ਚੋਰਾਂ ਨੇ 2 ਗੁਰਦੁਆਰਿਆਂ ਨੂੰ ਬਣਾਇਆ ਨਿਸ਼ਾਨਾ, 12 ਹਜ਼ਾਰ ਲੈ ਕੇ ਹੋਏ ਫਰਾਰ (ਵੀਡੀਓ)
Wednesday, Oct 24, 2018 - 02:28 PM (IST)
ਫਤਿਹਗੜ੍ਹ ਸਾਹਿਬ (ਵਿਪਨ)—ਸਰਹੰਦ ਦੇ ਵੱਖ-ਵੱਖ ਦੋ ਗੁਰਦੁਆਰਿਆਂ 'ਚ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਚੋਰ ਗੋਲਕ 'ਚੋਂ ਕਰੀਬ 12 ਹਜ਼ਾਰ ਰੁਪਏ ਚੋਰੀ ਕਰਕੇ ਫਰਾਰ ਹੋ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਫਤਹਿ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੀਬ 4 ਵਜੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਪ੍ਰੀਤਮ ਸਿੰਘ ਜਦੋਂ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਤਾਂ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਮੇਨ ਗੇਟ ਅਤੇ ਗੋਲਕ ਦਾ ਤਾਲਾ ਟੁੱਟਿਆ ਹੋਇਆ ਦੇਖਿਆ। ਉਨ੍ਹਾਂ ਨੇ ਉਸੇ ਵੇਲੇ ਗੁਰਦੁਆਰਾ ਸਾਹਿਬ ਦੀ ਕਮੇਟੀ ਨਾਲ ਸੰਪਰਕ ਕੀਤਾ ਤੇ ਕਮੇਟੀ ਦੇ ਆਗੂ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਤੇ ਪੁਲਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਸੰਗਤ 'ਚ ਦਲਜੀਤ ਸਿੰਘ ਅਤੇ ਹੋਰ ਸੰਗਤ ਵਲੋਂ ਮੰਗ ਕੀਤੀ ਗਈ ਕਿ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਪੁਲਸ ਵਲੋਂ ਗਸ਼ਤ ਵਧਾਈ ਜਾਵੇ ਤਾਂ ਜੋ ਅਜਿਹੀਆਂ ਵਾਰਦਾਤਾਂ ਨੂੰ ਰੋਕਿਆ ਜਾ ਸਕੇ। ਥਾਣਾ ਫਤਿਹਗੜ੍ਹ ਸਾਹਿਬ ਦੇ ਮੁਖੀ ਰੁਪਿੰਦਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ। ਇਸ ਸਬੰਧੀ ਜਦੋਂ ਪੱਤਰਕਾਰਾਂ ਵਲੋਂ ਥਾਣਾ ਮੁੱਖੀ ਰੁਪਿੰਦਰ ਸਿੰਘ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਥਾਣਾ ਮੁੱਖੀ ਕੋਈ ਢੁਕਵਾਂ ਜਵਾਬ ਨਾ ਦੇ ਸਕੇ ਅਤੇ ਕੈਮਰੇ ਤੋਂ ਭੱਜਦੇ ਦਿਖਾਈ ਦਿੱਤੇ।