ਮੌੜ ਬੰਬ ਕਾਂਡ ਦੇ ਪੀੜ੍ਹਤ ਪਰਿਵਾਰਾਂ ਨੂੰ ਜਲਦ ਮਿਲੇਗਾ ਇਨਸਾਫ਼ : ਭੁਪਿੰਦਰ ਗੋਰਾ

03/25/2021 10:59:43 AM

ਕੋਟਕਪੂਰਾ (ਨਰਿੰਦਰ): ਬਠਿੰਡਾ ਦੇ ਕਾਂਗਰਸੀ ਆਗੂ ਭੁਪਿੰਦਰ ਸਿੰਘ ਗੋਰਾ ਵੱਲੋਂ ਆਪਣੇ ਸਾਥੀਆਂ ਸਮੇਤ ਬਹਿਬਲ ਦੇ ਗੁਰਦੁਆਰਾ ਸਾਹਿਬ ਵਿਖੇ ਬਰਗਾੜੀ ਬੇਅਦਬੀ ਕਾਂਡ ਨੂੰ ਲੈ ਕੇ ਸਿੱਖ ਕੌਮ ਨੂੰ ਇਨਸਾਫ ਮਿਲਣ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਤੋਂ ਬਾਅਦ ਸਥਾਨਕ ਬਠਿੰਡਾ ਰੋਡ ’ਤੇ ਸਥਿਤ ਇਕ ਨਿੱਜੀ ਹੋਟਲ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ।ਇਸ ਮੌਕੇ ਭੁਪਿੰਦਰ ਸਿੰਘ ਗੋਰਾ ਨੇ ਕਿਹਾ ਕਿ ਜੇਕਰ ਅਸਲੀਅਤ ਸਾਹਮਣੇ ਆ ਜਾਣ ਦੇ ਬਾਵਜੂਦ ਵੀ ਮੌੜ ਬੰਬ ਕਾਂਡ ਅਤੇ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲਦੀਆਂ ਤਾਂ ਪੀੜਤ ਪਰਿਵਾਰਾਂ ਅਤੇ ਆਮ ਲੋਕਾਂ ਦਾ ਜਾਂਚ ਕਮਿਸ਼ਨਾਂ ਅਤੇ ਐੱਸ. ਆਈ. ਟੀਜ਼ ਵਰਗੀਆਂ ਏਜੰਸੀਆਂ ਤੋਂ ਵਿਸ਼ਵਾਸ਼ ਉੱਠ ਜਾਣਾ ਸੁਭਾਵਿਕ ਹੈ।

ਭੁਪਿੰਦਰ ਸਿੰਘ ਗੋਰਾ ਨੇ ਕਿਹਾ ਕਿ ਜਦੋਂ ਤੱਕ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੌੜ ਬੰਬ ਕਾਂਡ ਅਤੇ ਬਰਗਾੜੀ ਬੇਅਦਬੀ ਕਾਂਡ ਵਿਚ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਉਸਦੀ ਡੂੰਘਾਈ ਨਾਲ ਪੁੱਛਗਿੱਛ ਨਹੀਂ ਕੀਤੀ ਜਾਂਦੀ, ਉਦੋਂ ਤੱਕ ਜਾਂਚ ਅਧੂਰੀ ਰਹੇਗੀ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਮਿਲਣ ਦੀ ਕੋਈ ਸੰਭਾਵਨਾ ਨਹੀਂ ਬਣ ਸਕਦੀ। ਉਨ੍ਹਾਂ ਦੱਸਿਆ ਕਿ ਉਸ ਨੇ ਮੌੜ ਬੰਬ ਬਲਾਸਟ ਅਤੇ ਬਰਗਾੜੀ ਬੇਅਦਬੀ ਕਾਂਡ ਦੇ ਪੀੜਤਾਂ ਨੂੰ ਇਨਸਾਫ ਅਤੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਮਾਨਯੋਗ ਹਾਈਕੋਰਟ ਵਿਚ ਤਿੰਨ ਰਿੱਟ ਪਟੀਸ਼ਨਾਂ ਵੀ ਦਾਇਰ ਕੀਤੀਆਂ ਹੋਈਆਂ ਹਨ, ਜਿਸ ਕਰ ਕੇ ਮੇਰੇ ਕਤਲ ਕਰਨ ਲਈ ਡੇਰੇ ਦੇ ਪ੍ਰਬੰਧਕਾਂ ਵੱਲੋਂ ਬਕਾਇਦਾ ਧਮਕੀ ਭਰੇ ਪੱਤਰ ਭੇਜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਈ.ਜੀ. ਕੁੰਵਰਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਐੱਸ. ਆਈ. ਟੀ. ਵੱਲੋਂ 9 ਚਲਾਨ ਰਿਪੋਰਟਾਂ ਅਦਾਲਤ ਵਿਚ ਪੇਸ਼ ਕਰ ਕੇ ਮੁਕੰਮਲ ਦਸਤਾਵੇਜ਼ ਅਦਾਲਤ ਨੂੰ ਸੌਂਪ ਦਿੱਤੇ ਹਨ ਅਤੇ ਹੁਣ ਪੀੜਤ ਪਰਿਵਾਰਾਂ ਨੂੰ ਇਨਸਾਫ ਮਿਲਣ ਦੀ ਪੂਰੀ ਆਸ ਬਣ ਗਈ ਹੈ।

Shyna

This news is Content Editor Shyna