ਕੰਬਾਈਨ ਦੀ ਸਫ਼ਾਈ ਦੌਰਾਨ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
Saturday, Apr 04, 2026 - 11:14 PM (IST)
ਭਵਾਨੀਗੜ੍ਹ (ਕਾਂਸਲ) : ਨੇੜਲੇ ਪਿੰਡ ਫੱਗੂਵਾਲਾ 'ਚ ਉਸ ਵੇਲੇ ਗਹਿਰਾ ਸੋਗ ਛਾ ਗਿਆ ਜਦੋਂ ਮੱਧ ਪ੍ਰਦੇਸ਼ ਵਿੱਚ ਕੰਮ ਕਰਨ ਲਈ ਗਏ ਪਿੰਡ ਦੇ ਇੱਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਦੁੱਖਦਾਈ ਖ਼ਬਰ ਮਿਲੀ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਰਾਜਵਿੰਦਰ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਪਿੰਡ ਫੱਗੂਵਾਲਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਛੋਟੇ ਭਰਾ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਦੋਵੇਂ ਭਰਾ ਮੱਧ ਪ੍ਰਦੇਸ਼ ਦੇ ਸਹੌਰ ਜ਼ਿਲ੍ਹੇ ਦੇ ਪਿੰਡ ਦੋਦੀ ਵਿੱਚ ਇੱਕ ਕੰਬਾਈਨ ‘ਤੇ ਕੰਮ ਕਰਦੇ ਸਨ ਅਤੇ ਕਰੀਬ ਡੇਢ ਮਹੀਨਾ ਪਹਿਲਾਂ ਘਰੋਂ ਰੋਜ਼ੀ-ਰੋਟੀ ਕਮਾਉਣ ਲਈ ਉੱਥੇ ਗਏ ਹੋਏ ਸਨ।
ਉਨ੍ਹਾਂ ਦੱਸਿਆ ਕਿ ਰਾਜਵਿੰਦਰ ਸਿੰਘ ਕੰਬਾਈਨ ‘ਤੇ ਹੈਲਪਰ ਦੇ ਤੌਰ ‘ਤੇ ਕੰਮ ਕਰਦਾ ਸੀ। ਲੰਘੇ ਦਿਨ ਕੰਬਾਈਨ ਦੀ ਸਫ਼ਾਈ ਦੌਰਾਨ ਅਚਾਨਕ ਉਸ ਨੂੰ ਤੇਜ਼ ਕਰੰਟ ਲੱਗ ਗਿਆ। ਤੁਰੰਤ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਉਨ੍ਹਾਂ ਹੋਰ ਦੱਸਿਆ ਕਿ ਉੱਥੇ ਪੁਲਸ ਕਾਰਵਾਈ ਪੂਰੀ ਕਰਨ ਉਪਰੰਤ ਮ੍ਰਿਤਕ ਦੀ ਲਾਸ਼ ਪਿੰਡ ਫੱਗੂਵਾਲਾ ਲਿਆਂਦੀ ਗਈ, ਜਿੱਥੇ ਪਰਿਵਾਰ ਵੱਲੋਂ ਅੱਖਾਂ ਭਰ ਕੇ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ।
ਦੱਸਿਆ ਜਾਂਦਾ ਹੈ ਕਿ ਮ੍ਰਿਤਕ ਆਪਣੇ ਪਿੱਛੇ ਵਿਧਵਾ ਪਤਨੀ ਅਤੇ ਦੋ ਪੁੱਤਰ ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਉਹ ਹਰ ਸਾਲ ਸੀਜ਼ਨ ਦੌਰਾਨ ਮੱਧ ਪ੍ਰਦੇਸ਼ ਵਿੱਚ ਕੰਬਾਈਨ ‘ਤੇ ਕੰਮ ਕਰਨ ਜਾਂਦੇ ਸਨ ਅਤੇ ਸੀਜਨ ਖਤਮ ਹੋਣ ਉਪਰੰਤ ਵਾਪਸ ਘਰ ਆ ਜਾਂਦੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
