ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ ਦਿੱਤਾ ਧਰਨਾ, ਕਿਹਾ-4 ਸਾਲਾਂ ’ਚ ਲੋਕਾਂ ਨੂੰ ਬਸ ਲੁੱਟਿਆ

04/05/2021 1:31:21 PM

ਗੁਰੂਹਰਸਹਾਏ (ਮਨਜੀਤ, ਆਵਲਾ) : ਫਰੀਦਕੋਟ ਰੋਡ ’ਤੇ ਲਾਈਟਾਂ ਵਾਲਾ ਚੌਕ ’ਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਅਤੇ ਵਰਕਰਾਂ ਨੇ ਧਰਨਾ ਲਾ ਕੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਕੋਰੋਨਾ ਸਬੰਧੀ ਹਦਾਇਤਾਂ ਦਾ ਪਾਲਣ ਨਾ ਕਰਦਿਆਂ ਅਕਾਲੀ ਦਲ ਦੇ ਵਰਕਰਾਂ ਵੱਲੋਂ ਸੋਸ਼ਲ ਡਿਸਟੈਂਸ ਅਤੇ ਮਾਸਕ ਨਾ ਲਾ ਕੇ ਪੰਜਾਬ ਸਰਕਾਰ ਦੇ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ। ਇਸ ਧਰਨੇ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਾਂਗਰਸ ਪਾਰਟੀ ਨੇ ਪਿਛਲੇ ਚਾਰ ਸਾਲਾਂ ਤੋਂ ਲੋਕਾਂ ਨੂੰ ਝੂਠੀਆਂ ਸਹੁੰਆਂ ਖਾ ਕੇ ਲੁੱਟਿਆ-ਕੁੱਟਿਆ ਅਤੇ ਗੁੰਮਰਾਹ ਕੀਤਾ ਹੈ। ਕੈਪਟਨ ਵੱਲੋਂ ਖ਼ੁਦ ਹੱਥ ’ਚ ਗੁਟਕਾ ਸਾਹਿਬ ਫੜ ਕੇ ਉਨ੍ਹਾਂ ਦੀ ਸਹੁੰ ਖਾ ਕੇ ਪੰਜਾਬ ਅੰਦਰ ਆਪਣੀ ਸਰਕਾਰ ਬਣਾਈ ਸੀ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਭਾਂਡਾ ਭੰਨਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ’ਚ ਧਰਨੇ-ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ’ਤੇ ਵਰ੍ਹਦਿਆਂ ਵਰਦੇਵ ਸਿੰਘ ਮਾਨ ਨੇ ਕਿਹਾ ਕਿ ਕੇਜਰੀਵਾਲ ਨੇ ਆਪਣੇ ਬੱਚੇ ਦੀ ਸਹੁੰ ਖਾ ਕੇ ਕਿਹਾ ਸੀ ਕਿ ਪਹਿਲਾਂ ਮੈਂ ਆਪਣੀ ਕੋਈ ਪਾਰਟੀ ਨਹੀਂ ਬਣਾਵਾਂਗਾ ਤੇ ਕਿਸੇ ਨਾਲ ਸਮਝੌਤਾ ਨਹੀਂ ਕਰਾਂਗਾ, ਫਿਰ ਕਾਂਗਰਸ ਨਾਲ ਮਿਲ ਕੇ ਉਨ੍ਹਾਂ ਨੇ ਆਪਣੀ ਸਰਕਾਰ ਬਣਾ ਲਈ। ਇਸ ਮੌਕੇ ਰੋਹਿਤ ਕੁਮਾਰ ਮੋਂਟੂ ਵੋਹਰਾ, ਦਰਸ਼ਨ ਸਿੰਘ ਬਰਾੜ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਜਿੰਦਰ ਗੁਰੂ ਤਿਲਕ ਰਾਜ ਗੋਲੂ ਕਾ ਮੋੜ, ਬਲਜਿੰਦਰ ਘਾਂਗਾ ਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਟੀਮ ਹਾਜ਼ਰ ਸੀ। ਧਰਨੇ-ਪ੍ਰਦਰਸ਼ਨ ਦੌਰਾਨ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਤੇ ਕਾਫ਼ੀ ਲੰਮੇ ਸਮੇਂ ਤਕ ਜਾਮ ਲੱਗਾ ਰਿਹਾ।


Anuradha

Content Editor

Related News