ਅਫ਼ੀਮ ਸਮੇਤ ਸਮੱਗਲਰ ਕਾਬੂ, ਇਕ ਦਿਨ ਦੇ ਪੁਲਸ ਰਿਮਾਂਡ ’ਤੇ

03/01/2024 6:14:03 PM

ਮੋਗਾ (ਆਜ਼ਾਦ) : ਮੋਗਾ ਪੁਲਸ ਵੱਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸੀ. ਆਈ. ਏ. ਸਟਾਫ਼ ਮੋਗਾ ਨੇ ਲੱਖਾਂ ਰੁਪਏ ਮੁੱਲ ਦੀ ਅਫੀਮ ਸਮੇਤ ਰਾਜਸਥਾਨ ਤੋਂ ਆਏ ਇਕ ਸਮੱਗਲਰ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਸ ਮੁਖੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਮੋਗਾ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਦੇ ਨਿਰਦੇਸ਼ਾਂ ’ਤੇ ਜਦੋਂ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਅਤੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੀ ਹੋਈ ਬਾਅਦ ਦੁਪਹਿਰ ਫੋਕਲ ਪੁਆਇੰਟ ਮੋਗਾ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਪ੍ਰਕਾਸ਼ ਨਿਵਾਸੀ ਪਿੰਡ ਜਾਨਵੀ ਜਲੌਰ ਰਾਜਸਥਾਨ ਅਫ਼ੀਮ ਲਿਆ ਕੇ ਪੰਜਾਬ ਵਿਚ ਸਪਲਾਈ ਕਰਨ ਦਾ ਧੰਦਾ ਕਰਦਾ ਹੈ ਅਤੇ ਅੱਜ ਵੀ ਉਹ ਭਾਰੀ ਮਾਤਰਾ ਵਿਚ ਅਫ਼ੀਮ ਲੈਕੇ ਆ ਰਿਹਾ ਹੈ, ਜਿਸ ’ਤੇ ਪੁਲਸ ਪਾਰਟੀ ਨੇ ਕਥਿਤ ਸਮੱਗਲਰ ਪ੍ਰਕਾਸ਼ ਨੂੰ ਜਾ ਦਬੋਚਿਆ ਅਤੇ ਉਸ ਕੋਲੋਂ ਤਿੰਨ ਕਿੱਲੋਂ ਅਫੀਮ ਬਰਾਮਦ ਕੀਤੀ ਗਈ, ਜਿਸ ਦੇ ਖ਼ਿਲਾਫ਼ ਥਾਣਾ ਸਿਟੀ ਮੋਗਾ ਵਿਚ ਮਾਮਲਾ ਦਰਜ ਕੀਤਾ ਗਿਆ।

ਸੀ. ਆਈ. ਏ. ਇੰਚਾਰਜ ਦਲਜੀਤ ਸਿੰਘ ਨੇ ਦੱਸਿਆ ਕਿ ਕਥਿਤ ਸਮੱਗਲਰ ਨੂੰ ਪੁੱਛਗਿੱਛ ਤੋਂ ਬਾਅਦ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਜਾਨਣ ਦਾ ਯਤਨ ਕੀਤਾ ਜਾ ਰਿਹਾ ਹੈ ਕਿ ਉਹ ਉਕਤ ਅਫ਼ੀਮ ਕਿਸ ਵਿਅਕਤੀ ਕੋਲੋਂ ਲੈ ਕੇ ਆਇਆ ਸੀ ਅਤੇ ਕਿੱਥੇ ਸਪਲਾਈ ਕਰਨ ਲਈ ਜਾ ਰਿਹਾ ਸੀ।


Gurminder Singh

Content Editor

Related News