊ ਪੂਰੇ 24 ਘੰਟੇ ਲਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੋ ਵੀ ਵਿਅਕਤੀ ਘਰਾਂ ਤੋਂ ਬਾਹਰ ਨਿਕਲ ਕੇ ਸੜਕਾਂ ਆਦਿ 'ਤੇ ਘੁੰਮਦਾ ਪਾਇਆ ਜਾਵੇਗਾ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਕੇ ਖੁੱਲ੍ਹੀ ਜੇਲ 'ਚ ਪਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਮੁੜ ਦੁਹਰਾਇਆ ਕਿ ਉਹ ਲਾਕਡਾਊਨ/ਕਰਫਿਊ ਨੂੰ ਗੰਭੀਰਤਾ ਨਾਲ ਲੈਣ, ਇਸ ਨੂੰ ਲਾਗੂ ਕਰਾਉਣ ਲਈ ਹੁਣ ਸਖ਼ਤੀ ਵਰਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਲੁਧਿਆਣਾ ਸ਼ਹਿਰ ਦੇ ਅਮਰਪੁਰਾ ਅਤੇ ਪਿੰਡ ਚੌਕੀਮਾਨ ਖੇਤਰਾਂ ਵਿਚ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕਰਵਾਏ ਜਾਣਗੇ, ਕਿਉਂਕਿ ਇਨ੍ਹਾਂ ਦੋਵੇਂ ਖੇਤਰਾਂ ਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ 'ਹੌਟਸਪਾਟ' ਖੇਤਰ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਮਰਪੁਰਾ ਤੋਂ ਤਿੰਨ ਅਤੇ ਚੌਕੀਮਾਨ ਤੋਂ 2 ਮਰੀਜ਼ ਪਾਜ਼ੇਟਿਵ ਆ ਚੁੱਕੇ ਹਨ, ਜਿਸ ਕਰ ਕੇ ਇਹ ਕਦਮ ਉਠਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਸਮਾਂ ਆਪਣੇ ਬੱਚਿਆਂ ਨੂੰ ਪੜ੍ਹਾਉਣ ਅਤੇ ਪਰਿਵਾਰਾਂ ਨਾਲ ਬਿਤਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਦਾਇਤ ਜਾਰੀ ਕੀਤੀ ਗਈ ਹੈ ਕਿ ਲੋਕਾਂ ਨੂੰ ਹੁਣ ਐਮਰਜੈਂਸੀ ਹਾਲਤ 'ਚ ਘਰ ਤੋਂ ਬਾਹਰ ਨਿਕਲਣ ਲਈ ਮਾਸਕ ਆਦਿ ਦੀ ਵਰਤੋਂ ਜ਼ਰੂਰੀ ਤੌਰ 'ਤੇ ਕਰਨੀ ਚਾਹੀਦੀ ਹੈ। ਜਿਹੜੇ ਵਿਅਕਤੀਆਂ ਨੂੰ ਘਰ-ਘਰ ਵਸਤਾਂ ਪਹੁੰਚਾਉਣ ਲਈ ਕਰਫਿਊ ਪਾਸ ਜਾਰੀ ਕੀਤੇ ਗਏ ਹਨ, ਉਹ ਵੀ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤਕ ਹੀ ਬਾਹਰ ਰਹਿ ਸਕਣਗੇ।

ਜ਼ਿਲੇ 'ਚ ਹੁਣ ਤਕ 574 ਨਮੂਨੇ ਲਏ, 12 ਪਾਜ਼ੇਟਿਵ ਅਤੇ 443 ਦੀ ਰਿਪੋਰਟ ਨੈਗੇਟਿਵ
ਉਨ੍ਹਾਂ ਦੱਸਿਆ ਕਿ ਜ਼ਿਲਾ ਲੁਧਿਆਣਾ ਵਿਚ ਹੁਣ ਤਕ 574 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 467 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਦਕਿ 108 ਦੇ ਨਤੀਜੇ ਉਡੀਕੇ ਜਾ ਰਹੇ ਹਨ। 443 ਨਮੂਨਿਆਂ ਦੀ ਰਿਪੋਰਟ ਨੈਗੇਟਿਵ, 12 ਪਾਜ਼ੇਟਿਵ ਪਾਏ ਗਏ ਹਨ, ਜਦਕਿ 11 ਨਮੂਨੇ ਰੀਜ਼ੈਕਟ ਹੋਏ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ 2 ਵਿਅਕਤੀਆਂ ਦੇ ਪੀ. ਜੀ. ਆਈ. ਚੰਡੀਗੜ੍ਹ ਵਿਖੇ ਨਮੂਨੇ ਲਏ ਸਨ, ਜੋ ਕਿ ਨੈਗੇਟਿਵ ਆਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿਚ ਲਏ ਗਏ ਫੈਸਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਲਾਕਡਾਊਨ/ਕਰਫਿਊ ਨੂੰ ਸਹਿਯੋਗ ਕਰਨ। ਇਸ ਤੋਂ ਪਹਿਲਾਂ ਉਚ ਅਧਿਕਾਰੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ।


KamalJeet Singh

Content Editor

Related News