''ਇੰਡੀਆ'' ਗਠਜੋੜ ਦੇ ਨੇਤਾ ਜੰਤਰ-ਮੰਤਰ ''ਤੇ ਹੋਏ ਇਕੱਠੇ, ਕੇਜਰੀਵਾਲ ਦੀ ਰਿਹਾਈ ਦੀ ਕੀਤੀ ਮੰਗ

Tuesday, Jul 30, 2024 - 05:29 PM (IST)

''ਇੰਡੀਆ'' ਗਠਜੋੜ ਦੇ ਨੇਤਾ ਜੰਤਰ-ਮੰਤਰ ''ਤੇ ਹੋਏ ਇਕੱਠੇ, ਕੇਜਰੀਵਾਲ ਦੀ ਰਿਹਾਈ ਦੀ ਕੀਤੀ ਮੰਗ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਿਗੜਦੀ ਸਿਹਤ ਦਰਮਿਆਨ ਉਨ੍ਹਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮੰਗਲਵਾਰ ਨੂੰ 'ਇੰਡੀਆ' ਗਠਜੋੜ ਦੇ ਨੇਤਾ ਜੰਤਰ-ਮੰਤਰ 'ਤੇ ਇਕੱਠੇ ਹੋਏ। ਉਨ੍ਹਾਂ ਨੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਭਾਜਪਾ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ। ਰੈਲੀ ਦੌਰਾਨ 'ਭਾਰਤ ਮਾਤਾ ਦੀ ਜੈ' ਅਤੇ 'ਤਾਨਾਸ਼ਾਹੀ ਖ਼ਤਮ ਕਰੋ' ਦੇ ਨਾਅਰੇ ਲਾਏ ਗਏ। ਕੇਜਰੀਵਾਲ ਦੀ ਪਤਨੀ ਸੁਨੀਤਾ ਨੇ 'ਇੰਡੀਆ' ਗਠਜੋੜ ਦੀ ਰੈਲੀ ਵਿਚ ਕਿਹਾ ਕਿ ਭਾਜਪਾ ਦੀ ਰਾਜਨੀਤੀ ਨਫ਼ਰਤ ਫੈਲਾਉਣ ਅਤੇ ਦਿੱਲੀ ਦੇ ਲੋਕਾਂ ਦਾ ਕੰਮ ਰੋਕਣ ਦੀ ਹੈ। ਅਰਵਿੰਦ ਕੇਜਰੀਵਾਲ ਜੀ ਲੋਕਾਂ ਲਈ ਲੜ ਰਹੇ ਹਨ। ਉਨ੍ਹਾਂ ਦੀ ਜਾਨ ਖ਼ਤਰੇ ਵਿਚ ਹੈ। ਜਨਤਾ ਵਲੋਂ ਚੁਣੇ ਹੋਏ ਮੁੱਖ ਮੰਤਰੀ ਜੇਲ੍ਹ ਵਿਚ ਹਨ। 

ਆਮ ਆਦਮੀ ਪਾਰਟੀ ਦੀ ਦਿੱਲੀ ਇਕਾਈ ਦੇ ਕਨਵੀਨਰ ਗੋਪਾਲ ਰਾਏ ਨੇ ਕਿਹਾ ਕਿ ਹਿਰਾਸਤ 'ਚ ਕੇਜਰੀਵਾਲ ਦਾ ਸ਼ੂਗਰ ਦਾ ਪੱਧਰ ਘੱਟ ਹੋ ਰਿਹਾ ਹੈ। ਰਾਏ ਨੇ ਕਿਹਾ ਕਿ ਕੇਜਰੀਵਾਲ ਨੂੰ ਹੇਠਲੀ ਅਦਾਲਤ ਅਤੇ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ ਪਰ ਉਨ੍ਹਾਂ ਨੂੰ ਜੇਲ੍ਹ ਵਿਚ ਰੱਖਣ ਦੀ ਸਾਜ਼ਿਸ਼ ਰੱਚੀ ਗਈ। ਭਾਜਪਾ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਜੇਲ੍ਹ ਵਿਚ ਕਿਉਂ ਬੰਦ ਕਰਨਾ ਚਾਹੁੰਦੀ ਹੈ? UPSC ਦੇ ਤਿੰਨ ਵਿਦਿਆਰਥੀਆਂ ਦੀ ਮੌਤ ਲਈ ਕੌਣ ਜ਼ਿੰਮੇਵਾਰ ਹੈ?  ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਇੱਥੋਂ ਦੇ ਪੁਰਾਣੇ ਰਾਜਿੰਦਰ ਨਗਰ ਵਿਚ ਇਕ ਕੋਚਿੰਗ ਸੈਂਟਰ ਦੇ ‘ਬੇਸਮੈਂਟ’ 'ਚ ਪਾਣੀ ਭਰ ਜਾਣ ਕਾਰਨ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀਆਂ ਦੀ ਮੌਤ ਲਈ ਵੀ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ ਕਰਨ ਵਾਲੀ ਭਾਜਪਾ ਨੇ ਦਿੱਲੀ ਸਰਕਾਰ ਦੀਆਂ ਸ਼ਕਤੀਆਂ ਖੋਹ ਲਈਆਂ। 


author

Tanu

Content Editor

Related News