ਧਰਮ ਇਤਿਹਾਸ ਦਾ ਅਦੁੱਤੀ ਪੰਨਾ : ਸਾਕਾ ਸਰਹਿੰਦ
Tuesday, Dec 27, 2022 - 11:13 PM (IST)
ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਇਕ ਅਜਿਹਾ ਪੰਨਾ ਹੈ, ਜੋ ਦੁਖਦ ਹੁੰਦਾ ਹੋਇਆ ਵੀ ਗੁਰਮਤਿ ਜੀਵਨ-ਜੁਗਤਿ ਦੀ ਪ੍ਰੇਰਨਾ ਦਿੰਦਾ ਹੈ। ਜਿਸ ਸਮੇਂ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਨੂੰ ਸੂਬਾ ਸਰਹਿੰਦ ਦੇ ਹੁਕਮ ਨਾਲ ਜ਼ਿੰਦਾ ਨੀਂਹਾਂ ਵਿਚ ਚਿਣ ਕੇ ਸ਼ਹੀਦ ਕੀਤਾ ਗਿਆ ਤਾਂ ਸਾਹਿਬਜ਼ਾਦਿਆਂ ਦੀ ਉਮਰ ਭਾਵੇਂ ਬਹੁਤ ਛੋਟੀ ਸੀ ਪਰ ਉਨ੍ਹਾਂ ਦੀ ਦਲੇਰੀ ਅਤੇ ਸਿੱਖੀ ਪ੍ਰਤੀ ਦ੍ਰਿੜ੍ਹਤਾ ਪ੍ਰੌੜ ਉਮਰ ਤੋਂ ਘੱਟ ਨਹੀਂ ਸੀ।
ਸਾਹਿਬਜ਼ਾਦਿਆਂ ਨੇ ਜਿਸ ਦਲੇਰੀ, ਸਿਦਕਦਿਲੀ ਅਤੇ ਜ਼ਿੰਦਾਦਿਲੀ ਨਾਲ ਸੂਬੇ ਦੀ ਕਚਹਿਰੀ ਵਿਚ ਸਵਾਲਾਂ ਦੇ ਜਵਾਬ ਦਿੱਤੇ, ਉਸ ਵੱਲੋਂ ਧਰਮ ਛੱਡਣ ਖਾਤਿਰ ਦਿੱਤੇ ਜਾ ਰਹੇ ਲਾਲਚਾਂ ਨੂੰ ਠੁਕਰਾਇਆ ਅਤੇ ਸ਼ਹਾਦਤ ਨੂੰ ਕਬੂਲ ਕੀਤਾ, ਉਸ ਦਾ ਵਿਸ਼ਵ ਦੇ ਧਰਮ ਇਤਿਹਾਸ ਅੰਦਰ ਕੋਈ ਮੁਕਾਬਲਾ ਨਹੀਂ। ਇਸੇ ਲਈ ਗੁਰੂ ਸਾਹਿਬ ਦੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸਿੱਖ ਅਤੇ ਗੈਰ-ਸਿੱਖ ਇਤਿਹਾਸਕਾਰਾਂ ਨੇ ਅਦੁੱਤੀ ਕਿਹਾ ਹੈ।
ਕਹਿਰ ਦੀ ਠੰਡੀ ਰਾਤ ’ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਖਾਲਸੇ ਸਮੇਤ ਸ੍ਰੀ ਅਨੰਦਪੁਰ ਛੱਡਣਾ, ਸਰਸਾ ਨੇ ਰਸਤਾ ਰੋਕਣਾ, ਪਰਿਵਾਰ ਦਾ ਖੇਰੂੰ-ਖੇਰੂੰ ਹੋਣਾ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਆਦਿ ਸਭ ਘਟਨਾਵਾਂ ਸਿੱਖ ਇਤਿਹਾਸ ਦੇ ਵੱਡੇ ਪਹਿਲੂ ਹਨ। ਸਰਸਾ ਨੂੰ ਪਾਰ ਕਰਨ ਤੋਂ ਬਾਅਦ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਆਪ ਦੇ ਮਾਤਾ ਜੀ, ਸਾਹਿਬਜ਼ਾਦੇ ਅਤੇ ਆਪ ਜੀ ਦੇ ਮਹਿਲ ਸਭ ਵਿੱਛੜ ਗਏ। ਮਾਤਾ ਗੁਜਰੀ ਜੀ ਛੋਟੇ ਸਾਹਿਬਜ਼ਾਦਿਆਂ ਨਾਲ ਗੁਰੂ-ਘਰ ਦੇ ਰਸੋਈਏ ਗੰਗੂ ਨਾਲ ਉਸ ਦੇ ਪਿੰਡ ਖੇੜੀ (ਸਹੇੜੀ) ਆ ਗਏ। ਮਾਤਾ ਜੀ ਕੋਲ ਸੋਨੇ ਦੀਆਂ ਮੋਹਰਾਂ ਵੇਖ ਅਤੇ ਸਰਕਾਰੀ ਇਨਾਮ ਦੇ ਲਾਲਚ ’ਚ ਗੰਗੂ ਡੋਲ ਗਿਆ।
ਗੰਗੂ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੀ ਖ਼ਬਰ ਮੋਰਿੰਡੇ ਥਾਣੇ ਜਾ ਦਿੱਤੀ, ਜਿਥੇ ਸਾਹਿਬਜ਼ਾਦਿਆਂ ਨੂੰ ਮਾਤਾ ਜੀ ਸਮੇਤ ਗ੍ਰਿਫਤਾਰ ਕਰਕੇ ਸਰਹਿੰਦ ਦੇ ਸੂਬੇਦਾਰ ਵਜ਼ੀਰ ਖਾਨ ਦੇ ਹਵਾਲੇ ਕੀਤਾ ਗਿਆ। ਸੂਬੇਦਾਰ ਵਜ਼ੀਰ ਖਾਨ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਠੰਡੇ ਬੁਰਜ ਵਿਚ ਕੈਦ ਕਰ ਦਿੱਤਾ। ਕਹਿਰ ਦੀ ਸਰਦੀ ਵਿਚ ਭੁੱਖੇ-ਭਾਣੇ ਸਾਹਿਬਜ਼ਾਦੇ ਸਾਰੀ ਰਾਤ ਦਾਦੀ ਮਾਂ ਦੀ ਗੋਦ ਵਿਚ ਬੈਠੇ ਗੁਰੂ ਪਿਤਾ ਦੀ ਸੂਰਮਗਤੀ, ਦਾਦਿਆਂ-ਪੜਦਾਦਿਆਂ ਦੀਆਂ ਕੁਰਬਾਨੀ ਦੀਆਂ ਬਾਤਾਂ ਸੁਣਦੇ ਸਿੱਖੀ ਅਸੂਲਾਂ ’ਤੇ ਦ੍ਰਿੜ੍ਹ ਰਹਿਣ ਲਈ ਸਿੱਖਿਆ ਲੈਂਦੇ ਰਹੇ।
ਦਿਨ ਚੜ੍ਹਦਿਆਂ ਸਾਹਿਬਜ਼ਾਦਿਆਂ ਨੂੰ ਕਚਹਿਰੀ ’ਚ ਪੇਸ਼ ਕਰਨ ਦਾ ਹੁਕਮ ਹੋਇਆ। ਸਾਹਿਬਜ਼ਾਦੇ ਬੁਲੰਦ ਹੌਸਲੇ ਵਿਚ ਸਨ। ਮਾਤਾ ਗੁਜਰੀ ਜੀ ਨੇ ਬੱਚਿਆਂ ਨੂੰ ਤਿਆਰ ਕੀਤਾ। ਸਾਹਿਬਜ਼ਾਦਿਆਂ ਨੂੰ ਕਚਹਿਰੀ ’ਚ ਵਜ਼ੀਰ ਖਾਂ ਦੇ ਸਾਹਮਣੇ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਪਹਿਲਾਂ ਧਨ, ਦੌਲਤ, ਜਗੀਰਾਂ, ਸ਼ਾਹੀ ਡੋਲੀਆਂ ਦੇ ਲਾਲਚ ਦੇ ਕੇ ਇਸਲਾਮ ਧਰਮ ਧਾਰਨ ਕਰਨ ਲਈ ਕਿਹਾ ਗਿਆ ਪਰ ਕੋਮਲ ਜਿੰਦਾਂ ਦੇ ਚਿਹਰਿਆਂ ’ਤੇ ਸਿੱਖੀ ਪਿਆਰ, ਬਹਾਦਰੀ ਤੇ ਜੁਰਅਤ ਪ੍ਰਤੱਖ ਦਿਸ ਰਹੀ ਸੀ। ਸਾਹਿਬਜ਼ਾਦਿਆਂ ਦੇ ਅਡੋਲ ਚਿਤ ਰਹਿੰਦਿਆਂ ਰੋਅਬ ਭਰੇ ਜਵਾਬਾਂ ਨੇ ਸਭ ਨੂੰ ਕੰਬਣੀ ਛੇੜ ਦਿੱਤੀ।
ਸਾਹਿਬਜ਼ਾਦਿਆਂ ਨੂੰ ਇਸਲਾਮ ਧਾਰਨ ਕਰਵਾਉਣ ਲਈ ਲਗਾਤਾਰ ਲਾਲਚ, ਡਰਾਵੇ ਅਤੇ ਧਮਕੀਆਂ ਦਾ ਦੌਰ ਚਲਦਾ ਰਿਹਾ। ਪੇਸ਼ ਨਾ ਜਾਂਦੀ ਵੇਖ ਕੇ ਮੁੱਲਾ ਤੇ ਕਾਜ਼ੀਆਂ ਨੂੰ ਸਾਹਿਬਜ਼ਾਦਿਆਂ ਦੀ ਸਜ਼ਾ ਨਿਸ਼ਚਿਤ ਕਰਨ ਲਈ ਕਿਹਾ ਗਿਆ, ਜਿਸ ’ਤੇ ਉਨ੍ਹਾਂ ਸਾਹਿਬਜ਼ਾਦਿਆਂ ਨੂੰ ਨੀਂਹਾਂ ਵਿਚ ਚਿਣ ਕੇ ਸ਼ਹੀਦ ਕਰਨ ਦਾ ਹੁਕਮ ਸੁਣਾਇਆ। ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਖਬਰ ਸੁਣ ਕੇ ਮਾਤਾ ਗੁਜਰੀ ਜੀ ਵੀ ਠੰਡੇ ਬੁਰਜ ਵਿਚ ਗੁਰਪੁਰੀ ਪਿਆਨਾ ਕਰ ਗਏ। ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸਸਕਾਰ ਲਈ ਦੀਵਾਨ ਟੋਡਰ ਮੱਲ ਨੇ ਸੋਨੇ ਦੀਆਂ ਮੋਹਰਾਂ ਦੇ ਕੇ ਜ਼ਮੀਨ ਖਰੀਦੀ, ਜਿਸ ਸਥਾਨ ’ਤੇ ਗੁਰਦੁਆਰਾ ਜੋਤੀ ਸਰੂਪ ਸੁਭਾਇਮਾਨ ਹੈ।
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੇ ਸਿੱਖ ਸੰਘਰਸ਼ ਵਿਚ ਨਵੀਂ ਰੂਹ ਫੂਕ ਦਿੱਤੀ। ਦਸਮੇਸ਼ ਪਿਤਾ ਜੀ ਦਾ ਥਾਪੜਾ ਲੈ ਬਾਬਾ ਬੰਦਾ ਸਿੰਘ ਬਹਾਦਰ ਨੇ ਅਜਿਹੀ ਉਥਲ-ਪੁਥਲ ਲਿਆਂਦੀ ਕਿ ਮੁਗ਼ਲ ਸਾਮਰਾਜ ਦੀਆਂ ਜੜ੍ਹਾਂ ਹਿੱਲ ਗਈਆਂ। ਸਿੱਖ ਯੋਧਿਆਂ ਨੇ ਸਮੇਂ ਦੇ ਹੈਂਕੜਬਾਜ਼ ਵਜ਼ੀਰ ਖਾਂ ਅਤੇ ਉਸ ਦੇ ਦਰਬਾਰੀਆਂ ਦੀ ਜੋ ਦਸ਼ਾ ਕੀਤੀ, ਉਹ ਇਤਿਹਾਸ ਬਣ ਗਿਆ। ਇਸ ਸਾਕੇ ਪਿੱਛੋਂ ਖ਼ਾਲਸੇ ਨੇ ਸਿੱਖ ਰਾਜ ਦੀ ਮੰਜ਼ਿਲ ਵੀ ਸਰ ਕੀਤੀ।
ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਿੱਖ ਕੌਮ ਲਈ ਮਾਰਗ ਦਰਸ਼ਕ ਹੈ। ਇਹ ਸ਼ਹਾਦਤਾਂ ਸਾਨੂੰ ਸਿੱਖ ਧਰਮ ਦੀਆਂ ਉਚੀਆਂ-ਸੁੱਚੀਆਂ ਕਦਰਾਂ ਕੀਮਤਾਂ ’ਤੇ ਪਹਿਰਾ ਦੇਣ ਲਈ ਸਦਾ ਤਤਪਰ ਰਹਿਣ ਦੀ ਪ੍ਰੇਰਨਾ ਦਿੰਦੀਆਂ ਆ ਰਹੀਆਂ ਹਨ।
—ਐਡਵੋਕੇਟ ਹਰਜਿੰਦਰ ਸਿੰਘ ਧਾਮੀ