ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ

07/05/2019 7:16:36 PM

ਮੋਗਾ (ਆਜ਼ਾਦ)— ਪਿੰਡ ਮਾਣੂੰਕੇ ਗਿੱਲ ਨਿਵਾਸੀ 19 ਸਾਲਾ ਨੌਜਵਾਨ ਲੜਕੇ ਮਨਪ੍ਰੀਤ ਸਿੰਘ ਉਰਫ ਮਨੀ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਹੱਤਿਆ ਕਰਨ ਦੇ ਬਾਅਦ ਲਾਸ਼ ਨੂੰ ਬੋਰੀ 'ਚ ਪਾ ਕੇ ਨਹਿਰ ਵਿਚ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਜ਼ਿਲਾ ਪੁਲਸ ਮੁਖੀ ਅਮਰਜੀਤ ਸਿੰਘ ਬਾਜਵਾ, ਡੀ.ਐੱਸ.ਪੀ. ਬਾਘਾਪੁਰਾਣਾ ਜਸਪਾਲ ਸਿੰਘ ਧਾਮੀ, ਥਾਣਾ ਬਾਘਾਪੁਰਾਣਾ ਦੇ ਮੁੱਖ ਅਫਸਰ ਇੰਸਪੈਕਟਰ ਮੁਖਤਿਆਰ ਸਿੰਘ ਪੁਲਸ ਪਾਰਟੀ ਸਣੇ ਮੌਕੇ 'ਤੇ ਪੁੱਜੇ ਅਤੇ ਜਾਂਚ ਦੇ ਇਲਾਵਾ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ।
ਇਸ ਸਬੰਧੀ ਡੀ.ਐੱਸ.ਪੀ. ਧਾਮੀ ਨੇ ਦੱਸਿਆ ਕਿ ਰੂਪ ਸਿੰਘ ਸਰਪੰਚ ਪਿੰਡ ਫੂਲੇਵਾਲਾ ਨੇ ਬਾਘਾਪੁਰਾਣਾ ਪੁਲਸ ਨੂੰ ਸੂਚਿਤ ਕੀਤਾ ਕਿ ਅਬੋਹਰ ਨਹਿਰ 'ਚੋਂ ਨਿਕਲਦੇ ਪਾਣੀ ਵਾਲੇ ਮੋਘੇ 'ਚ ਇਕ ਨੌਜਵਾਨ ਲੜਕੇ ਦੀ ਲਾਸ਼ ਪਈ ਹੈ, ਜਿਸ 'ਤੇ ਬਾਘਾਪੁਰਾਣਾ ਦੇ ਮੁੱਖ ਅਫਸਰ ਇੰਸਪੈਕਟਰ ਮੁਖਤਿਆਰ ਸਿੰਘ ਅਤੇ ਹੋਰ ਪੁਲਸ ਮੁਲਾਜ਼ਮ ਮੌਕੇ 'ਤੇ ਪੁੱਜੇ ਅਤੇ ਲਾਸ਼ ਨੂੰ ਬਾਹਰ ਕੱਢਿਆ ਅਤੇ ਪਛਾਣ ਕਰਨ ਦਾ ਯਤਨ ਕੀਤਾ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਜਗਸੀਰ ਸਿੰਘ ਨਿਵਾਸੀ ਪਿੰਡ ਮਾਣੂੰਕੇ ਗਿੱਲ ਵਜੋਂ ਹੋਈ, ਜੋ ਬੀਤੇ ਦਿਨ ਤੋਂ ਘਰੋਂ ਗਾਇਬ ਸੀ।
ਇਸ ਸਬੰਧੀ ਬਾਘਾਪੁਰਾਣਾ ਪੁਲਸ ਵੱਲੋਂ ਸਰਪੰਚ ਰੂਪ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਥਾਣਾ ਮੁਖੀ ਨੇ ਦੱਸਿਆ ਕਿ ਪੁੱਛਗਿੱਛ ਲਈ ਕਈ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ, ਜਲਦੀ ਹੀ ਇਸ ਕਤਲ ਮਾਮਲੇ ਦਾ ਪਰਦਾਫਾਸ਼ ਹੋਣ ਦੀ ਸੰਭਾਵਨਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ, ਜਲਦ ਹੀ ਕਾਤਲਾਂ ਦੇ ਕਾਬੂ ਆ ਜਾਣ ਦੀ ਸੰਭਾਵਨਾ ਹੈ।


KamalJeet Singh

Content Editor

Related News