ਪਿੰਡ ਖਿਆਲੀ ''ਚ ਅੱਗ ਲੱਗਣ ਨਾਲ 10 ਏਕੜ ਕਣਕ ਦੀ ਖੜ੍ਹੀ ਫਸਲ ਸੜ ਕੇ ਸੁਆਹ
Sunday, Apr 10, 2022 - 05:51 PM (IST)
ਮਹਿਲ ਕਲਾਂ/ਸ਼ੇਰਪੁਰ (ਵਿਜੈ ਕੁਮਾਰ ਸਿੰਗਲਾ) : ਪਿੰਡ ਖਿਆਲੀ ਵਿਖੇ 2 ਕਿਸਾਨਾਂ ਦੀ ਕਣਕ ਦੀ ਖੜ੍ਹੀ ਫਸਲ ਨੂੰ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ 10 ਏਕੜ ਫਸਲ ਤੇ 2 ਏਕੜ ਨਾੜ ਸੜ ਕੇ ਸੁਆਹ ਹੋ ਗਿਆ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬਾਅਦ ਦੁਪਹਿਰ ਕਰੀਬ 12 ਵਜੇ ਜਦੋਂ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਅੱਗ ਲੱਗਣ ਦੀ ਭਿਣਕ ਪਈ ਤਾਂ ਪਿੰਡ ਖਿਆਲੀ, ਸਹੌਰ, ਮਹਿਲ ਕਲਾਂ, ਮਹਿਲ ਖੁਰਦ, ਮਾਂਗੇਵਾਲ, ਠੁੱਲੀਵਾਲ ਅਤੇ ਕੁਰੜ ਦੇ ਲੋਕ ਟਰੈਕਟਰਾਂ, ਮੋਟਰਸਾਈਕਲਾਂ ਤੇ ਗੱਡੀਆਂ 'ਤੇ ਸਵਾਰ ਹੋ ਕੇ ਘਟਨਾ ਸਥਾਨ 'ਤੇ ਪੁੱਜੇ ਅਤੇ ਅੱਗ 'ਤੇ ਕਾਬੂ ਪਾਉਣ ਲਈ ਜੱਦੋ-ਜਹਿਦ ਕਰਨ ਲੱਗੇ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
ਇਹ ਵੀ ਪੜ੍ਹੋ : ਕੈਨੇਡਾ ਤੇ ਜਰਮਨ ਦਾ ਵੀਜ਼ਾ ਲਵਾਉਣ ਦਾ ਝਾਂਸਾ ਦੇ ਕੇ ਟਰੈਵਲ ਏਜੰਟਾਂ ਨੇ ਠੱਗੇ 23 ਲੱਖ
ਇਸ ਮੌਕੇ ਗੱਲਬਾਤ ਕਰਦਿਆਂ ਪਟਵਾਰੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਕੁਲਵੰਤ ਸਿੰਘ ਪੁੱਤਰ ਚਰਨ ਸਿੰਘ ਦੀ 6 ਏਕੜ ਅਤੇ ਰਾਮ ਸਿੰਘ ਲੱਖਾ ਦੀ 3 ਏਕੜ ਸਮੇਤ ਕੁੱਲ 12 ਏਕੜ ਰਕਬਾ ਅੱਗ ਦੀ ਲਪੇਟ ਵਿਚ ਆਇਆ ਹੈ। ਅੱਗ ਨਾਲ ਤਬਾਹ ਹੋਈ ਕਣਕ ਦੀ ਫ਼ਸਲ ਦੀ ਪੂਰੀ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਜਾਵੇਗੀ ਅਤੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿਵਾਇਆ ਜਾਵੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ, ਸਾਬਕਾ ਸਰਪੰਚ ਖਿਆਲੀ ਰਾਜਾ ਰਾਮ ਬੱਗੂ ਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਨੇ ਪੰਜਾਬ ਸਰਕਾਰ ਤੋਂ ਕਿਸਾਨਾਂ ਨੂੰ 60 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਅਤੇ ਹਲਕਾ ਮਹਿਲ ਕਲਾਂ ਅੰਦਰ ਇਕ ਫਾਇਰ ਬ੍ਰਿਗੇਡ ਦੇਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ : ਕਾਂਗਰਸ ਵਿਧਾਇਕ ਦਲ ਦਾ ਨੇਤਾ ਬਣ ਬਾਜਵਾ ਨੇ ਮਾਝਾ ਬ੍ਰਿਗੇਡ ਨੂੰ ਦਿੱਤੀ ਪਟਕਣੀ
ਉਨ੍ਹਾਂ ਕਿਹਾ ਕਿ ਦੋਵੇਂ ਹੀ ਕਿਸਾਨ ਠੇਕੇ 'ਤੇ ਜ਼ਮੀਨ ਲੈ ਕੇ ਖੇਤੀ ਕਰ ਰਹੇ ਹਨ। ਅੱਜ ਉਨ੍ਹਾਂ ਦੀ ਪੁੱਤਾਂ ਵਾਂਗ ਪਾਲ਼ੀ ਕਣਕ ਦੀ ਫਸਲ ਤਬਾਹ ਹੋ ਗਈ। ਪਹਿਲਾਂ ਹੀ ਆਰਥਿਕ ਤੰਗੀ ਨਾਲ ਜੂਝ ਰਹੇ ਇਨ੍ਹਾਂ ਕਿਸਾਨਾਂ ਦੀ ਸਰਕਾਰ ਨੂੰ ਬਾਂਹ ਫੜਨੀ ਚਾਹੀਦੀ ਹੈ। ਇਸ ਮੌਕੇ ਪੁਲਸ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਯਾਦਵਿੰਦਰ ਸਿੰਘ ਤੇ ਪੁਲਸ ਥਾਣਾ ਮਹਿਲ ਕਲਾਂ ਦੇ ਮੁੱਖ ਅਫਸਰ ਗੁਰਮੇਲ ਸਿੰਘ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਕਿਸਾਨਾਂ ਨੂੰ ਖੇਤਾਂ 'ਚ ਸੁਚੇਤ ਰਹਿਣ ਅਤੇ ਤੂੜੀ ਕੁਝ ਦਿਨ ਲੇਟ ਬਣਾਉਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਫਾਇਰ ਬ੍ਰਿਗੇਡ ਦੀ ਗੱਡੀ ਭਾਵੇਂ ਜ਼ਰੂਰ ਪਹੁੰਚੀ ਪਰ ਬਰਨਾਲਾ ਤੋਂ ਆਉਣ ਕਰਕੇ ਲੇਟ ਹੋ ਗਈ।