ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਬਜ਼ੁਰਗ ਦੀ ਦਰਦਨਾਕ ਮੌਤ

Tuesday, Jul 28, 2026 - 01:27 PM (IST)

ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਬਜ਼ੁਰਗ ਦੀ ਦਰਦਨਾਕ ਮੌਤ

ਮੋਗਾ (ਆਜ਼ਾਦ) : ਅੱਜ ਬਾਅਦ ਦੁਪਹਿਰ ਪਿੰਡ ਮਹੇਸ਼ਰੀ ਨੇੜੇ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਬਜ਼ੁਰਗ ਵਿਅਕਤੀ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਪੁਲਸ ਚੌਕੀ ਦੀ ਇੰਚਾਰਜ ਨਰੇਸ਼ ਕੁਮਾਰੀ, ਸਹਾਇਕ ਥਾਣੇਦਾਰ ਤ੍ਰਿਲੋਕ ਸਿੰਘ, ਹੌਲਦਾਰ ਸੁਰਜੀਤ ਸਿੰਘ ਅਤੇ ਹੌਲਦਾਰ ਰਾਜਵੀਰ ਕੌਰ ਮੌਕੇ ’ਤੇ ਪੁੱਜੇ ਅਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛ-ਗਿੱਛ ਕਰ ਕੇ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ। ਚੌਕੀ ਇੰਚਾਰਜ ਨਰੇਸ਼ ਕੁਮਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫਿਰੋਜ਼ਪੁਰ ਤੋਂ ਲੁਧਿਆਣਾ ਜਾ ਰਹੀ ਪੈਸੇਂਜਰ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ ਹੈ।

ਇਸ ਤੋਂ ਬਾਅਦ ਸਮਾਜ ਸੇਵਾ ਸੋਸਾਇਟੀ ਨੂੰ ਸੂਚਿਤ ਕੀਤਾ ਗਿਆ, ਜਿਸ ’ਤੇ ਸੇਵਾਦਾਰ ਗੁਰਸੇਵਕ ਸਿੰਘ ਸੰਨਿਆਸੀ ਅਤੇ ਹੋਰ ਮੈਂਬਰ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ। ਹਾਦਸਾ ਇੰਨਾ ਭਿਆਨਕ ਸੀ ਕਿ ਬਜ਼ੁਰਗ ਦਾ ਸਿਰ ਧੜ ਤੋਂ ਵੱਖ ਹੋ ਚੁੱਕਾ ਸੀ। ਸੋਸਾਇਟੀ ਦੇ ਮੈਂਬਰਾਂ ਨੇ ਬੜੀ ਮੁਸ਼ੱਕਤ ਨਾਲ ਮ੍ਰਿਤਕ ਦੇ ਅੰਗ ਇਕੱਠੇ ਕਰ ਕੇ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਪਹੁੰਚਾਇਆ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਤ੍ਰਿਲੋਕ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਲਈ ਲਾਸ਼ ਨੂੰ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ। ਮ੍ਰਿਤਕ ਦੀ ਸ਼ਨਾਖ਼ਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਆਸ-ਪਾਸ ਦੇ ਪਿੰਡਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਜੇਕਰ 72 ਘੰਟਿਆਂ ਤੱਕ ਪਛਾਣ ਨਹੀਂ ਹੋਈ ਤਾਂ ਕਾਨੂੰਨੀ ਪ੍ਰਕਿਰਿਆ ਅਨੁਸਾਰ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।


author

Gurminder Singh

Content Editor

Related News