ਕਿਸਾਨਾਂ ਨੇ ਸੀ. ਸੀ. ਆਈ. ਦਫਤਰ ਦਾ ਕੀਤਾ ਘਿਰਾਓ

Sunday, Oct 07, 2018 - 06:40 AM (IST)

ਬਠਿੰਡਾ, (ਜ.ਬ.)- ਕਾਟਨ ਕਾਰਪੋਰੇਸ਼ਨ ਆਫ ਇੰਡੀਆ (ਸੀ. ਸੀ. ਆਈ.) ਵਲੋਂ ਕਪਾਹ ਦੀ ਸਰਕਾਰੀ ਖਰੀਦ ਸ਼ੁਰੂ ਨਾ ਕਰਨ ਤੋਂ ਭਡ਼ਕੇ ਕਪਾਹ ਪੱਟੀ ਦੇ ਜ਼ਿਲਿਆਂ ਬਠਿੰਡਾ, ਮਾਨਸਾ, ਮੁਕਤਸਰ, ਫਾਜ਼ਿਲਕਾ ਆਦਿ ਦੇ ਕਿਸਾਨਾਂ ਨੇ ਭਾਕਿਯੂ ਏਕਤਾ (ਉਗਰਾਹਾਂ) ਦੀ ਅਗਵਾਈ ’ਚ ਸੀ. ਸੀ. ਆਈ. ਦਫਤਰ ਦਾ ਘਿਰਾਓ ਕੀਤਾ। ਕਿਸਾਨਾਂ ਨੇ ਸੀ. ਸੀ. ਆਈ. ਦਫਤਰ ਸਾਹਮਣੇ ਧਰਨਾ ਦੇ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ’ਤੇ ਜ਼ਿਲਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਸਰਕਾਰੀ ਖਰੀਦ ਸ਼ੁਰੂ ਨਾ ਹੋਣ ਕਾਰਨ ਨਿੱਜੀ ਵਪਾਰੀਆਂ ਵਲੋਂ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ। ਕਪਾਹ ਦਾ ਮੁੱਲ 5400 ਰੁਪਏ ਤੈਅ ਹੈ ਪਰ ਕੰਪਨੀਆਂ ਤੇ ਵਪਾਰੀਆਂ ਕਿਸਾਨਾਂ ਨਾਲ 4500-4600 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਹੀ ਕਪਾਹ ਦੀ ਖਰੀਦ ਕਰ ਰਹੇ ਹਨ ਜਿਸ ਨਾਲ ਕਿਸਾਨਾਂ ਨੂੰ ਭਾਰੀ ਘਾਟਾ ਸਹਿਣਾ ਪੈ ਰਿਹਾ ਹੈ। ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਸਰਕਾਰਾਂ ਵਲੋਂ ਕਿਸਾਨਾਂ ਦੀ ਲੁੱਟ ’ਤੇ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਤੇ ਇਨ੍ਹਾਂ ਸਰਕਾਰੀ ਨੀਤੀਆਂ ਕਾਰਨ ਕਿਸਾਨ ਦੀ ਆਰਥਿਕ ਹਾਲਤ ਲਗਾਤਾਰ ਕਮਜ਼ੋਰ ਹੋ ਰਹੀ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਕਪਾਹ ਦੀ ਸਰਕਾਰੀ ਖਰੀਦ ਤੁਰੰਤ ਸ਼ੁਰੂ ਕਰਕੇ ਕਿਸਾਨਾਂ ਦੀ ਲੁੱਟ ਨੂੰ ਰੋਕਿਆ ਜਾਵੇ। ਜੇਕਰ ਏਜੰਸੀ ਨੇ ਇਸ ਤਰ੍ਹਾਂ ਟਾਲਮਟੋਲ ਜਾਰੀ ਰੱਖੀ ਤਾ ਕਿਸਾਨ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਇਸ ਮੌਕੇ ਮੋਠੂ ਸਿੰਘ ਕੋਟਡ਼ਾ, ਪੂਣ ਸਿੰਘ ਦੋਦਾ, ਗੁਰਭਗਤ ਸਿੰਘ ਭਲਾਈਆਣਾ, ਇੰਦਰਜੀਤ ਸਿੰਘ ਝੱਬਰ, ਸੁਖਮੰਦਰ ਸਿੰਘ, ਵਜੀਦਪੁਰ, ਦਰਬਾਰ ਸਿੰਘ ਛਾਜਲਾ, ਹਰਪ੍ਰੀਤ ਕੌਰ ਜੇਠੂਕੇ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ’ਤੇ ਲੋਕ ਗਾਇਕ ਅਮਜੇਰ ਸਿੰਘ ਅਕਲੀਆ ਨੇ ਇਨਕਲਾਬੀ ਗੀਤ ਪੇਸ਼ ਕੀਤੇ।


Related News