ਪੰਜਾਬ ਸਰਕਾਰ ਨੇ ਮ੍ਰਿਤਕ ਲਾਭਪਾਤਰੀਆਂ ਦੇ ਖਾਤਿਆਂ ''ਚੋਂ 28.97 ਕਰੋੜ ਰੁਪਏ ਦੀ ਕੀਤੀ ਰਿਕਵਰੀ

04/12/2022 10:56:47 PM

ਚੰਡੀਗੜ੍ਹ-ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਫੰਡਾਂ ਦੀ ਤਰਕਸੰਗਤ ਵੰਡ ਨੂੰ ਯਕੀਨੀ ਬਣਾਉਂਦਿਆਂ, ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦੇ ਮ੍ਰਿਤਕ ਲਾਭਪਾਤਰੀਆਂ ਦੇ ਬੈਂਕ ਖਾਤਿਆਂ 'ਚੋਂ 28.97 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰੀ ਖਜ਼ਾਨੇ ਦੀ ਬੱਚਤ ਦੇ ਨਾਲ-ਨਾਲ ਲੋੜਵੰਦਾਂ ਅਤੇ ਅਸਲ ਲਾਭਪਾਤਰੀਆਂ ਲਈ ਇਨ੍ਹਾਂ ਸਕੀਮਾਂ ਤਹਿਤ ਨਿਰਪੱਖ ਢੰਗ ਨਾਲ ਵਿੱਤੀ ਸਹਾਇਤਾ ਯਕੀਨੀ ਬਣਾਉਣ ਲਈ ਸਾਰੀਆਂ ਸਕੀਮਾਂ ਦੀ ਬਾਰੀਕੀ ਨਾਲ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਸਨ।

ਇਹ ਵੀ ਪੜ੍ਹੋ : Bahrain ਵਿਚ ਰੀਗਰ ਤੇ ਸਕੈਫੋਲਡਰ ਅਤੇ Kuwait ਵਿਚ ਇਨ੍ਹਾਂ ਕਾਰੀਗਰਾਂ ਲਈ ਨਿਕਲੀਆਂ ਨੌਕਰੀਆਂ

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ 1,27,643 ਮ੍ਰਿਤਕ ਲਾਭਪਾਤਰੀਆਂ ਦੇ ਬੈਂਕ ਖਾਤਿਆਂ 'ਚੋਂ 28.97 ਕਰੋੜ ਰੁਪਏ ਦੀ ਵਸੂਲੀ ਕਰਕੇ ਇਹ ਰਕਮ ਸਰਕਾਰੀ ਖਜ਼ਾਨੇ 'ਚ ਜਮ੍ਹਾ ਕਰਵਾ ਦਿੱਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ, ਵਿਧਵਾ, ਬੇਸਹਾਰਾ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 28.85 ਲੱਖ ਲਾਭਪਾਤਰੀਆਂ ਨੂੰ ਹਰ ਮਹੀਨੇ 432.75 ਕਰੋੜ ਰੁਪਏ ਦੀ ਪੈਨਸ਼ਨ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੁੱਲ 19,47,427 ਬੁਢਾਪਾ ਪੈਨਸ਼ਨਰ, 5,38,010 ਵਿਧਵਾ ਜਾਂ ਬੇਸਹਾਰਾ ਮਹਿਲਾਵਾਂ, 1,75,135 ਬੇਸਹਾਰਾ ਬੱਚੇ ਅਤੇ 2,24,513 ਦਿਵਿਆਂਗ ਵਿਅਕਤੀ ਆਪਣੀ ਮਹੀਨਾਵਾਰ ਪੈਨਸ਼ਨ ਦਾ ਲਾਭ ਲੈ ਰਹੇ ਹਨ।ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਨੂੰ ਇਨ੍ਹਾਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਬਜਟ ਵਜੋਂ 4420.70 ਕਰੋੜ ਰੁਪਏ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿੱਚੋਂ 4353.64 ਕਰੋੜ ਰੁਪਏ ਕੁੱਲ 28,85,085 ਲਾਭਪਾਤਰੀਆਂ ਨੂੰ ਵੰਡੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ IPS ਤੇ IAS ਅਧਿਕਾਰੀਆਂ ਦੇ ਕੀਤੇ ਤਬਾਦਲੇ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News