ਮੋਗਾ ਪੁਲਸ ਵਲੋਂ ਹੈਰੋਇਨ, ਸ਼ਰਾਬ ਅਤੇ ਲਾਹਣ ਸਮੇਤ 3 ਕਾਬੂ

03/26/2024 6:21:37 PM

ਮੋਗਾ (ਆਜ਼ਾਦ) : ਨਸ਼ੀਲੇ ਪਦਾਰਥਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਮੋਗਾ ਪੁਲਸ ਨੇ ਹੈਰੋਇਨ, ਸ਼ਰਾਬ ਅਤੇ ਲਾਹਣ ਸਮੇਤ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ, ਜਦਕਿ ਦੋ ਕਾਬੂ ਨਹੀਂ ਆ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਣਾ ਦੀ ਮੁੱਖ ਅਫਸਰ ਅਰਸ਼ਪ੍ਰੀਤ ਕੌਰ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਦਵਿੰਦਰਜੀਤ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸਤ ਕਰਦੇ ਹੋਏ ਪਿੰਡ ਰੌਲੀ ਦੇ ਕੋਲ ਜਾ ਰਹੇ ਸੀ ਤਾਂ ਗੁਪਤ ਸੂਚਨਾ ਦੇ ਆਧਾਰ ’ਤੇ ਜਗਦੀਪ ਸਿੰਘ ਉਰਫ ਗਗਨ ਨਿਵਾਸੀ ਪਿੰਡ ਬਹਿਕ ਗੁੱਜਰਾਂ ਫਿਰੋਜ਼ਪੁਰ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਕਤ ਖ਼ਿਲਾਫ ਐੱਨ. ਡੀ. ਪੀ. ਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ।

ਇਸੇ ਤਰ੍ਹਾਂ ਥਾਣਾ ਸਿਟੀ ਸਾਊਥ ਮੋਗਾ ਦੇ ਮੁੱਖ ਅਫਸਰ ਇੰਸਪੈਕਟਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਰਣਜੀਤ ਸਿੰਘ ਪੁਲਸ ਪਾਰਟੀ ਸਮੇਤ ਗੁਰਦੁਆਰਾ ਅਕਾਲਸਰ ਨੇੜੇ ਜਾ ਰਹੇ ਸੀ ਤਾਂ ਗੁਪਤ ਸੂਚਨਾ ਦੇ ਅਧਾਰ ’ਤੇ ਅਮਰਜੀਤ ਸਿੰਘ ਨਿਵਾਸੀ ਨਜਦੀਕ ਅਕਾਲਸਰ ਗੁਰਦੁਆਰਾ ਮੋਗਾ ਨੂੰ ਕਾਬੂ ਕਰ ਕੇ ਉਸ ਕੋਲੋਂ 12 ਬੋਤਲਾਂ ਸ਼ਰਾਬ ਠੇਕਾ ਮਾਰਕਾ ਚੰਡੀਗੜ੍ਹ ਬਰਾਮਦ ਕੀਤੀਆਂ। ਪੁਲਸ ਨੂੰ ਸੂਚਨਾਂ ਮਿਲੀ ਸੀ ਕਿ ਕਥਿਤ ਮੁਲਜ਼ਮ ਬਾਹਰਲੇ ਰਾਜਾਂ ਤੋਂ ਸ਼ਰਾਬ ਲਿਆ ਕੇ ਵੇਚਣ ਦਾ ਧੰਦਾ ਕਰਦਾ ਹੈ। ਕਥਿਤ ਮੁਲਜ਼ਮ ਖ਼ਿਲਾਫ਼ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਜਗਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸਤ ਕਰ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਮਹਿਲਾ ਪੁਲਸ ਕਰਮਚਾਰੀ ਨੇ ਸੁਰਜੀਤ ਕੌਰ ਨਿਵਾਸੀ ਪਿੰਡ ਦੋਲੇਵਾਲਾ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ, ਜਿਸ ਖ਼ਿਲਾਫ਼ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰਨ ਦੇ ਬਾਅਦ ਉਸ ਨੂੰ ਬਰ ਜ਼ਮਾਨਤ ਰਿਹਾ ਕਰ ਦਿੱਤਾ ਗਿਆ।

ਇਸੇ ਤਰ੍ਹਾਂ ਪੁਲਸ ਚੌਂਕੀ ਦੋਲੇਵਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਰਘਵਿੰਦਰ ਪ੍ਰਸ਼ਾਦ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸਤ ਕਰ ਰਹੇ ਸੀ ਤਾਂ ਗੁਪਤ ਸੂਚਨਾ ਦੇ ਅਧਾਰ ’ਤੇ ਸਤਨਾਮ ਸਿੰਘ ਮੂਰਤੀ ਨਿਵਾਸੀ ਪਿੰਡ ਦੋਲੇਵਾਲਾ ਦੇ ਘਰ ਛਾਪਾਮਾਰੀ ਕਰ ਕੇ 50 ਲਿਟਰ ਲਾਹਣ, ਇਕ ਬੋਤਲ ਨਾਜਾਇਜ਼ ਸ਼ਰਾਬ ਅਤੇ ਚਾਲੂ ਭੱਠੀ ਦਾ ਸਮਾਨ ਬਰਾਮਦ ਕੀਤਾ ਗਿਆ। ਕਥਿਤ ਮੁਲਜ਼ਮ ਮੌਕੇ ਤੋਂ ਭੱਜਣ ਵਿਚ ਸਫਲ ਹੋ ਗਿਆ। ਪੁਲਸ ਨੇ ਸਤਨਾਮ ਸਿੰਘ ਅਤੇ ਇਕ ਅਣਪਛਾਤੇ ਵਿਅਕਤੀ ਦੇ ਖਿਲ਼ਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਦੀ ਗ੍ਰਿਫਤਾਰੀ ਬਾਕੀ ਹੈ।


Gurminder Singh

Content Editor

Related News