''ਉਡਾਨ'' ਨੇ ਦੇਸ਼ ਦੇ ਹਵਾਬਾਜ਼ੀ ਖੇਤਰ ਨੂੰ ਬਦਲ ਦਿੱਤਾ : PM ਮੋਦੀ
Monday, Oct 21, 2024 - 01:28 PM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ 'ਉਡਾਨ' ਪਹਿਲ ਨੇ ਭਾਰਤ ਦੇ ਹਵਾਬਾਜ਼ੀ ਖੇਤਰ ਨੂੰ ਬਦਲ ਕੇ ਰੱਖ ਦਿੱਤਾ ਹੈ। ਆਉਣ ਵਾਲੇ ਸਾਲਾਂ ਵਿਚ ਉਨ੍ਹਾਂ ਦੀ ਸਰਕਾਰ ਇਸ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਲੋਕਾਂ ਨੂੰ ਹੋਰ ਵੀ ਬਿਹਤਰ ਕੁਨੈਕਟੀਵਿਟੀ ਸਹੂਲਤ ਮੁਹੱਈਆ ਕਰਾਉਣ 'ਤੇ ਧਿਆਨ ਕੇਂਦਰਿਤ ਕਰੇਗੀ।
ਭਾਰਤ 'ਚ ਬੁਨਿਆਦੀ ਢਾਂਚੇ ਅਤੇ ਕੁਨੈਕਟੀਵਿਟੀ ਨੂੰ ਬਿਹਤਰ ਬਣਾਉਣ ਲਈ ਖੇਤਰੀ ਸੰਪਰਕ ਯੋਜਨਾ (RCS) UDAN ਪਹਿਲਕਦਮੀ ਦੀ ਸ਼ੁਰੂਆਤ ਨੂੰ 8 ਸਾਲ ਹੋ ਗਏ ਹਨ। ਇਹ ਪਹਿਲ ਖਾਸ ਤੌਰ 'ਤੇ ਦੂਰ-ਦੁਰਾਡੇ ਅਤੇ ਘੱਟ ਸੇਵਾ ਵਾਲੇ ਖੇਤਰਾਂ ਲਈ ਭਾਰਤ ਦੀ ਰਾਸ਼ਟਰੀ ਨਾਗਰਿਕ ਹਵਾਬਾਜ਼ੀ ਨੀਤੀ (NCAP) 2016 ਦਾ ਇਕ ਮਹੱਤਵਪੂਰਨ ਹਿੱਸਾ ਹੈ। ਇਹ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ (MoCA) ਵਲੋਂ 21 ਅਕਤੂਬਰ 2016 ਨੂੰ 10 ਸਾਲਾਂ ਦੇ ਦ੍ਰਿਸ਼ਟੀਕੋਣ ਨਾਲ ਸ਼ੁਰੂ ਕੀਤਾ ਗਿਆ ਸੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਅੱਜ ਅਸੀਂ ਉਡਾਣ ਦੇ 8 ਸਾਲ ਪੂਰੇ ਕਰ ਰਹੇ ਹਾਂ, ਜਿਸ ਨੇ ਭਾਰਤ ਦੇ ਹਵਾਬਾਜ਼ੀ ਖੇਤਰ ਨੂੰ ਬਦਲ ਦਿੱਤਾ ਹੈ। ਹਵਾਈ ਅੱਡਿਆਂ ਦੀ ਗਿਣਤੀ ਵਧਾਉਣ ਤੋਂ ਲੈ ਕੇ ਹੋਰ ਹਵਾਈ ਮਾਰਗਾਂ ਤੱਕ, ਇਸ ਯੋਜਨਾ ਨੇ ਲੱਖਾਂ ਲੋਕਾਂ ਦੀ ਉਡਾਣ ਤੱਕ ਪਹੁੰਚ ਨੂੰ ਯਕੀਨੀ ਬਣਾਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੀ ਵਪਾਰ ਅਤੇ ਵਣਜ ਨੂੰ ਉਤਸ਼ਾਹਿਤ ਕਰਨ ਅਤੇ ਖੇਤਰੀ ਵਿਕਾਸ ਨੂੰ ਚਲਾਉਣ 'ਤੇ ਇਸਦਾ ਸਕਾਰਾਤਮਕ ਪ੍ਰਭਾਵ ਪਵੇਗਾ। ਆਉਣ ਵਾਲੇ ਸਮੇਂ ਵਿਚ ਅਸੀਂ ਹਵਾਬਾਜ਼ੀ ਖੇਤਰ ਨੂੰ ਮਜ਼ਬੂਤ ਕਰਨਾ ਜਾਰੀ ਰੱਖਾਂਗੇ ਅਤੇ ਲੋਕਾਂ ਲਈ ਹੋਰ ਵੀ ਬਿਹਤਰ ਸੰਪਰਕ ਅਤੇ ਆਰਾਮ ਪ੍ਰਦਾਨ ਕਰਨ 'ਤੇ ਧਿਆਨ ਕੇਂਦਰਿਤ ਕਰਾਂਗੇ।