ਨਸ਼ਿਆਂ ਵਿਰੁੱਧ ਜੰਗ : ਪੰਜਾਬ ਪੁਲਸ ਨੇ ਦਹਾਕਿਆਂ ਤੋਂ ਫਰਾਰ ਭਗੌੜਿਆਂ ਨੂੰ ਕੀਤਾ ਕਾਬੂ

08/16/2022 5:10:50 PM

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਐੱਨ. ਡੀ. ਪੀ. ਐੱਸ. ਐਕਟ ਦੇ ਕੇਸਾਂ ’ਚ ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ 7ਵੇਂ ਹਫ਼ਤੇ ’ਚ ਦਾਖ਼ਲ ਹੋਣ ਨਾਲ ਇਸ ਮੁਹਿੰਮ ਤਹਿਤ ਪੰਜਾਬ ਪੁਲਸ ਵੱਲੋਂ ਪਿਛਲੇ ਹਫ਼ਤੇ ਦੌਰਾਨ ਅਜਿਹੇ 45 ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨਾਲ ਭਗੌੜਿਆਂ ਦੀਆਂ ਹਫ਼ਤਾਵਾਰੀ ਗ੍ਰਿਫ਼ਤਾਰੀਆਂ ’ਚ ਕਾਫ਼ੀ ਵਾਧਾ ਹੋਇਆ ਹੈ। ਦੱਸਣਯੋਗ ਹੈ ਕਿ 5 ਜੁਲਾਈ, 2022 ਤੋਂ ਹੁਣ ਤੱਕ ਐੱਨ. ਡੀ. ਪੀ. ਐੱਸ. ਐਕਟ ਦੇ ਕੇਸਾਂ ’ਚ ਕੁੱਲ 186 ਭਗੌੜੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ’ਚੋਂ 46 ਅਪਰਾਧੀ ਸੂਬੇ ਤੋਂ ਬਾਹਰੋਂ ਕਾਬੂ ਕੀਤੇ ਗਏ ਹਨ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਇੰਸਪੈਕਟਰ ਜਨਰਲ ਆਫ ਪੁਲਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਸ ਟੀਮਾਂ ਨੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਉਨ੍ਹਾਂ ਭਗੌੜਿਆਂ ਨੂੰ ਵੀ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ, ਜੋ 1980 ਤੇ 1990 ਦੇ ਦਹਾਕੇ ਤੋਂ ਗ੍ਰਿਫ਼ਤਾਰੀ ਤੋਂ ਬਚ ਰਹੇ ਸਨ।

ਉਨ੍ਹਾਂ ਉਦਾਹਰਣਾਂ ਦਿੰਦਿਆਂ ਦੱਸਿਆ ਕਿ ਗੁਰਦੀਪ ਸਿੰਘ ਉਰਫ਼ ਕਾਕੂ ਵਾਸੀ ਕੋਟਲਾ ਹੁਸ਼ਿਆਰਪੁਰ, ਜਿਸ ਨੂੰ ਨਵੰਬਰ 1985 ’ਚ ਭਗੌੜਾ ਐਲਾਨਿਆ ਗਿਆ ਸੀ, ਨੂੰ ਲੁਧਿਆਣਾ ਕਮਿਸ਼ਨਰੇਟ ਪੁਲਸ ਨੇ, 1988 ਤੋਂ ਭਗੌੜੇ ਅਮਰਜੀਤ ਸਿੰਘ ਨੂੰ ਫ਼ਤਿਹਗੜ੍ਹ ਸਾਹਿਬ ਪੁਲਸ ਅਤੇ 1989 ’ਚ ਭਗੌੜਾ ਐਲਾਨੇ ਗਏ ਮਹਿੰਦਰ ਸਿੰਘ ਵਾਸੀ ਡਬਲਖੇੜੀ, ਹਰਿਆਣਾ ਨੂੰ ਸੰਗਰੂਰ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ 1990 ਦੇ ਦਹਾਕੇ ਤੋਂ ਫਰਾਰ ਘੱਟੋ-ਘੱਟ ਤਿੰਨ ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਨਸ਼ਿਆਂ ਬਾਰੇ ਹਫਤਾਵਾਰੀ ਅਪਡੇਟ ਦਿੰਦਿਆਂ ਆਈ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਸ ਨੇ ਸੂਬੇ ਭਰ ’ਚ ਪਿਛਲੇ ਹਫ਼ਤੇ ਦੌਰਾਨ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐੱਨ.ਡੀ.ਪੀ.ਐੱਸ.) ਐਕਟ ਤਹਿਤ 251 ਐੱਫ.ਆਈ.ਆਰਜ਼, ਜਿਨ੍ਹਾਂ ’ਚ 22 ਵਪਾਰਕ ਮਾਮਲੇ ਵੀ ਸ਼ਾਮਲ ਹਨ, ਦਰਜ ਕਰਕੇ 335 ਨਸ਼ਾ ਸਮੱਗਲਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਸੂਬੇ ਭਰ ’ਚ ਸੰਵੇਦਨਸ਼ੀਲ ਰਸਤਿਆਂ ’ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਖੇਤਰਾਂ ’ਚ ਘੇਰਾਬੰਦੀ ਕਰਕੇ 9.76 ਕਿਲੋ ਹੈਰੋਇਨ, 8.68 ਕਿਲੋ ਅਫੀਮ, 11.56 ਕਿਲੋ ਗਾਂਜਾ, 9 ਕੁਇੰਟਲ ਭੁੱਕੀ, 49 ਹਜ਼ਾਰ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਬਰਾਮਦ ਕਰਨ ਤੋਂ ਇਲਾਵਾ 40.50 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਆਈ. ਜੀ. ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਸ ਨਸ਼ਾ ਸਮੱਗਲਰਾਂ/ਸਪਲਾਇਰਾਂ ’ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਪਹਿਲਾਂ ਹੀ ਨਸ਼ਿਆਂ ਦੇ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਹਰ ਸੰਭਵ ਯਤਨ ਕਰ ਰਹੀ ਹੈ।

 


Manoj

Content Editor

Related News