ਬੇਰੁਜ਼ਗਾਰ ਈ. ਟੀ. ਟੀ. TET ਪਾਸ ਅਧਿਆਪਕਾਂ ਨੇ ਕੀਤਾ CM ਮਾਨ ਦੀ ਰਿਹਾਇਸ਼ ਦਾ ਘਿਰਾਓ

04/09/2022 7:32:01 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਪਿਛਲੇ ਪੰਜ ਸਾਲਾਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਸੂਬਾ ਪੱਧਰੀ ਸੱਦੇ ਤਹਿਤ ਅੱਜ ਬੀ. ਐੱਸ. ਐੱਨ. ਐੱਲ. ਪਾਰਕ ਸੰਗਰੂਰ ਵਿਖੇ ਵੱਡੀ ਗਿਣਤੀ ਇਕੱਠੇ ਹੋਏ। ਸੈਂਕੜਿਆਂ ਦੀ ਗਿਣਤੀ ’ਚ ਇਕੱਠੇ ਹੋ ਕੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬੀ. ਐੱਸ. ਐੱਨ. ਐੱਲ. ਪਾਰਕ ਤੋਂ ਫੁਹਾਰਾ ਚੌਕ ਹੁੰਦਿਆਂ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਪੈਦਲ ਮਾਰਚ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਪ੍ਰਸ਼ਾਸਨ ਵੱਲੋਂ ਦੋ ਵਾਰ ਬੇਰੁਜ਼ਗਾਰ ਅਧਿਆਪਕਾਂ ਨੂੰ ਰਸਤੇ ਵਿਚ ਰੋਕ ਕੇ ਮੀਟਿੰਗ ਕਰਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪ੍ਰਸ਼ਾਸਨ ਦੇ ਝੂਠੇ ਲਾਰਿਆਂ ਨੂੰ ਦਰਕਿਨਾਰ ਕਰਦਿਆਂ ਮੁੱਖ ਮੰਤਰੀ ਦੀ ਰਿਹਾਇਸ਼ ਤਕ ਮਾਰਚ ਕੀਤਾ ਗਿਆ। ਜਦੋਂ ਬੇਰੁਜ਼ਗਾਰ ਅਧਿਆਪਕ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਪਹੁੰਚੇ ਤਾਂ ਭਾਰੀ ਪੁਲਸ ਫੋਰਸ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ, ਜਿਥੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਕੁਲਦੀਪ ਖੋਖਰ, ਜੱਗਾ ਬੋਹਾ, ਰਾਜਵਿੰਦਰ ਗੁਰਦਾਸਪੁਰ, ਜਰਨੈਲ ਸੰਗਰੂਰ, ਮਨੀ ਸੰਗਰੂਰ,  ਗੁਰਪ੍ਰੀਤ ਗੁਰਾਇਆ, ਨਿਰਮਲ ਜ਼ੀਰਾ, ਪ੍ਰਿਥਵੀ ਅਬੋਹਰ, ਅਮੀਤ ਜਲਾਲਾਬਾਦ, ਹੈਪੀ ਜਲਾਲਾਬਾਦ ਤੇ ਸੋਨੀਆ ਪਟਿਆਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਨਾਲਾਇਕੀਆਂ ਕਾਰਨ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀਆਂ 6635 ਤੇ 2364 ਪੋਸਟਾਂ ਕੋਰਟ ਕੇਸ ’ਚ ਫਸੀਆਂ ਹੋਈਆਂ ਹਨ ਪਰ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੋਰਟ ’ਚ ਭਰਤੀਆਂ ਨੂੰ ਬਾਹਰ ਕੱਢਣ ਲਈ ਕੋਈ ਵੀ ਪਹਿਲਕਦਮੀ ਨਹੀਂ ਕੀਤੀ ਜਾ ਰਹੀ ਤੇ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ 16 ਦਸੰਬਰ ਨੂੰ ਜਾਰੀ ਹੋ ਚੁੱਕਾ ਸੀ ਪਰ ਉਸ ਦਾ ਹਾਲੇ ਤੱਕ ਆਨਲਾਈਨ ਪੋਰਟਲ ਵੀ ਨਹੀਂ ਖੋਲ੍ਹਿਆ ਗਿਆ।

ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨ ਕੇ ਜਲਦੀ ਹੱਲ ਕਰੇ, ਨਹੀਂ ਤਾਂ ਆਉਣ ਵਾਲੇ ਸਮੇਂ ’ਚ ਤਿੱਖੇ ਸੰਘਰਸ਼ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ। ਖ਼ਬਰ ਲਿਖੇ ਜਾਣ ਤੱਕ ਬੇਰੁਜ਼ਗਾਰਾਂ ਦਾ ਇਹ ਧਰਨਾ ਜਾਰੀ ਸੀ।

Manoj

This news is Content Editor Manoj