''ਮੋਦੀ ਸਰਨੇਮ'' ''ਤੇ ਟਿੱਪਣੀ ਮਾਮਲਾ: ਪਟਨਾ ਹਾਈਕੋਰਟ ਨੇ ਰਾਹੁਲ ਵਿਰੁੱਧ ਕੇਸ ਦੀ ਸੁਣਵਾਈ ''ਤੇ ਲਾਈ ਰੋਕ
Monday, Apr 24, 2023 - 05:56 PM (IST)

ਪਟਨਾ- ਪਟਨਾ ਹਾਈ ਕੋਰਟ ਨੇ 'ਮੋਦੀ ਸਰਨੇਮ' ਦੇ ਸਬੰਧ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਟਿੱਪਣੀ ਨੂੰ ਲੈ ਕੇ ਉਨ੍ਹਾਂ ਖ਼ਿਲਾਫ਼ ਇੱਥੋਂ ਦੀ ਅਦਾਲਤ 'ਚ ਚੱਲ ਰਹੀ ਮੁਕੱਦਮੇ ਦੀ ਸੁਣਵਾਈ 'ਤੇ ਰੋਕ ਲਗਾ ਦਿੱਤੀ ਹੈ। ਜਸਟਿਸ ਸੰਦੀਪ ਕੁਮਾਰ ਨੇ ਰਾਹੁਲ ਗਾਂਧੀ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਕਾਰਵਾਈ 'ਤੇ ਰੋਕ ਲਗਾਉਂਦੇ ਹੋਏ ਕਿਹਾ ਕਿ ਕਿਉਂਕਿ ਗੁਜਰਾਤ ਦੀ ਇਕ ਅਦਾਲਤ ਵੱਲੋਂ ਉਨ੍ਹਾਂ ਨੂੰ ਪਹਿਲਾਂ ਹੀ ਇਸੇ ਤਰ੍ਹਾਂ ਦੇ ਇਕ ਮਾਮਲੇ 'ਚ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ, ਇਸ ਲਈ ਉਸ ਅਪਰਾਧ ਲਈ ਦੁਬਾਰਾ ਮੁਕੱਦਮਾ ਨਹੀਂ ਚਲਾਇਆ ਜਾ ਸਕਦਾ।
ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਸੁਸ਼ੀਲ ਕੁਮਾਰ ਮੋਦੀ ਦੇ ਵਕੀਲ ਐਸ. ਡੀ ਸੰਜੇ ਨੇ ਕਿਹਾ ਕਿ ਹਾਈ ਕੋਰਟ ਨੇ 15 ਮਈ ਤੱਕ ਮੁਕੱਦਮੇ ਦੀ ਸੁਣਵਾਈ 'ਤੇ ਰੋਕ ਲਾ ਦਿੱਤੀ ਹੈ। ਉਸੇ ਤਾਰੀਖ਼ ਨੂੰ ਅਸੀਂ ਪਟੀਸ਼ਨ 'ਤੇ ਆਪਣਾ ਜਵਾਬ ਦਾਇਰ ਕਰਾਂਗੇ। ਦੱਸ ਦੇਈਏ ਕਿ ਰਾਹੁਲ ਗਾਂਧੀ ਵੱਲੋਂ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਕਰਨਾਟਕ 'ਚ ਇਕ ਚੋਣ ਰੈਲੀ 'ਚ ਭਾਸ਼ਣ ਦੇਣ ਤੋਂ ਕੁਝ ਦਿਨ ਬਾਅਦ ਸੁਸ਼ੀਲ ਮੋਦੀ ਨੇ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।
ਇੱਥੋਂ ਦੇ ਸੰਸਦ ਮੈਂਬਰਾਂ/ਵਿਧਾਇਕਾਂ ਵਿਰੁੱਧ ਕੇਸਾਂ ਦੀ ਸੁਣਵਾਈ ਲਈ ਗਠਿਤ ਵਿਸ਼ੇਸ਼ ਅਦਾਲਤ ਨੇ ਪਟੀਸ਼ਨ ਦੇ ਸਬੰਧ ਵਿਚ ਗਾਂਧੀ ਨੂੰ 25 ਅਪ੍ਰੈਲ ਨੂੰ ਅਦਾਲਤ 'ਚ ਪੇਸ਼ ਹੋਣ ਲਈ ਕਿਹਾ ਸੀ। ਮਹੱਤਵਪੂਰਨ ਗੱਲ ਇਹ ਹੈ ਕਿ ਰਾਹੁਲ ਗਾਂਧੀ ਨੂੰ ਸੂਰਤ ਦੀ ਇਕ ਅਦਾਲਤ ਨੇ ਉਸ ਦੇ 'ਮੋਦੀ ਸਰਨੇਮ' ਟਿੱਪਣੀ ਲਈ ਦਾਇਰ ਮਾਣਹਾਨੀ ਦੇ ਕੇਸ 'ਚ ਦੋਸ਼ੀ ਠਹਿਰਾਇਆ ਸੀ ਅਤੇ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਜਿਸ ਤੋਂ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਨੂੰ ਸੰਸਦ ਤੋਂ ਅਯੋਗ ਕਰਾਰ ਦੇ ਦਿੱਤਾ ਗਿਆ ਸੀ।