ਸਰਕਾਰ ਕੋਰੋਨਾ 'ਚ ਮਸਰੂਫ ਸੀ, ਇਸ ਲਈ ਹੋਈ ਜ਼ਹਿਰੀਲੀ ਸ਼ਰਾਬ ਦੀ ਘਟਨਾ : ਤ੍ਰਿਪਤ ਬਾਜਵਾ
Tuesday, Aug 04, 2020 - 01:54 AM (IST)

ਚੰਡੀਗੜ੍ਹ,(ਅਸ਼ਵਨੀ)–ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਸਰਕਾਰ ਦਾ ਬਚਾਅ ਕਰਨ ਆਏ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਕ ਅਜੀਬ ਬਿਆਨ ਦਿੱਤਾ ਹੈ। ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਸਣੇ ਕੁਝ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਾਜਵਾ ਨੇ ਕਿਹਾ ਕਿ ਸਰਕਾਰ ਕੋਰੋਨਾ ਸੰਕਟ ਵਿਚ ਉਲਝ ਗਈ ਸੀ। ਇਸ ਲਈ ਗੈਰ-ਸਮਾਜਿਕ ਅਨਸਰਾਂ ਕਾਰਨ ਜ਼ਹਿਰੀਲੀ ਸ਼ਰਾਬ ਕਾਰਨ ਇਹ ਹਾਦਸਾ ਵਾਪਰਿਆ। ਬਾਜਵਾ ਨੇ ਕਿਹਾ ਕਿ ਕੋਰੋਨਾ ਸੰਕਟ ਕਾਰਨ ਪੂਰਾ ਪ੍ਰਬੰਧਕੀ ਤੰਤਰ ਅਤੇ ਖਾਸ ਤੌਰ 'ਤੇ ਪੁਲਸ ਪ੍ਰਸ਼ਾਸਨ ਮਸਰੂਫ਼ ਸੀ। ਗੈਰ-ਸਮਾਜਿਕ ਅਨਸਰਾਂ ਨੇ ਇਸ ਦਾ ਫਾਇਦਾ ਚੁੱਕਿਆ। ਉਨ੍ਹਾਂ ਕਿਹਾ ਕਿ ਇਹ ਬੇਹੱਦ ਮੰਦਭਾਗੀ ਘਟਨਾ ਹੈ। ਸਰਕਾਰ ਇਸ ਮਾਮਲੇ ਵਿਚ ਕਾਫੀ ਸਖਤ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਸੂਰਤ ਵਿਚ ਬਖਸ਼ਿਆ ਨਹੀਂ ਜਾਵੇਗਾ।
ਬਾਜਵਾ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਰਾਜਨੀਤਕ ਪਾਰਟੀਆਂ ਨੂੰ ਰਾਜਨੀਤੀ ਤੋਂਂ ਪ੍ਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਫੋਟੋ ਦਿਖਾ ਕੇ ਰਾਜਨੀਤੀ ਕਰਨਾ ਠੀਕ ਨਹੀਂ ਹੈ। ਰਾਜਨੇਤਾਵਾਂ ਨਾਲ ਕਈਆਂ ਦੀ ਤਸਵੀਰ ਹੁੰਦੀ ਹੈ। ਅਕਾਲੀ ਦਲ ਦੇ ਨੇਤਾਵਾਂ ਦੀਆਂ ਵੀ ਕਈ ਤਸਵੀਰਾਂ ਉਪਲਬਧ ਹਨ ਅਤੇ ਕਾਂਗਰਸ ਦੇ ਨੇਤਾਵਾਂ ਦੀਆਂ ਕਈ ਤਸਵੀਰਾਂ ਵੀ ਜਨਤਕ ਹਨ। ਉਥੇ ਹੀ, ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੇ ਕਈ ਵਿਧਾਇਕਾਂ 'ਤੇ ਦੋਸ਼ ਲਾਏ ਹਨ, ਜੋ ਠੀਕ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਬਾਦਲ ਖੁਦ ਐਕਸਾਈਜ਼ ਵਿਭਾਗ ਸੰਭਾਲ ਚੁੱਕੇ ਹਨ, ਇਸ ਲਈ ਉਨ੍ਹਾਂ ਨੂੰ ਵਿਭਾਗ ਦੀ ਕਾਰਜ ਪ੍ਰਣਾਲੀ ਦੀ ਪੂਰੀ ਜਾਣਕਾਰੀ ਹੈ, ਇਸ ਲਈ ਉਨ੍ਹਾਂ ਨੂੰ ਦੋਸ਼ਾਂ ਤੋਂ ਬਚਣਾ ਚਾਹੀਦਾ ਹੈ। ਰਾਜ ਸਭਾ ਮੈਬਰਾਂ ਦੇ ਪੱਤਰ ਦੀ ਕੋਈ ਜਾਣਕਾਰੀ ਨਹੀਂ
ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਵਲੋਂ ਰਾਜਪਾਲ ਨੂੰ ਦਿੱਤੇ ਮੀਮੋ 'ਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮੈਂਬਰਾਂ ਨੇ ਆਪਣੇ ਪੱਤਰ ਵਿਚ ਕੀ ਲਿਖਿਆ ਹੈ, ਇਹ ਤਾਂ ਉਨ੍ਹਾਂ ਦੀ ਆਪਣੀ ਰਾਏ ਹੈ ਪਰ ਜਿੱਥੋਂ ਤਕ ਸਵਾਲ ਸਰਕਾਰ ਨੂੰ ਨਾਜਾਇਜ਼ ਸ਼ਰਾਬ ਬਾਰੇ ਲਿਖੇ ਪੱਤਰਾਂ ਦਾ ਹੈ ਤਾਂ ਉਨ੍ਹਾਂ ਨੂੰ ਇਸ ਗੱਲ ਦੀ ਕੋਈ ਜਾਣਕਾਰੀ ਨਹੀਂ ਹੈ ਕਿ ਇਨ੍ਹਾਂ ਮੈਂਬਰਾਂ ਨੇ ਸਰਕਾਰ ਨੂੰ ਕੋਈ ਪੱਤਰ ਭੇਜਿਆ ਹੈ।