ਪੁਲਸ ਦੀ ਵੱਡੀ ਕਾਰਵਾਈ, ਹੈਰੋਇਨ ਅਤੇ ਲਾਹਣ ਸਮੇਤ 4 ਕਾਬੂ

03/04/2024 6:14:30 PM

ਮੋਗਾ (ਆਜ਼ਾਦ) : ਮੋਗਾ ਪੁਲਸ ਵੱਲੋਂ ਨਸ਼ੇ ਵਾਲੇ ਪਦਾਰਥਾਂ ਅਤੇ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਹੈਰੋਇਨ ਅਤੇ ਲਾਹਣ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ਼ ਮੋਗਾ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਅਤੇ ਥਾਣੇਦਾਰ ਸਤਨਾਮ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸੀ ਤਾਂ ਜਦੋਂ ਉਹ ਦੇਰ ਰਾਤ ਪਿੰਡ ਜਨੇਰ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਹਰਵਿੰਦਰ ਸਿੰਘ ਨਿਵਾਸੀ ਕੋਟ ਈਸੇ ਖਾਂ, ਹਕੀਕਤ ਸਿੰਘ ਅਤੇ ਸੁਰਜੀਤ ਸਿੰਘ ਉਰਫ ਸੁੰਦਰ ਦੋਨੋਂ ਨਿਵਾਸੀ ਪਿੰਡ ਦਾਤੇਵਾਲਾ ਹੈਰੋਇਨ ਵਿੱਕਰੀ ਕਰਨ ਦਾ ਧੰਦਾ ਕਰਦੇ ਹਨ, ਜਿਸ ’ਤੇ ਪੁਲਸ ਪਾਰਟੀ ਨੇ ਦੋਨਾਂ ਕਥਿਤ ਸਮੱਗਲਰਾਂ ਨੂੰ 170 ਗ੍ਰਾਮ ਹੈਰੋਇਨ ਸਣੇ ਕਾਬੂ ਕਰ ਲਿਆ ਅਤੇ ਉਨ੍ਹਾਂ ਕੋਲੋਂ ਕੀਤੀ ਗਈ ਪੁੱਛਗਿੱਛ ਦੇ ਬਾਅਦ ਨਾਮਜ਼ਦ ਕੀਤੇ ਗਏ ਸੁਰਜੀਤ ਸਿੰਘ ਉਰਫ ਸੁੰਦਰ ਨੂੰ ਵੀ ਜਾ ਦਬੋਚਿਆ।

ਤਿੰਨਾਂ ਕਥਿਤ ਮੁਲਜ਼ਮਾਂ ਖ਼ਿਲਾਫ਼ ਥਾਣਾ ਕੋਟ ਈਸੇ ਖਾਂ ਵਿਚ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਨੂੰ ਪੁੱਛਗਿੱਛ ਤੋਂ ਬਾਅਦ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਮਹਿਣਾ ਦੇ ਸਹਾਇਕ ਥਾਣੇਦਾਰ ਦਵਿੰਦਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਬਾਅਦ ਦੁਪਹਿਰ ਪੁਲਸ ਪਾਰਟੀ ਸਮੇਤ ਬੱਸ ਸਟੈਂਡ ਪਿੰਡ ਡਾਲਾ ਕੋਲ ਜਾ ਰਹੇ ਸੀ ਤਾਂ ਗੁਪਤ ਸੂਚਨਾ ਦੇ ਆਧਾਰ ’ਤੇ ਮਨਦੀਪ ਸਿੰਘ ਉਰਫ ਭੋਲਾ ਨਿਵਾਸੀ ਪਿੰਡ ਧੂੜਕੋਟ ਟਾਹਲੀਵਾਲਾ ਨੂੰ ਕਾਬੂ ਕਰ ਕੇ ਉਸ ਦੇ ਘਰੋਂ 80 ਲਿਟਰ ਲਾਹਣ ਬਰਾਮਦ ਕੀਤੀ ਗਈ, ਜਿਸ ਦੇ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਥਾਣਾ ਮਹਿਣਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ।


Gurminder Singh

Content Editor

Related News