ਵਿਜੀਲੈਂਸ ਬਿਊਰੋ ਨੇ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
Saturday, Oct 01, 2022 - 02:53 PM (IST)

ਜਲਾਲਾਬਾਦ (ਸੁਮਿਤ, ਟੀਨੂੰ, ਨਿਖੰਜ, ਜਤਿੰਦਰ, ਜ. ਬ.) - ਸੂਬੇ ’ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਨੇ ਇਕ ਪ੍ਰਾਇਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਸ ਅਧਿਕਾਰੀਆਂ ਵਲੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਤਲਾਸ਼ੀ ਦੌਰਾਨ ਉਸ ਕੋਲੋਂ 32 ਬੋਰ ਦਾ ਇਕ ਰਿਵਾਲਵਰ, 1 ਕਾਰ ਅਤੇ 2 ਮੋਬਾਇਲ ਬਰਾਮਦ ਹੋਏ ਹਨ, ਜਿਨ੍ਹਾਂ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪ੍ਰਾਇਵੇਟ ਵਿਅਕਤੀ ਸੁਖਜਿੰਦਰ ਸਿੰਘ ਵਾਸੀ ਪਿੰਡ ਚੱਕ ਰੋੜੀਵਾਲਾ (ਤੰਬੂਵਾਲਾ), ਤਹਿਸੀਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਨੂੰ ਸੰਦੀਪ ਸਿੰਘ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ’ਚ ਵੱਡੀ ਵਾਰਦਾਤ:ਪੁਰਾਣੀ ਰੰਜਿਸ਼ ਦੇ ਤਹਿਤ ਤਰਨਤਾਰਨ ਦੇ ਨੌਜਵਾਨ ਦਾ ਤਾਬੜਤੋੜ ਗੋਲੀਆਂ ਮਾਰ ਕੇ ਕਤਲ
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਦੋਸ਼ੀ ਸੁਖਜਿੰਦਰ ਸਿੰਘ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ 04-08-2022 ਤਹਿਤ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਦਰਜ ਰਿਸ਼ਵਤਖੋਰੀ ਦੇ ਮਾਮਲੇ ’ਚ ਸ਼ਿਕਾਇਤਕਰਤਾ ਸੀ, ਜੋ ਸਵਰਨ ਰਾਣੀ, ਜੂਨੀਅਰ ਇੰਜੀਨੀਅਰ, ਮਗਨਰੇਗਾ, ਫਾਜ਼ਿਲਕਾ ਵਿਰੁੱਧ ਦਰਜ ਕੀਤਾ ਗਿਆ ਸੀ। ਇਸ ਮਾਮਲੇ ’ਚ ਵਿਜੀਲੈਂਸ ਬਿਊਰੋ ਵਲੋਂ ਪਹਿਲਾਂ ਸਵਰਨ ਰਾਣੀ ਨੂੰ ਇਸੇ ਪ੍ਰਾਈਵੇਟ ਵਿਅਕਤੀ ਤੋਂ 25,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਸੀ।
ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ਦੇ ਝਬਾਲ ’ਚ ਚੜ੍ਹਦੀ ਸਵੇਰ ਵਾਪਰੀ ਵਾਰਦਾਤ: ਪੁੱਤ ਨੇ ਪਿਓ ਦਾ ਗੋਲੀ ਮਾਰ ਕੀਤਾ ਕਤਲ
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਸੰਦੀਪ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਗਾਇਆ ਹੈ ਕਿ ਉਕਤ ਕੇਸ ਦੇ ਨਿਪਟਾਰੇ ਲਈ ਦੋਸ਼ੀ ਸੁਖਜਿੰਦਰ ਸਿੰਘ ਪੁਲਸ ਅਧਿਕਾਰੀਆਂ ਉਸ ਕੋਲੋਂ 15 ਲੱਖ ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਸੀ ਪਰ ਸੌਦਾ 11 ਲੱਖ ਰੁਪਏ ’ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਸੰਦੀਪ ਸਿੰਘ ਜੂਨੀਅਰ ਇੰਜੀਨੀਅਰ ਸਵਰਨ ਰਾਣੀ ਦਾ ਭਰਾ ਹੈ। ਬੁਲਾਰੇ ਨੇ ਦੱਸਿਆ ਕਿ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ (ਈ. ਓ. ਡਬਲਯੂ.), ਲੁਧਿਆਣਾ ਦੀ ਵਿਜੀਲੈਂਸ ਟੀਮ ਨੇ ਦੋਸ਼ੀ ਸੁਖਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਇਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਐੱਫ. ਆਈ. ਆਰ. ਨੰਬਰ 11, ਮਿਤੀ 30-09-2022 ਅਧੀਨ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7-ਏ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ ਪੁਲਸ ਸਟੇਸ਼ਨ, ਲੁਧਿਆਣਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ : ਪੱਟੀ ’ਚ ਰੂਹ ਕੰਬਾਊ ਵਾਰਦਾਤ: ਰਿਸ਼ਤੇਦਾਰੀ 'ਚ ਗਏ 2 ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ