ਆਉਣ ਵਾਲੀ ਸਰਕਾਰ ਅਕਾਲੀ ਬਸਪਾ ਗੱਠਜੋੜ ਦੀ ਬਣੇਗੀ : ਭਿੰਡਰਾਂ

02/11/2022 4:35:25 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਕਾਂਗਰਸ ਸਰਕਾਰ ਵਲੋਂ ਪਿਛਲੇ ਪੰਜ ਸਾਲਾਂ ਵਿਚ ਕੀਤੇ ਵਿਕਾਸ ਕਾਰਜਾਂ ਦੇ ਨਾਮ ’ਤੇ ਵੋਟਾਂ ਮੰਗਣ ਦਾ ਨਤੀਜਾ ਹੁਣ ਪਿੰਡਾਂ ਵਿਚ ਸਾਹਮਣੇ ਆ ਰਿਹਾ ਹੈ ਜਦੋਂ ਕਾਂਗਰਸੀ ਉਮੀਦਵਾਰਾਂ ਨੂੰ ਪਿੰਡਾਂ ਵਿਚ ਦਾਖ਼ਲ ਹੋਣ ਤੋਂ ਰੋਕਿਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਲ ਮੰਗਵਾਲ ਦੇ ਪ੍ਰਧਾਨ ਬਲਜੀਤ ਸਿੰਘ ਭਿੰਡਰਾਂ ਨੇ ਭਿੰਡਰਾਂ, ਬਾਲੀਆਂ, ਲੱਡੀ, ਛੰਨਾ ਆਦਿ ਪਿੰਡਾਂ ਵਿਚ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਬਸਪਾ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਕੀਤਾ। ਸ. ਬਲਜੀਤ ਸਿੰਘ ਭਿੰਡਰਾਂ ਨੇ ਕਿਹਾ ਕਿ ਵਿਜੈਇੰਦਰ ਸਿੰਗਲਾ ਵਲੋਂ ਵਿਕਾਸ ਕਾਰਜਾਂ ਦਾ ਝੂਠਾ ਰੌਲਾ ਪਾਇਆ ਜਾ ਰਿਹਾ ਹੈ ਜਦਕਿ ਉਨ੍ਹਾਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਕੀਤੇ ਵਿਨਾਸ਼ ਦਾ ਨਤੀਜਾ ਉਨ੍ਹਾਂ ਨੂੰ ਮਿਲ ਰਿਹਾ ਹੈ ਕਿਉਂਕਿ ਹਰੇਕ ਪਿੰਡ ਵਿਚ ਦਾਖ਼ਲ ਹੋਣ ਤੋਂ ਪਹਿਲਾਂ ਉਨ੍ਹਾਂ ਦਾ ਕਾਲੀਆਂ ਝੰਡੀਆਂ ਨਾਲ ਸਵਾਗਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਨਰਜੀਤ ਸਿੰਘ ਗੋਲਡੀ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਉਨ੍ਹਾਂ ਦੀ ਇਕ ਝਲਕ ਪਾਉਣ ਲਈ ਅਤੇ 20 ਫਰਵਰੀ ਦਾ ਬੜੀ ਬੇਸਬਰੀ ਨਾਲ ਇੰਤਜਾਰ ਕਰ ਰਹੇ ਹਨ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਵੱਡਾ ਦਾਅਵਾ, ਡਰ ਕਾਰਨ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜ ਰਹੇ ਹਨ ਬਿਕਰਮ ਮਜੀਠੀਆ

ਉਨ੍ਹਾਂ ਕਿਹਾ ਕਿ ਲੋਕ ਅਕਾਲੀ ਬਸਪਾ ਦੀ ਸਰਕਾਰ ਦਾ ਬੜੀ ਬੇਸਬਰੀ ਨਾਲ ਇੰਤਜਾਰ ਕਰ ਰਹੇ ਹਨ। ਅਕਾਲੀ ਦਲ ਨੇ ਹਮੇਸ਼ਾਂ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਹਨ। ਕਿਸਾਨਾਂ ਦੇ ਹੱਕ ਵਿਚ ਅਕਾਲੀ ਦਲ ਨੇ ਸਭ ਤੋਂ ਪਹਿਲ ਕੀਤੀ, ਭਾਵੇਂ ਉਹ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਭਾਜਪਾ ਨਾਲੋਂ ਨਾਤਾ ਤੋੜਿਆ ਭਾਵੇਂ ਪਾਣੀਆਂ ਦੇ ਮੁੱਦੇ ’ਤੇ ਡਟਕੇ ਲੜਾਈ ਲੜੀ। ਕਾਂਗਰਸ ਸਰਕਾਰ ਵਲੋਂਂ ਤਾਂ ਕਿਸਾਨੀ ਸੰਦਾਂ ਦੀ ਸਬਸਿਡੀ ਦਾ ਪੈਸਾ ਵੀ ਨਹੀਂ ਦਿੱਤਾ ਗਿਆ ਜਿਸ ਨਾਲ ਕਾਂਗਰਸ ਸਰਕਾਰ ਕਿਸਾਨ ਵਿਰੋਧੀ ਚਿਹਰਾ ਵੀ ਨੰਗਾ ਹੋ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੀਆਂ ਸਾਰੀਆਂ ਸੀਟਾਂ ’ਤੇ ਅਕਾਲੀ ਉਮੀਦਵਾਰ ਜਿੱਤ ਪ੍ਰਾਪਤ ਕਰਕੇ ਅਕਾਲੀ ਬਸਪਾ ਦੀ ਸਰਕਾਰ ਬਣਾਉਣ ਵਿਚ ਯੋਗਦਾਨ ਪਾਉਣਗੇ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Anuradha

Content Editor

Related News