ਮੂੰਗੀ ਦੀ ਫਸਲ ਦੀ ਸੁਚੱਜੀ ਕਾਸ਼ਤ ਲਈ ਨੁਕਤੇ

Wednesday, Jul 25, 2018 - 03:36 PM (IST)

ਮੂੰਗੀ ਦੀ ਫਸਲ ਦੀ ਸੁਚੱਜੀ ਕਾਸ਼ਤ ਲਈ ਨੁਕਤੇ

ਸਾਉਣੀ ਵਿਚ ਦਾਲਾਂ ਖਾਸ ਕਰਕੇ ਮੂੰਗੀ ਦੀ ਦਾਲ ਦੀ ਕਾਸ਼ਤ ਕਰਕੇ ਝੋਨੇ ਹੇਠ ਰਕਬਾ ਘਟਾਇਆ ਜਾ ਸਕਦਾ ਹੈ। ਅਜਿਹਾ ਕਰਨ ਨਾਲ ਪਾਣੀ ਦੀ ਬਚਤ ਤਾਂ ਹੋਵੇਗੀ ਨਾਲ ਹੀ ਮਿੱਟੀ ਦੀ ਉਪਜਾਊ ਸ਼ਕਤੀ ਵਿਚ ਵਾਧਾ ਵੀ ਹੋਵੇਗਾ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਬਾਅਦ ਵਾਤਾਵਰਣ ਅਤੇ ਮਨੁੱਖੀ ਸਿਹਤ 'ਤੇ ਹੋਣ ਵਾਲੇ ਮਾੜੇ ਪ੍ਰਭਾਵ ਤੋਂ ਵੀ ਬਚਿਆ ਜਾ ਸਕਦਾ ਹੈ। ਮੁੰਗੀ ਉੱਚ-ਕੀਮਤ ਵਾਲੀ ਫਸਲ ਹੈ, ਇਸ ਨਾਲ ਮਿੱਟੀ ਸਿਹਤ ਵਿਚ ਸੁਧਾਰ ਵੀ ਹੁੰਦਾ ਹੈ। ਪੰਜਾਬ ਵਿਚ ਪਿਛਲੇ ਵਰ੍ਹੇ ਦੌਰਾਨ ਮੂੰਗੀ ਦੀ ਕਾਸ਼ਤ 4.8 ਹਜ਼ਾਰ ਹੈਕਟੇਅਰ ਰਕਬੇ ਵਿਚ ਕੀਤੀ ਗਈ ਅਤੇ ਇਸ ਦਾ ਕੁੱਲ ਉਤਪਾਦਨ 4.0 ਹਜ਼ਾਰ ਟਨ ਹੋਇਆ। ਇਸ ਦਾ ਔਸਤ ਝਾੜ 3.31 ਕੁਇੰਟਲ ਪ੍ਰਤੀ ਏਕੜ ਸੀ। 
ਮੂੰਗੀ ਦੀਆਂ ਉੱਨਤ ਕਿਸਮਾਂ
1. ਐਮ ਐਲ 2056: ਇਸ ਕਿਸਮ ਦੇ ਬੂਟੇ ਸਿੱਧੇ ਅਤੇ ਉਚਾਈ ਤਕਰੀਬਨ 78 ਸੈਂਟੀਮੀਟਰ ਹੁੰਦੀ ਹੈ। ਹਰੇਕ ਫ਼ਲੀ ਵਿਚ ਤਕਰੀਬਨ 11-12 ਦਾਣੇ ਹੁੰਦੇ ਹਨ। ਇਹ ਕਿਸਮ ਦੀ ਪੀਲੀ ਚਿਤਕਬਰੀ ਅਤੇ ਪੱਤਿਆਂ ਦੇ ਧੱਬਿਆਂ ਦੇ ਰੋਗ ਦਾ ਟਾਕਰਾ ਕਰਨ ਦੀ ਸਮੱਰਥਾ ਰੱਖਦੀ ਹੈ। ਇਹ ਕਿਸਮ ਤਕਰੀਬਨ 71 ਦਿਨਾਂ ਵਿਚ ਪੱਕ ਜਾਂਦੀ ਹੈ ਅਤੇ ਦਾਲ ਸੁਆਦ ਬਣਦੀ ਹੈ। ਇਸ ਕਿਸਮ ਦਾ ਔਸਤਨ ਝਾੜ ਤਕਰੀਬਨ 4.6 ਕੁਇੰਟਲ ਪ੍ਰਤੀ ਏਕੜ ਹੈ।
2. ਐਮ ਐਲ ਡੀ ਐਫ ਇਸ ਦੇ ਬੂਟੇ ਖੜ੍ਹਵੇਂ ਅਤੇ ਦਰਮਿਆਨੇ ਤਕਰੀਬਨ 75 ਸੈਂਟੀਮੀਟਰ ਕੱਦ ਦੇ ਹੁੰਦੇ ਹਨ। ਹਰ ਇਕ ਫ਼ਲੀ ਵਿਚ ਤਕਰੀਬਨ 10-11 ਦਾਣੇ ਪੈਂਦੇ ਹਨ। ਇਹ ਕਿਸਮ ਪੀਲੀ ਚਿਤਕਬਰੀ ਅਤੇ ਧੱਬਿਆਂ ਦੇ ਰੋਗ ਦਾ ਮੁਕਾਬਲਾ ਕਰਨ ਦੀ ਸਮਰੱਥਾ ਰੱਖਦੀ ਹੈ। ਇਹ ਕਿਸਮ ਤਕਰੀਬਨ 72 ਦਿਨਾਂ ਵਿਚ ਪੱਕ ਜਾਂਦੀ ਹੈ। ਇਸ ਦੇ ਦਾਣੇ ਹਰੇ ਰੰਗ ਦੇ ਚਮਕੀਲੇ ਹੁੰਦੇ ਹਨ ਅਤੇ ਦਾਲ ਸੁਆਦ ਬਣਦੀ ਹੈ। ਇਸ ਕਿਸਮ ਦਾ ਔਸਤਨ ਝਾੜ ਤਕਰੀਬਨ 4.2 ਕੁਇੰਟਲ ਪ੍ਰਤੀ ਏਕੜ ਹੈ ।
ਮੂੰਗੀ ਦੀ ਕਾਸ਼ਤ ਦੇ ਢੰਗ:
ਜ਼ਮੀਨ ਦੀ ਤਿਆਰੀ: ਖੇਤ ਨੂੰ 2-3 ਵਾਰ ਵਾਹ ਕੇ ਸੁਹਾਗਾ ਮਾਰ ਕੇ ਤਿਆਰ ਕਰੋ। ਖੇਤ ਪੱਧਰਾ ਹੋਣਾ ਜ਼ਰੂਰੀ ਹੈ। ਮੂੰਗੀ ਦੀ ਬਿਜਾਈ ਬਿਨਾਂ ਖੇਤ ਵਾਹੇ ਜ਼ੀਰੋ ਟਿਲ ਡਰਿੱਲ ਨਾਲ ਵੀ ਕੀਤੀ ਜਾ ਸਕਦੀ ਹੈ। 
ਬਿਜਾਈ ਦਾ ਸਮਾਂ: ਬਿਜਾਈ ਜੁਲਾਈ ਦੇ ਦੂਜੇ ਪੰਦਰ੍ਹਵਾੜੇ ਵਿਚ ਕਰੋ ।
ਬੀਜ ਦੀ ਮਾਤਰਾ : 8 ਕਿਲੋ ਬੀਜ ਪ੍ਰਤੀ ਏਕੜ ਵਰਤੋ । 
ਬੀਜ ਨੂੰ ਟੀਕਾ ਲਾਉਣਾ: ਮੂੰਗੀ ਨੂੰ ਬਿਜਾਈ ਵੇਲੇ ਸਿਫ਼ਾਰਸ਼ ਕੀਤਾ ਰਾਈਜ਼ੋਬੀਅਮ ਕਲਚਰ (ਟੀਕਾ) ਲਾਉ। ਇਕ ਏਕੜ ਲਈ ਸਿਫ਼ਾਰਸ਼ ਕੀਤੇ ਬੀਜ ਦੀ ਮਾਤਰਾ ਨੂੰ ਥੋੜ੍ਹਾ ਜਿਹਾ ਪਾਣੀ ਲਾ ਕੇ ਗਿੱਲਾ ਕਰ ਲਉ ਅਤੇ ਇਸ ਵਿਚ ਟੀਕੇ ਵਾਲੀ ਮਿੱਟੀ ਨੂੰ ਚੰਗੀ ਤਰ੍ਹਾਂ ਰਲਾ ਲਉ। ਛਾਵੇਂ ਪੱਕੇ ਫ਼ਰਸ਼ ਤੇ ਖਿਲਾਰ ਕੇ ਸੁਕਾ ਲਉ ਅਤੇ ਛੇਤੀ ਬੀਜ ਦਿਉ। ਇਸ ਟੀਕੇ ਨਾਲ ਝਾੜ ਵਿਚ 12-16 ਪ੍ਰਤੀਸ਼ਤ ਵਾਧਾ ਹੁੰਦਾ ਹੈ। ਦਵਾਈ ਨਾਲ ਸੋਧੇ ਬੀਜ ਨੂੰ ਟੀਕਾ ਲਾਇਆ ਜਾ ਸਕਦਾ ਹੈ। ਇਹ ਟੀਕਾ ਪੀ ਏ ਯੂ ਦੀ ਬੀਜਾਂ ਦੀ ਦੁਕਾਨ, ਗੇਟ ਨੰ: 1 ਅਤੇ ਵੱਖੋ ਵੱਖਰੇ ਜ਼ਿਲ੍ਹਿਆਂ ਵਿਚ ਕ੍ਰਿਸ਼ੀ ਵਿਗਿਆਨ/ਫ਼ਾਰਮ ਸਲਾਹਕਾਰ ਸੇਵਾ ਕੇਂਦਰਾਂ ਤੇ ਮਿਲਦਾ ਹੈ। 
ਬੀਜ ਦੀ ਸੋਧ: ਬੀਜ ਤੋਂ ਲੱਗਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਬੀਜ ਨੂੰ ਕੈਪਟਾਨ ਜਾਂ ਥੀਰਮ (ਟੈਟਰਾਮੀਥਾਈਲ ਥਾਈਯੂਰਮ ਡਾਈਸਲਫਾਈਡ) 3 ਗ੍ਰਾਮ ਪ੍ਰਤੀ ਕਿਲੋ ਲਗਾ ਕੇ ਬੀਜੋ। 
ਬਿਜਾਈ ਦਾ ਢੰਗ: ਕਤਾਰ ਤੋਂ ਕਤਾਰ ਦਾ ਫ਼ਾਸਲਾ 30 ਸੈਂਟੀਮੀਟਰ ਅਤੇ ਬੂਟੇ ਤੋਂ ਬੂਟੇ ਦਾ ਫ਼ਾਸਲਾ 10 ਸੈਂਟੀਮੀਟਰ ਰੱਖੋ ਅਤੇ ਬੀਜ ਡਰਿਲ/ਪੋਰੇ/ਕੇਰੇ ਨਾਲ 4 ਤੋਂ 6 ਸੈਂਟੀਮੀਟਰ ਡੂੰਘਾ ਬੀਜੋ। ਵਧੇਰੇ ਝਾੜ ਲੈਣ ਲਈ ਦੋ ਪਾਸੀ ਬਿਜਾਈ ਕਰੋ ਭਾਵ ਫ਼ਸਲ ਨੂੰ ਦੋਹਾਂ ਪਾਸਿਆਂ ਤੋਂ 30 ਸੈਂਟੀਮੀਟਰ ਵਿਥ ਵਾਲੇ ਸਿਆੜਾਂ ਵਿਚ ਅੱਧਾ ਬੀਜ ਇਕ ਵਾਰ ਅਤੇ ਅੱਧਾ ਬੀਜ ਦੂਜੀ ਵਾਰ ਵਰਤ ਕੇ ਬਿਜਾਈ ਕਰੋ । 
ਬਿਨਾ ਵਹਾਈ ਬਿਜਾਈ: ਮੂੰਗੀ ਬਿਨਾਂ ਵਾਹੇ ਜ਼ੀਰੋ ਟਿੱਲ ਡਰਿੱਲ ਨਾਲ ਬੀਜੀ ਜਾ ਸਕਦੀ ਹੈ। ਜਿਨ੍ਹਾਂ ਖੇਤਾਂ ਵਿਚ ਨਦੀਨ ਜ਼ਿਆਦਾ ਹੋਣ ਉੱਥੇ ਬਿਜਾਈ ਤੋਂ ਪਹਿਲਾਂ ਪ੍ਰਤੀ ਏਕੜ ਦੇ ਹਿਸਾਬ ਨਾਲ 500 ਮਿਲੀਲਿਟਰ ਗ੍ਰਾਮੈਕਸੋਨ 24 ਐਸ ਐਲ (ਪੈਰਾਕੁਐਟ) ਨੂੰ 200 ਲਿਟਰ ਪਾਣੀ ਵਿਚ ਮਿਲਾ ਕੇ ਛਿੜਕਣ ਨਾਲ ਉਨ੍ਹਾਂ ਦੀ ਰੋਕਥਾਮ ਕਰ ਸਕਦੇ ਹਾਂ। 
ਬੈੱਡਾਂ ਉੱਤੇ ਬਿਜਾਈ : ਮੂੰਗੀ ਦੀ ਬਿਜਾਈ ਬੈੱਡਾਂ ਉੱਤੇ ਵੀ ਕੀਤੀ ਜਾ ਸਕਦੀ ਹੈ। ਦਰਮਿਆਨੀਆਂ ਅਤੇ ਭਾਰੀਆਂ ਜ਼ਮੀਨਾਂ ਉੱਤੇ ਮੂੰਗੀ ਦੀ ਬਿਜਾਈ ਕਣਕ ਲਈ ਵਰਤੇ ਜਾਂਦੇ ਬੈੱਡ ਪਲਾਂਟਰ ਨਾਲ 67.5 ਸੈਂਟੀਮੀਟਰ ਵਿੱਥ ਤੇ ਤਿਆਰ ਕੀਤੇ ਬੈੱਡਾਂ ਉੱਤੇ ਕਰਨੀ ਚਾਹੀਦੀ ਹੈ। ਮੂੰਗੀ ਦੀਆਂ ਦੋ ਕਤਾਰਾਂ ਪ੍ਰਤੀ ਬੈੱਡ 20 ਸੈਂਟੀਮੀਟਰ ਫ਼ਾਸਲੇ ਤੇ ਬੀਜੋ। ਬੀਜ, ਖਾਦ ਦੀ ਮਾਤਰਾ ਅਤੇ ਬਾਕੀ ਕਾਸ਼ਤਕਾਰੀ ਢੰਗ ਉਹੀ ਵਰਤਣੇ ਹਨ ਜੋ ਕਿ ਮੂੰਗੀ ਦੀ ਪੱਧਰੀ (ਆਮ) ਬਿਜਾਈ ਲਈ ਸਿਫਾਰਸ਼ ਕੀਤੇ ਗਏ ਹਨ। ਬੈੱਡ ਉੱਤੇ ਬਿਜਾਈ ਕਰਨ ਨਾਲ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਭਾਰੇ ਮੀਂਹ ਤੋਂ ਹੋਣ ਵਾਲੇ ਨੁਕਸਾਨ ਤੋਂ ਵੀ ਫ਼ਸਲ ਬਚਦੀ ਹੈ। 
ਨਦੀਨਾਂ ਦੀ ਰੋਕਥਾਮ: ਪਹਿਲੀ ਗੋਡੀ ਬਿਜਾਈ ਤੋਂ 4 ਹਫ਼ਤੇ ਪਿੱਛੋਂ ਅਤੇ ਦੂਜੀ (ਜੇ ਲੋੜ ਪਵੇ) ਉਸ ਤੋਂ 2 ਹਫ਼ਤੇ ਪਿੱਛੋਂ ਕਰੋ ਜਾਂ 1.0 ਲਿਟਰ ਪ੍ਰਤੀ ਏਕੜ ਸਟੌਂਪ 30 ਈ ਸੀ (ਪੈਂਡੀਮੈਥਾਲੀਨ) ਦਾ ਛਿੜਕਾਅ ਬਿਜਾਈ ਤੋਂ 2 ਦਿਨਾਂ ਦੇ ਅੰਦਰ ਕਰੋ ਜਾਂ 600 ਮਿਲੀਲਿਟਰ ਪ੍ਰਤੀ ਏਕੜ ਸਟੌਂਪ 30 ਈ ਸੀ ਦੀ ਵਰਤੋਂ ਕਰਕੇ ਬਿਜਾਈ ਤੋਂ 4 ਹਫ਼ਤਿਆਂ ਪਿੱਛੋਂ ਇਕ ਗੋਡੀ ਕਰੋ। ਛਿੜਕਾਅ ਲਈ 200 ਲਿਟਰ ਪਾਣੀ ਦੀ ਵਰਤੋ ਕਰੋ। 
ਸਿੰਚਾਈ: ਜੇਕਰ ਔੜ ਲੱਗ ਜਾਵੇ ਤਾਂ ਫ਼ਸਲ ਨੂੰ ਪਾਣੀ ਦਿਉ। 
ਖਾਦਾਂ: ਬਿਜਾਈ ਸਮੇਂ ਪ੍ਰਤੀ ਏਕੜ 4 ਕਿਲੋ ਨਾਈਟ੍ਰੋਜਨ ਅਤੇ 16 ਕਿਲੋ ਫ਼ਾਸਫ਼ੋਰਸ ਤੱਤ ਡਰਿੱਲ ਕਰ ਦਿਉ।
ਵਾਢੀ ਅਤੇ ਗਹਾਈ: ਫ਼ਸਲ ਦੀ ਵਾਢੀ ਉਸ ਵੇਲੇ ਕਰੋ ਜਦੋਂ ਤਕਰੀਬਨ 80 ਪ੍ਰਤੀਸ਼ਤ ਫ਼ਲੀਆਂ ਪੱਕ ਜਾਣ, ਵਾਢੀ ਦਾਤਰੀ ਨਾਲ ਕਰੋ। ਬੂਟਿਆਂ ਨੂੰ ਪੁੱਟਣਾ ਠੀਕ ਨਹੀਂ। ਗਹਾਈ ਲਈ ਕਿੱਲੀਆਂ ਵਾਲਾ ਕਣਕ ਦਾ ਥਰੈਸ਼ਰ ਕੁਝ ਤਬਦੀਲੀਆਂ ਕਰਕੇ ਵਰਤਿਆ ਜਾ ਸਕਦਾ ਹੈ। ਜੇਕਰ ਕੰਬਾਈਨ ਨਾਲ ਮੂੰਗੀ ਦੀ ਵਾਢੀ ਕਰਨੀ ਹੋਵੇ ਤਾਂ ਜਦੋਂ ਤਕਰੀਬਨ 10 ਪ੍ਰਤੀਸ਼ਤ ਫ਼ਲੀਆਂ ਪੱਕ ਜਾਣ ਤਾਂ 800 ਮਿਲੀਲਿਟਰ ਗ੍ਰਾਮੈਕਸੋਨ 24 ਐਸ ਐਲ (ਪੈਰਾਕੁਐਟ) ਪ੍ਰਤੀ ਏਕੜ 200 ਲਿਟਰ ਪਾਣੀ ਵਿਚ ਘੋਲ ਕੇ ਛਿੜਕੋ ਤਾਂ ਜੋ ਪੱਤੇ ਅਤੇ ਤਣੇ ਸੁੱਕ ਜਾਣ।
ਡਾ. ਬਲਵਿੰਦਰ ਸਿੰਘ ਢਿੱਲੋਂ 
(+9194654-20097)


Related News