ਨਾਕਾਬੰਦੀ ''ਤੇ ਟ੍ਰੈਫਿਕ ਪੁਲਸ ਵੱਲੋਂ ਜ਼ਬਰੀ ਵਸੂਲੀ ਜਾਂਦੀ ''ਐਂਟਰੀ ਫੀਸ''! ਸੋਸ਼ਲ ਮੀਡੀਆ ''ਤੇ ਵੀਡੀਓ ਹੋਈ ਵਾਇਰਲ

Wednesday, Mar 25, 2026 - 09:12 PM (IST)

ਨਾਕਾਬੰਦੀ ''ਤੇ ਟ੍ਰੈਫਿਕ ਪੁਲਸ ਵੱਲੋਂ ਜ਼ਬਰੀ ਵਸੂਲੀ ਜਾਂਦੀ ''ਐਂਟਰੀ ਫੀਸ''! ਸੋਸ਼ਲ ਮੀਡੀਆ ''ਤੇ ਵੀਡੀਓ ਹੋਈ ਵਾਇਰਲ

ਹਲਵਾਰਾ (ਲਾਡੀ) : ਟ੍ਰੈਫਿਕ ਪੁਲਸ ਵੱਲੋਂ ਲੁਧਿਆਣਾ-ਬਠਿੰਡਾ ਰਾਜਮਾਰਗ ਤੇ ਰਾਏਕੋਟ ਦੇ ਨਜ਼ਦੀਕ ਨਾਕਾਬੰਦੀ ਦੌਰਾਨ ਵਾਹਨ ਚਾਲਕਾਂ ਤੋਂ ਜ਼ਬਰੀ 'ਐਂਟਰੀ ਫੀਸ' ਵਸੂਲਣ ਦਾ ਮਾਮਲਾ ਸਾਹਮਣੇ ਆਉਣ ਨਾਲ ਇਲਾਕੇ 'ਚ ਹੜਕੰਪ ਮਚ ਗਿਆ ਹੈ। ਇਸ ਮਾਮਲੇ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਪੁਲਸ ਪ੍ਰਸ਼ਾਸਨ ਹਰਕਤ ਵਿੱਚ ਆਇਆ ਤੇ ਸੰਬੰਧਿਤ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਲੁਧਿਆਣਾ-ਬਠਿੰਡਾ ਰਾਜਮਾਰਗ ’ਤੇ ਟ੍ਰੈਫਿਕ ਪੁਲਸ ਵੱਲੋਂ ਨਾਕਾ ਲਗਾ ਕੇ ਲੰਘ ਰਹੀਆਂ ਗੱਡੀਆਂ ਨੂੰ ਰੋਕਿਆ ਜਾਂਦਾ ਸੀ। ਦੋਸ਼ ਹੈ ਕਿ ਇਸ ਦੌਰਾਨ ਏ.ਐੱਸ.ਆਈ ਸਿਕੰਦਰ ਸਿੰਘ ਅਤੇ ਪੰਜਾਬ ਹੋਮਗਾਰਡ ਜਵਾਨ ਜਸਵੀਰ ਸਿੰਘ ਵੱਲੋਂ ਵਾਹਨ ਚਾਲਕਾਂ ਤੋਂ ਗੈਰਕਾਨੂੰਨੀ ਤੌਰ ’ਤੇ ਪੈਸੇ ਵਸੂਲੇ ਜਾਂਦੇ ਸਨ। ਜਿਹੜੇ ਚਾਲਕ ਰਕਮ ਦੇਣ ਤੋਂ ਇਨਕਾਰ ਕਰਦੇ, ਉਨ੍ਹਾਂ ਨੂੰ ਡਰਾ-ਧਮਕਾ ਕੇ ਮੋਟੀਆਂ ਰਕਮਾਂ ਲੈ ਲਈਆਂ ਜਾਂਦੀਆਂ ਸਨ।

PunjabKesari

ਸੂਤਰਾਂ ਅਨੁਸਾਰ ਇਹ ਗਤੀਵਿਧੀ ਕਾਫੀ ਸਮੇਂ ਤੋਂ ਚੱਲ ਰਹੀ ਸੀ ਅਤੇ ਆਮ ਲੋਕਾਂ ਨੂੰ ਰੋਜ਼ਾਨਾ ਇਸ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸੇ ਦੌਰਾਨ ਇੱਕ ਪੀੜਤ ਰਾਹਗੀਰ ਵੱਲੋਂ ਇਸ ਸਾਰੀ ਘਟਨਾ ਦੀ ਵੀਡੀਓ ਬਣਾਕੇ ਸੋਸ਼ਲ ਮੀਡੀਆ ’ਤੇ ਸਾਂਝੀ ਕਰ ਦਿੱਤੀ ਗਈ, ਜੋ ਕਿ ਤੇਜ਼ੀ ਨਾਲ ਵਾਇਰਲ ਹੋ ਗਈ।

ਵੀਡੀਓ ਸਾਹਮਣੇ ਆਉਣ ਉਪਰੰਤ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ ਡਾ. ਅੰਕੁਰ ਗੁਪਤਾ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਸ਼ੁਰੂਆਤੀ ਜਾਂਚ ਦੇ ਹੁਕਮ ਦਿੱਤੇ। ਜਾਂਚ ਦੌਰਾਨ ਪਹਿਲੀ ਨਜ਼ਰ ਵਿੱਚ ਦੋਵੇਂ ਮੁਲਾਜ਼ਮਾਂ ਦੀ ਭੂਮਿਕਾ ਸ਼ੱਕ ਦੇ ਘੇਰੇ ਵਿੱਚ ਆਉਣ ’ਤੇ ਉਨ੍ਹਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੁਸ਼ਟੀ ਕਰਦਿਆਂ ਡੀ.ਐੱਸ.ਪੀ (ਐੱਚ) ਜਗਰਾਉਂ ਗੋਪਾਲ ਕ੍ਰਿਸ਼ਨ ਨੇ ਦੱਸਿਆ ਕਿ ਸੰਬੰਧਿਤ ਮੁਲਾਜ਼ਮਾਂ ਖਿਲਾਫ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਜੇਕਰ ਦੋਸ਼ ਸਾਬਤ ਹੁੰਦੇ ਹਨ ਤਾਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਡੀ.ਐੱਸ.ਪੀ ਨੇ ਇਹ ਵੀ ਮੰਨਿਆ ਕਿ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨਾਕਾਬੰਦੀ ਦੇ ਨਾਮ ’ਤੇ ਚੈਕਿੰਗ ਦੇ ਨਾਲ-ਨਾਲ ਕੁਝ ਗੈਰਕਾਨੂੰਨੀ ਗਤੀਵਿਧੀਆਂ ਵੀ ਕੀਤੀਆਂ ਜਾ ਰਹੀਆਂ ਸਨ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਰਾਹਤ ਦੇ ਨਾਲ-ਨਾਲ ਪੁਲਸ ਪ੍ਰਸ਼ਾਸਨ ਤੋਂ ਉਮੀਦ ਜਤਾਈ ਜਾ ਰਹੀ ਹੈ ਕਿ ਅਜਿਹੇ ਮਾਮਲਿਆਂ ’ਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਤੰਗ-ਪਰੇਸ਼ਾਨੀ ਤੋਂ ਬਚਾਇਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News