1984 ਸਿੱਖ ਕਤਲੇਆਮ : ਸੁਪਰੀਮ ਕੋਰਟ ਨੇ 34 ਦੋਸ਼ੀਆਂ ਨੂੰ ਦਿੱਤੀ ਜ਼ਮਾਨਤ

07/23/2019 3:53:53 PM

ਨਵੀਂ ਦਿੱਲੀ— 1984 ਦੇ ਸਿੱਖ ਵਿਰੋਧੀ ਦੰਗਾ ਮਾਮਲੇ ਨਾਲ ਜੁੜੇ 34 ਦੋਸ਼ੀਆਂ ਨੂੰ ਮੰਗਲਵਾਰ ਯਾਨੀ ਕਿ ਅੱਜ ਸੁਪਰੀਮ ਕੋਰਟ ਨੇ ਜ਼ਮਾਨਤ ਦਿੱਤੀ ਹੈ। ਇਨ੍ਹਾਂ ਦੋਸ਼ੀਆਂ ਨੂੰ ਹਾਈ ਕੋਰਟ ਅਤੇ ਟਰਾਇਲ ਕੋਰਟ ਵਲੋਂ ਦੋਸ਼ੀ ਠਹਿਰਾਇਆ ਗਿਆ ਸੀ। ਦੋਸ਼ੀਆਂ ਨੇ ਕੋਰਟ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਅੱਜ ਕੋਰਟ ਨੇ ਦੋਸ਼ੀਆਂ ਨੂੰ ਰਾਹਤ ਦਿੱਤੀ ਹੈ। ਇਨ੍ਹਾਂ ਦੋਸ਼ੀਆਂ ਨੂੰ ਦਿੱਲੀ ਦੇ ਤ੍ਰਿਲੋਕਪੁਰੀ ਇਲਾਕੇ 'ਚ ਦੰਗੇ ਭੜਕਾਉਣ ਦੇ ਦੋਸ਼ 'ਚ 5 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਪਹਿਲਾਂ 5 ਜੁਲਾਈ ਨੂੰ ਸੁਪਰੀਮ ਕੋਰਟ ਨੇ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ 7 ਲੋਕਾਂ ਨੂੰ ਬਰੀ ਕੀਤਾ ਸੀ।

ਸੁਪਰੀਮ ਕੋਰਟ ਦਾ ਇਹ ਫੈਸਲਾ ਸਿੱਖ ਦੰਗਾ ਪੀੜਤਾਂ ਲਈ ਝਟਕਾ ਹੈ, ਕਿਉਂਕਿ ਦੰਗਾ ਪੀੜਤਾਂ ਨੇ ਪਿਛਲੇ 34 ਸਾਲਾਂ ਤੋਂ ਲੰਬੀ ਲੜਾਈ ਲੜੀ ਹੈ। ਓਧਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਕਹਿਣਾ ਉਹ ਕੋਰਟ ਦੇ ਫੈਸਲੇ ਨੂੰ ਚੈਲੰਜ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜ਼ਮਾਨਤ ਕਿਉਂ ਦਿੱਤੀ ਗਈ, ਅਸੀਂ ਕੋਰਟ ਨੂੰ ਇਸ 'ਤੇ ਵਿਚਾਰ ਕਰਨ ਲਈ ਕਹਾਂਗੇ। ਉਨ੍ਹਾਂ ਦਾ ਕਹਿਣਾ ਹੈ ਕਿ ਤਰਸ ਦੇ ਆਧਾਰ 'ਤੇ ਇਨ੍ਹਾਂ ਦੋਸ਼ੀਆਂ ਨੂੰ ਨਾ ਬਖਸ਼ਿਆ ਜਾਵੇ। ਇੱਥੇ ਦੱਸ ਦੇਈਏ ਕਿ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ 31 ਅਕਤੂਬਰ 1984 'ਚ ਕਤਲ ਕਰਨ ਮਗਰੋਂ ਸਿੱਖ ਵਿਰੋਧੀ ਦੰਗੇ ਭੜਕੇ ਸਨ, ਜਿਸ 'ਚ ਵੱਡੀ ਗਿਣਤੀ 'ਚ ਬੇਕਸੂਰ ਲੋਕ ਮਾਰੇ ਗਏ ਸਨ।


Tanu

Content Editor

Related News