ਨਸ਼ਿਆਂ ਦੀ ਭੇਟ ਚੜ੍ਹ ਰਹੇ ਨੌਜਵਾਨ, ਸਰਕਾਰ ਦੇ ਨਸ਼ਾ ਮੁਕਤੀ ਦੇ ਦਾਅਵਿਆਂ ਦੀ ਖੋਲ੍ਹੀ ਪੋਲ : ਸਾਂਪਲਾ
Monday, Nov 02, 2026 - 07:52 PM (IST)
ਚੰਡੀਗੜ੍ਹ, (ਅੰਕੁਰ) : ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਸੂਬੇ ’ਚ ਨਸ਼ਿਆਂ ਦਾ ਵਧਦਾ ਪ੍ਰਕੋਪ ਬੇਹੱਦ ਚਿੰਤਾਜਨਕ ਤੇ ਦਰਦਨਾਕ ਸਥਿਤੀ ਪੈਦਾ ਕਰ ਰਿਹਾ ਹੈ। ਨਸ਼ੇ ਦੀ ਲਤ ਕਾਰਨ ਪੱਟੀ ਸ਼ਹਿਰ ਦੇ ਦੋ ਸਕੇ ਭਰਾਵਾਂ ਕੁਲਦੀਪ ਸਿੰਘ ਤੇ ਸੋਨਾ ਸਿੰਘ ਤੇ ਕਸਬਾ ਧਾਰੀਵਾਲ ਦੇ ਪੰਕਜ ਕੁਮਾਰ ਦੀ ਮੌਤ ਦੀ ਸਾਹਮਣੇ ਆਈ ਘਟਨਾ ਨੇ ਇਕ ਵਾਰ ਫਿਰ ਆਪ ਸਰਕਾਰ ਦੇ ਨਸ਼ਾ ਮੁਕਤੀ ਸਬੰਧੀ ਵੱਡੇ-ਵੱਡੇ ਦਾਅਵਿਆਂ ਦੀ ਅਸਲੀਅਤ ਲੋਕਾਂ ਸਾਹਮਣੇ ਲਿਆ ਦਿੱਤੀ ਹੈ। ਇਹ ਸਿਰਫ਼ ਇਕ ਪਰਿਵਾਰ ਦੀ ਤ੍ਰਾਸਦੀ ਨਹੀਂ, ਸਗੋਂ ਪੰਜਾਬ ਦੇ ਭਵਿੱਖ ਲਈ ਗੰਭੀਰ ਚੇਤਾਵਨੀ ਹੈ।
ਸਾਂਪਲਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਵਾਅਦੇ ਕਰਨ ਵਾਲੀ ਆਪ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਨਤੀਜੇ ਦੇਣ ’ਚ ਨਾਕਾਮ ਦਿਖਾਈ ਦੇ ਰਹੀ ਹੈ। ਸਵਾਲ ਇਹ ਹੈ ਕਿ ਜਦੋਂ ਨੌਜਵਾਨ ਲਗਾਤਾਰ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਤੇ ਪਰਿਵਾਰਾਂ ਦੇ ਘਰਾਂ ਦੇ ਚਿਰਾਗ ਬੁੱਝ ਰਹੇ ਹਨ ਤਾਂ ਸਰਕਾਰ ਦੀਆਂ ਨਸ਼ਾ ਵਿਰੋਧੀ ਮੁਹਿੰਮਾਂ ਕਿੱਥੇ ਹਨ? ਉਨ੍ਹਾਂ ਕਿਹਾ ਕਿ ਸਿਰਫ਼ ਇਸ਼ਤਿਹਾਰਾਂ, ਬਿਆਨਾਂ ਤੇ ਫੋਟੋ ਸੈਸ਼ਨਾਂ ਨਾਲ ਨਸ਼ਿਆਂ ਦਾ ਖ਼ਾਤਮਾ ਨਹੀਂ ਹੋ ਸਕਦਾ। ਤਸਕਰਾਂ ਦੇ ਨੈੱਟਵਰਕ ਨੂੰ ਤੋੜਨਾ, ਵੱਡੇ ਸੌਦਾਗਰਾਂ ਵਿਰੁੱਧ ਸਖ਼ਤ ਕਾਰਵਾਈ ਤੇ ਨਸ਼ੇ ਦੇ ਆਦੀ ਨੌਜਵਾਨਾਂ ਦੇ ਇਲਾਜ ਤੇ ਮੁੜ ਵਸੇਬੇ ਲਈ ਪ੍ਰਭਾਵਸ਼ਾਲੀ ਪ੍ਰਬੰਧ ਕਰਨਾ ਸਮੇਂ ਦੀ ਮੁੱਖ ਲੋੜ ਹੈ। ਸਾਂਪਲਾ ਨੇ ਕਿ ਪੰਜਾਬ ਦੀ ਜਵਾਨੀ ਬਚਾਉਣਾ ਸਿਆਸਤ ਨਹੀਂ, ਸਗੋਂ ਹਰ ਸਰਕਾਰ ਦੀ ਨੈਤਿਕ ਤੇ ਸਮਾਜਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ਪੰਜਾਬ ’ਚ ਭਾਜਪਾ ਸਰਕਾਰ ਬਣਨ ’ਤੇ 31 ਦਸੰਬਰ 2029 ਤੱਕ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ।
