ਸਾਦਿਕ ਚੌਕ ਨੇੜਿਓਂ ਦੇਸੀ ਕੱਟਾ ਤੇ 2 ਜ਼ਿੰਦਾ ਰੌਂਦਾਂ ਸਮੇਤ ਨੌਜਵਾਨ ਗ੍ਰਿਫਤਾਰ
Saturday, Aug 08, 2026 - 07:27 PM (IST)
ਫਰੀਦਕੋਟ, (ਰਾਜਨ)-ਥਾਣਾ ਸਿਟੀ ਕੋਤਵਾਲੀ-2 ਫਰੀਦਕੋਟ ਪੁਲਸ ਨੇ ਸਾਦਿਕ ਚੌਕ ਨੇੜੇ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਦੇਸੀ ਕੱਟੇ ਅਤੇ 2 ਜ਼ਿੰਦਾ ਰੌਂਦਾਂ ਸਮੇਤ ਕਾਬੂ ਕੀਤਾ ਹੈ। ਇਸ ਮਾਮਲੇ ਵਿਚ ਇਕ ਨਾਬਾਲਗ ਨੌਜਵਾਨ ਨੂੰ ਵੀ ਨਾਮਜ਼ਦ ਕੀਤਾ ਗਿਆ। ਪੁਲਸ ਨੇ ਦੋਵਾਂ ਖ਼ਿਲਾਫ ਮੁਕੱਦਮਾ ਦਰਜ ਕਰ ਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਸਮੇਤ ਪੁਲਸ ਪਾਰਟੀ ਸਾਦਿਕ ਚੌਕ ਨੇੜੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸੀ। ਇਸ ਦੌਰਾਨ ਮੁਖ਼ਬਰ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਇਕ ਵਿਅਕਤੀ ਨਾਜਾਇਜ਼ ਅਸਲੇ ਸਮੇਤ ਫ਼ਿਰੋਜ਼ਪੁਰ ਰੋਡ, ਫ਼ਰੀਦਕੋਟ ਵਿਖੇ ਘੁੰਮ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਦੱਸੇ ਗਏ ਵਿਅਕਤੀ ਨੂੰ ਕਾਬੂ ਕਰ ਲਿਆ।
ਕਾਬੂ ਕੀਤੇ ਵਿਅਕਤੀ ਦੀ ਪਛਾਣ ਸੰਦੀਪ ਸਿੰਘ ਵਾਸੀ ਕਬਰਵੱਛਾ ਰੋਡ, ਮੁੱਦਕੀ, ਜ਼ਿਲਾ ਫ਼ਿਰੋਜ਼ਪੁਰ ਵਜੋਂ ਹੋਈ। ਪੁਲਸ ਵੱਲੋਂ ਕਾਨੂੰਨੀ ਪ੍ਰਕਿਰਿਆ ਅਨੁਸਾਰ ਉਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ ਇਕ ਦੇਸੀ ਕੱਟਾ ਅਤੇ 2 ਜ਼ਿੰਦਾ ਰੌਂਦ ਬਰਾਮਦ ਹੋਏ। ਪੁਲਸ ਵੱਲੋਂ ਕੀਤੀ ਪੁੱਛਗਿੱਛ ਦੌਰਾਨ ਸਾਹਮਣੇ ਆਈ ਜਾਣਕਾਰੀ ਦੇ ਆਧਾਰ ’ਤੇ ਇਸ ਮਾਮਲੇ ਨਾਲ ਸਬੰਧਤ ਇਕ ਨਾਬਾਲਗ ਨੌਜਵਾਨ ਨਿਵਾਸੀ ਬਾਜ਼ੀਗਰ ਬਸਤੀ, ਫਰੀਦਕੋਟ ਨੂੰ ਵੀ ਨਾਮਜ਼ਦ ਕੀਤਾ ਗਿਆ। ਪੁਲਸ ਨੇ ਸੰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਉਸ ਦਾ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਉਧਰ, ਨਾਬਾਲਗ ਨੌਜਵਾਨ ਨੂੰ ਕਾਨੂੰਨੀ ਪ੍ਰਕਿਰਿਆ ਤਹਿਤ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਉਸ ਨੂੰ ਬਾਲ ਸੁਧਾਰ ਘਰ ਭੇਜ ਦਿੱਤਾ ਗਿਆ। ਪੁਲਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਜਾਇਜ਼ ਅਸਲੇ ਦੇ ਸਰੋਤ ਸਬੰਧੀ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
