30 ਪੇਟੀਆਂ ਸ਼ਰਾਬ ਸਮੇਤ ਸਮੱਗਲਰ ਕਾਬੂ
Saturday, Sep 19, 2026 - 01:36 PM (IST)
ਮੋਗਾ (ਆਜ਼ਾਦ) : ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਬਾਘਾ ਪੁਰਾਣਾ ਪੁਲਸ ਨੇ ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ ਕਰ ਕੇ ਇਕ ਸਮੱਗਲਰ ਨੂੰ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਥਾਣਾ ਬਾਘਾ ਪੁਰਾਣਾ ਦੇ ਮੁੱਖ ਅਫਸਰ ਜਨਕ ਰਾਜ ਦੀ ਅਗਵਾਈ ਹੇਠ ਜਦੋਂ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਪੁਲਸ ਪਾਰਟੀ ਸਮੇਤ ਦੇਰ ਰਾਤ ਪਿੰਡ ਚੰਨੂੰਵਾਲਾ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਹਰਜੀਤ ਸਿੰਘ ਉਰਫ ਬੱਬੂ ਨਿਵਾਸੀ ਪਿੰਡ ਢਿੱਲਵਾਂ ਵਾਲਾ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ।
ਇਸ ’ਤੇ ਪੁਲਸ ਪਾਰਟੀ ਨੇ ਦੱਸੀ ਗਈ ਜਗ੍ਹਾ ’ਤੇ ਛਾਪੇਮਾਰੀ ਕਰ ਕੇ 30 ਪੇਟੀਆਂ ਸ਼ਰਾਬ ਠੇਕਾ, ਮਾਰਕਾ ਮਸਤ ਸੌਂਫੀਆ ਫਾਰ ਸੇਲ ਚੰਡੀਗੜ੍ਹ ਬਰਾਮਦ ਕੀਤੀਆਂ, ਜਿਸ ਦੇ ਖ਼ਿਲਾਫ਼ ਥਾਣਾ ਬਾਘਾ ਪੁਰਾਣਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
