ਨਵੇਂ ਪ੍ਰਧਾਨ ਦੀ ਤਲਾਸ਼ ''ਚ ਕਾਂਗਰਸ, ਕੀ ਹੋਵੇਗਾ ਸਿੱਧੂ ਦਾ ਭਵਿੱਖ

03/17/2022 2:42:59 PM

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ 'ਚ ਕਾਂਗਰਸ ਨੇ ਨਵੇਂ ਪ੍ਰਧਾਨ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਦੀ ਰਾਸ਼ਟਰ ਪ੍ਰਧਾਨ ਸੋਨੀਆ ਗਾਂਧੀ ਨੇ ਬੁੱਧਵਾਰ ਨੂੰ ਦਿੱਲੀ 'ਚ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਤੇ ਸੂਬਾ ਪ੍ਰਧਾਨਾਂ ਬਾਰੇ ਰਾਇ ਲੈਣ ਤੋਂ ਬਾਅਦ ਹਾਰ ਦੇ ਕਾਰਨਾਂ ਦੀ ਸਮੀਖਿਆ ਵੀ ਕੀਤੀ। ਪੰਜਾਬ 'ਚ ਸੱਤਾ ਤੋਂ ਬਾਹਰ ਹੋਣ ਤੋਂ ਬਾਅਦ ਕਾਂਗਰਸ ਵਿੱਚ ਹਾਹਾਕਾਰ ਮਚੀ ਹੋਈ ਹੈ। ਸੋਨੀਆ ਗਾਂਧੀ ਨੇ ਪੰਜਾਬ ਸਣੇ 5 ਸੂਬਿਆਂ ਦੇ ਪਾਰਟੀ ਪ੍ਰਧਾਨਾਂ ਕੋਲੋਂ ਅਸਤੀਫ਼ਾ ਤੱਕ ਮੰਗ ਲਿਆ ਹੈ। ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਸੋਨੀਆ ਗਾਂਧੀ ਨੂੰ ਆਪਣਾ ਇਕ ਲਾਈਨ ਦਾ ਅਸਤੀਫ਼ਾ ਦੇ ਦਿੱਤਾ ਹੈ।

ਇਹ ਵੀ ਪੜ੍ਹੋ : 3 ਨੂੰ ਛੱਡ ਕਾਂਗਰਸ ਨਾਲ ਸੰਬੰਧਿਤ ਹਨ ਵਿਧਾਇਕ ਬਣੇ ਸਾਰੇ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਰਿਸ਼ਤੇਦਾਰ

ਇਨ੍ਹਾਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਬਾਅਦ ਕਾਂਗਰਸ ਦੇ ਕਈ ਦਿੱਗਜਾਂ ਦੇ ਸਿਆਸੀ ਭਵਿੱਖ ਨੂੰ ਵੀ ਖਤਰੇ 'ਚ ਪਾ ਦਿੱਤਾ ਹੈ। ਇਸ ਦੌਰਾਨ ਸਭ ਤੋਂ ਵੱਧ ਪ੍ਰਭਾਵ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਿਆ ਹੈ। ਉਨ੍ਹਾਂ ਤੋਂ ਇਲਾਵਾ 11 ਵਾਰ ਵਿਧਾਇਕ ਅਤੇ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਤੇ 2 ਵਾਰ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਵੀ ਚੋਣਾਂ ਵਿੱਚ ਹਾਰ ਗਏ। ਉਥੇ ਹੀ ਸਾਬਕਾ ਮੁੱਖ ਮੰਤਰੀ ਰਹੇ ਰਜਿੰਦਰ ਕੌਰ ਭੱਠਲ ਨੂੰ ਵੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਸਭ ਦਾ ਮੰਨਣਾ ਹੈ ਕਿ ਇਨ੍ਹਾਂ ਸਭ ਦਿੱਗਜਾਂ ਦਾ ਸਿਆਸੀ ਕਰੀਅਰ ਹੁਣ ਖਤਮ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ 'ਆਪ' ਦੀ ਸਰਕਾਰ ਬਣਦੇ ਹੀ 'ਪ੍ਰਕਾਸ਼ ਸਿੰਘ ਬਾਦਲ' ਨੇ ਲਿਆ ਵੱਡਾ ਫ਼ੈਸਲਾ

ਉਥੇ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਸਰਗਰਮ ਸਿਆਸਤ ਤੋਂ ਸੰਨਿਆਸ ਲੈ ਲਿਆ ਹੈ। ਹੁਣ ਸਿੱਧੂ ਦਾ ਨਾਂ ਵੀ ਇਨ੍ਹਾਂ ਦੀ ਸੂਚੀ 'ਚ ਸ਼ਾਮਲ ਹੋ ਗਿਆ ਹੈ। ਕ੍ਰਿਕਟਰ ਤੇ ਸਿਆਸਤਦਾਨ ਰਹੇ ਸਿੱਧੂ ਦੇ ਕੋਲ ਹੁਣ ਕੋਈ ਰਾਹ ਨਹੀਂ ਬਚਿਆ। ਇਸ ਵੇਲੇ ਕਾਂਗਰਸ ਦੇ ਸਾਰੇ ਵਿਧਾਇਕ ਸਿੱਧੂ ਦੇ ਖ਼ਿਲਾਫ਼ ਵੀ ਹਨ ਅਤੇ ਪਾਰਟੀ ਦੀ ਹਾਰ ਲਈ ਜ਼ਿੰਮੇਵਾਰ ਵੀ ਉਸ ਨੂੰ ਹੀ ਮੰਨ ਰਹੇ ਹਨ। ਸਿੱਧੂ ਦੇ ਕੋਲ ਹੁਣ ਦੂਜੀਆਂ ਪਾਰਟੀਆਂ ਵਿੱਚ ਜਾਣ ਦਾ ਵੀ ਵਿਕਲਪ ਨਹੀਂ ਹੈ। ਉਹ ਭਾਜਪਾ ਨੂੰ ਛੱਡ ਕੇ ਕਾਂਗਰਸ ਵਿੱਚ ਆਏ ਸਨ। ਕਾਂਗਰਸ 'ਚ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਵੀ ਛੱਡ ਦਿੱਤਾ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਉਨ੍ਹਾਂ ਦਾ ਸਿਆਸੀ ਵੈਰ ਹੈ। ਉਹ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਦੋ ਹੱਥ ਕਰ ਚੁੱਕੇ ਹਨ। ਇਨ੍ਹਾਂ ਕਾਰਨਾਂ ਕਰਕੇ ਸਿੱਧੂ ਕੋਲ ਹੁਣ ਕੋਈ ਰਾਹ ਨਹੀਂ ਬਚਿਆ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

Harnek Seechewal

This news is Content Editor Harnek Seechewal