ਇਕਾਂਤਵਾਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਜੁਰਮਾਨਾ ਕਰ ਤੁਰੰਤ ਕੀਤੀ ਜਾਵੇ FIR: ਡੀ. ਸੀ

06/01/2020 10:19:20 PM

ਸੰਗਰੂਰ, (ਸਿੰਗਲਾ) - ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਅੱਜ ਜ਼ਿਲ੍ਹਾ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਘਰ ਇਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ।   ਉਨ੍ਹਾਂ ਕਿਹਾ ਕਿ ਘਰ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਇੱਕ ਬੇਹੱਦ ਗੰਭੀਰ ਮਸਲਾ ਹੈ ਅਤੇ ਇਸ ਨਿਯਮ ਨੂੰ ਤੋੜਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਣਾ ਜ਼ਰੂਰੀ ਹੈ। ਸ੍ਰੀ ਥੋਰੀ ਨੇ ਹਦਾਇਤ ਕੀਤੀ ਕਿ ਘਰ ਇਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਨੂੰ 2,000 ਰੁਪਏ ਜੁਰਮਾਨਾ ਕਰਨ ਦੇ ਨਾਲ-ਨਾਲ ਉਸ ਵਿਰੁੱਧ ਤੁਰੰਤ ਐਫ.ਆਈ.ਆਰ ਦਰਜ ਕੀਤੀ ਜਾਵੇ। ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨਾਲ ਅੱਜ ਸ਼ਾਮ ਵੀਡੀਓ ਕਾਨਫਰੰਸ ਰਾਹੀਂ ਮਿਲੀਆਂ ਹਦਾਇਤਾਂ ਦੀ ਰੌਸ਼ਨੀ ਵਿੱਚ ਸ਼੍ਰੀ ਥੋਰੀ ਨੇ ਕਿਹਾ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਇਹ ਜ਼ਰੂਰੀ ਹੈ ਕਿ ਹਰ ਵਿਅਕਤੀ ਜਨਤਕ ਥਾਵਾਂ 'ਤੇ ਜਾਣ ਸਮੇਂ ਮਾਸਕ ਪਹਿਨੇ ਅਤੇ ਉਚਿਤ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰੇ।
ਜ਼ਿਲ੍ਹਾ ਪੁਲਸ ਮੁਖੀ ਡਾ ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ, ਸਹਾਇਕ ਕਮਿਸ਼ਨਰ ਅੰਕੁਰ ਮਹਿੰਦਰੂ, ਸਿਵਲ ਸਰਜਨ ਡਾ ਰਾਜ ਕੁਮਾਰ, ਸਹਾਇਕ ਕਮਿਸ਼ਨਰ ਅੰਡਰ ਟ੍ਰੇਨਿੰਗ ਦੇਵਦਰਸ਼ਦੀਪ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਉਪਾਸਨਾ ਅਤੇ ਡਾ. ਸਨਵੀਰ ਸਮੇਤ ਵੀਡੀਓ ਕਾਨਫਰੰਸ ਵਿੱਚ ਸ਼ਾਮਲ ਹੁੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਸਰਕਾਰ ਵੱਲੋਂ ਜਾਰੀ ਸਲਾਹਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਾਇਬ ਤਹਿਸੀਲਦਾਰ,  ਬੀ.ਡੀ.ਪੀ.ਓ.,  ਏ.ਐੱਸ.ਆਈ. ਤੇ ਇਸ ਅਹੁਦੇ ਤੋਂ ਉੱਪਰਲੇ ਸਮੂਹ ਅਧਿਕਾਰੀ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੋਂ ਐਪੀਡੈਮਿਕ ਡਿਜ਼ੀਜ ਐਕਟ 1897 ਦੇ ਨਿਯਮਾਂ ਤਹਿਤ ਜੁਰਮਾਨਾ ਵਸੂਲ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਜਨਤਕ ਥਾਂ ਤੇ ਮਾਸਕ ਨਹੀਂ ਪਹਿਨਦਾ ਤਾਂ ਉਸ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਤੇ ਜਨਤਕ ਥਾਂ 'ਤੇ ਥੁੱਕਣ ਵਾਲੇ ਨੂੰ ਵੀ 500 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।
ਇਸ ਮੌਕੇ ਐਸ ਐਸ ਪੀ ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਸਰਕਾਰ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ।

Bharat Thapa

This news is Content Editor Bharat Thapa