ਸਫ਼ਦਰਜੰਗ ਹਸਪਤਾਲ ''ਚ ਆਈਸੋਲੇਸ਼ਨ ''ਚ ਰੱਖੇ ਗਏ ਮਿਆਂਮਾਰ ਦੇ 11 ਸੈਲਾਨੀਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
Wednesday, Dec 28, 2022 - 04:50 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਸਫ਼ਦਰਜੰਗ ਹਸਪਤਾਲ 'ਚ ਆਈਸੋਲੇਸ਼ਨ 'ਚ ਰੱਖੇ ਗਏ ਮਿਆਂਮਾਰ ਦੇ 11 ਸੈਲਾਨੀ ਕੋਰੋਨਾ ਵਾਇਰਸ ਤੋਂ ਠੀਕ ਹੋ ਗਏ ਹਨ ਅਤੇ ਉਨ੍ਹਾਂ ਨੂੰ ਛੁੱਟੀ ਦਿੱਤੀ ਜਾ ਰਹੀ ਹੈ। ਪਿਛਲੇ ਹਫ਼ਤੇ, ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਨ੍ਹਾਂ 'ਚੋਂ ਇਕ ਦੇ ਕੋਰੋਨਾ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਸੀ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਡਾਕਟਰ ਨੇ ਕਿਹਾ,''ਮਿਆਂਮਾਰ ਦੇ 11 ਸੈਲਾਨੀਆਂ ਦੇ ਇਕ ਸਮੂਹ ਨੂੰ ਐਤਵਾਰ ਨੂੰ ਹਵਾਈ ਅੱਡੇ ਤੋਂ ਹਸਪਤਾਲ ਲਿਆਂਦਾ ਗਿਆ। ਉਸ ਨੂੰ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਸੀ। ਹੁਣ ਸਾਰੇ 11 ਦੀ ਕੋਵਿਡ ਟੈਸਟ ਰਿਪੋਰਟ ਨੈਗੇਟਿਵ ਆਈ ਹੈ ਅਤੇ ਉਨ੍ਹਾਂ ਨੂੰ ਛੁੱਟੀ ਦਿੱਤੀ ਜਾ ਰਹੀ ਹੈ।''
ਡਾਕਟਰ ਨੇ ਦੱਸਿਆ ਕਿ ਏਅਰਪੋਰਟ 'ਤੇ ਕੋਵਿਡ-19 ਲਈ ਪਾਜ਼ੇਟਿਵ ਪਾਏ ਗਏ ਮਰੀਜ਼ ਦਾ ਸੈਂਪਲ ਜੈਨੇਟਿਕ ਸੀਕਵੈਂਸਿੰਗ ਲਈ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਚੀਨ ਸਮੇਤ ਕੁਝ ਦੇਸ਼ਾਂ 'ਚ ਇਨਫੈਕਸ਼ਨ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਨੇ ਸ਼ਨੀਵਾਰ ਤੋਂ ਅੰਤਰਰਾਸ਼ਟਰੀ ਉਡਾਣਾਂ 'ਤੇ ਆਉਣ ਵਾਲੇ 2 ਫੀਸਦੀ ਯਾਤਰੀਆਂ ਲਈ ਕੋਵਿਡ-19 ਦੀ ਜਾਂਚ ਨੂੰ ਲਾਜ਼ਮੀ ਕਰ ਦਿੱਤਾ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਸ਼ਨੀਵਾਰ ਨੂੰ ਕਿਹਾ ਕਿ ਚੀਨ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਥਾਈਲੈਂਡ ਤੋਂ ਆਉਣ ਵਾਲੇ ਯਾਤਰੀਆਂ ਲਈ ਆਰਟੀ-ਪੀਸੀਆਰ ਟੈਸਟ ਲਾਜ਼ਮੀ ਹੋਵੇਗਾ ਅਤੇ ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਬੁਖ਼ਾਰ ਸਮੇਤ ਕੋਰੋਨਾ ਦੇ ਲੱਛਣ ਹੋਣ 'ਤੇ ਕੁਆਰੰਟੀਨ 'ਚ ਭੇਜਿਆ ਜਾਵੇਗਾ।