1984 ਸਿੱਖ ਦੰਗੇ ਮਾਮਲਾ: ਸੱਜਣ ਦੀ ਸਿਹਤ ਦੀ ਪੁਸ਼ਟੀ ਲਈ SC ਨੇ ਸੀ. ਬੀ. ਆਈ. ਨੂੰ ਦਿੱਤਾ ਨਿਰਦੇਸ਼

Tuesday, Aug 24, 2021 - 03:21 PM (IST)

1984 ਸਿੱਖ ਦੰਗੇ ਮਾਮਲਾ: ਸੱਜਣ ਦੀ ਸਿਹਤ ਦੀ ਪੁਸ਼ਟੀ ਲਈ SC ਨੇ ਸੀ. ਬੀ. ਆਈ. ਨੂੰ ਦਿੱਤਾ ਨਿਰਦੇਸ਼

ਨਵੀਂ ਦਿੱਲੀ (ਭਾਸ਼ਾ)— ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਮੈਡੀਕਲ ਜਾਂਚ ਕਰਨ ਦਾ ਨਿਰਦੇਸ਼ ਸੀ. ਬੀ. ਆਈ. ਨੂੰ ਦਿੱਤਾ। ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੇ ਸਿਹਤ ਦੇ ਆਧਾਰ ’ਤੇ ਅੰਤਰਿਮ ਜ਼ਮਾਨਤ ਦੀ ਬੇਨਤੀ ਅਦਾਲਤ ਤੋਂ ਕੀਤੀ ਹੈ। ਓਧਰ ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਰਿਸ਼ੀਕੇਸ਼ ਰਾਏ ਨੇ ਸੱਜਣ ਕੁਮਾਰ ਦੀ ਪਟੀਸ਼ਨ ’ਤੇ ਸੀ. ਬੀ. ਆਈ. ਨੂੰ ਨੋਟਿਸ ਜਾਰੀ ਕੀਤਾ। ਅਦਾਲਤ ਨੇ ਸੀ. ਬੀ. ਆਈ. ਨੂੰ ਸੱਜਣ ਦੀ ਮੈਡੀਕਲ ਹਾਲਤ ਦੀ ਜਾਂਚ ਕਰ ਕੇ ਇਕ ਹਫ਼ਤੇ ’ਚ ਹਲਫ਼ਨਾਮਾ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ।

ਸੱਜਣ ਵਲੋਂ ਪੇਸ਼ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਕਿਹਾ ਕਿ ਕੁਮਾਰ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਜਾਣਾ ਚਾਹੀਦਾ ਹੈ ਕਿਉਂਕਿ ਇੱਥੋਂ ਦੇ ਸਰਕਾਰੀ ਹਸਪਤਾਲ ’ਚ ਉਨ੍ਹਾਂ ਦੀ ਹਾਲਤ ਠੀਕ ਨਹੀਂ ਹੋਈ ਹੈ। ਬੈਂਚ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸੂਬੇ ਤੋਂ ਕੋਈ ਇਸ ਦੀ ਜਾਂਚ ਕਰੇ। ਅਸੀਂ ਚਾਹੁੰਦੇ ਹਾਂ ਕਿ ਸੂਬਾ ਜਾਂਚ ਕਰੇ ਕਿ ਮੈਡੀਕਲ ਹਾਲਤ ਕਿਹੋ ਜਿਹੀ ਹੈ। ਵਕੀਲ ਨੇ ਕਿਹਾ ਕਿ ਪਹਿਲਾਂ ਵੀ ਸੱਜਣ ਕੁਮਾਰ ਦਾ ਇਲਾਜ ਨਿੱਜੀ ਹਸਪਤਾਲ ਦੇ ਡਾਕਟਰਾਂ ਨੇ ਕੀਤਾ ਸੀ ਅਤੇ ਉਨ੍ਹਾਂ ਦਾ ਫਿਰ ਤੋਂ ਉੱਥੋਂ ਹੀ ਇਲਾਜ ਕਰਵਾਇਆ ਜਾ ਸਕਦਾ ਹੈ। 

ਦੱਸਣਯੋਗ ਹੈ ਕਿ ਹਾਈ ਕੋਰਟ ਨੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਮਾਮਲੇ ਵਿਚ ਸੱਜਣ ਕੁਮਾਰ ਅਤੇ ਹੋਰਨਾਂ ਨੂੰ 17 ਦਸੰਬਰ 2018 ਨੂੰ ਦੋਸ਼ੀ ਠਹਿਰਾਉਂਦੇ ਹੋਏ ਹੇਠਲੀ ਅਦਾਲਤ ਦਾ 2013 ਦਾ ਫ਼ੈਸਲਾ ਪਲਟਦੇ ਹੋਏ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਵਾਈ ਸੀ। ਹੁਣ ਇਸ ਮਾਮਲੇ ਦੀ ਅੱਗੇ ਦੀ ਸੁਣਵਾਈ 6 ਸਤੰਬਰ ਨੂੰ ਹੋਵੇਗੀ। 


author

Tanu

Content Editor

Related News