ਬੰਗਲਾਦੇਸ਼ ''ਚ ਹਿੰਸਕ ਪ੍ਰਦਰਸ਼ਨ ਜਾਰੀ, 245 ਭਾਰਤੀ ਪਰਤੇ ਦੇਸ਼

Saturday, Jul 20, 2024 - 10:54 AM (IST)

ਬੰਗਲਾਦੇਸ਼ ''ਚ ਹਿੰਸਕ ਪ੍ਰਦਰਸ਼ਨ ਜਾਰੀ, 245 ਭਾਰਤੀ ਪਰਤੇ ਦੇਸ਼

ਨਵੀਂ ਦਿੱਲੀ- ਭਾਰਤ ਸਰਕਾਰ ਨੇ ਸ਼ੁੱਕਰਵਾਰ ਨੂੰ ਬੰਗਲਾਦੇਸ਼ ਵਿਚ ਜਾਰੀ ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਨੂੰ ਢਾਕਾ ਦਾ ਅੰਦਰੂਨੀ ਮਾਮਲਾ ਕਰਾਰ ਦਿੱਤਾ ਪਰ ਨਾਲ ਹੀ ਇਹ ਵੀ ਕਿਹਾ ਕਿ ਉਹ ਉੱਥੇ ਰਹਿ ਰਹੇ 15 ਹਜ਼ਾਰ ਭਾਰਤੀਆਂ ਦੀ ਸੁਰੱਖਿਆ ਨੂੰ ਲੈ ਕੇ ਹਾਲਾਤ 'ਤੇ ਬਾਰੀਕੀ ਨਾਲ ਨਜ਼ਰ ਰੱਖ ਰਹੀ ਹੈ। ਢਾਕਾ ਅਤੇ ਹੋਰ ਸ਼ਹਿਰਾਂ ਵਿਚ ਯੂਨੀਵਰਸਿਟੀ ਦੇ ਵਿਦਿਆਰਥੀ 1971 'ਚ ਬੰਗਲਾਦੇਸ਼ ਦੇ ਮੁਕਤੀ ਸੰਗ੍ਰਾਮ ਲਈ ਲੜਨ ਵਾਲੇ ਯੁੱਧ ਨਾਇਕਾਂ ਦੇ ਰਿਸ਼ਤੇਦਾਰਾਂ ਲਈ ਜਨਤਕ ਖੇਤਰ ਦੀਆਂ ਨੌਕਰੀਆਂ ਨੂੰ ਰਾਖਵਾਂ ਕਰਨ ਦੀ ਪ੍ਰਣਾਲੀ ਖਿਲਾਫ਼ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ।  ਰਾਖਵਾਂਕਰਨ ਪ੍ਰਣਾਲੀ ਵਿਚ ਸੁਧਾਰਾਂ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਦੇ ਪ੍ਰਦਰਸ਼ਨਾਂ ਦੌਰਾਨ ਰਾਜਧਾਨੀ ਢਾਕਾ ਅਤੇ ਹੋਰ ਥਾਵਾਂ 'ਤੇ ਹਿੰਸਾ ਭੜਕ ਗਈ ਹੈ। ਇਸ 'ਚ ਕਰੀਬ 30 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕੁਝ ਹੋਰ ਜ਼ਖਮੀ ਹੋ ਗਏ ਹਨ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਕਿਹਾ ਕਿ ਬੰਗਲਾਦੇਸ਼ ਵਿਚ ਰਹਿ ਰਹੇ 8,500 ਵਿਦਿਆਰਥੀਆਂ ਸਮੇਤ 15,000 ਭਾਰਤੀ ਸੁਰੱਖਿਅਤ ਹਨ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਢਾਕਾ ਵਿਚ ਭਾਰਤੀ ਹਾਈ ਕਮਿਸ਼ਨ ਉੱਥੇ ਰਹਿ ਰਹੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਲਈ ਸਥਾਨਕ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿਚ ਹੈ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਰਾਤ 8 ਵਜੇ ਤੱਕ 245 ਭਾਰਤੀ ਬੰਗਲਾਦੇਸ਼ ਤੋਂ ਸੁਰੱਖਿਅਤ ਭਾਰਤ ਪਰਤੇ ਹਨ, ਜਿਨ੍ਹਾਂ ਵਿਚੋਂ 125 ਵਿਦਿਆਰਥੀ ਹਨ। ਸੂਤਰਾਂ ਨੇ ਦੱਸਿਆ ਕਿ ਭਾਰਤੀ ਹਾਈ ਕਮਿਸ਼ਨ ਨੇ ਨੇਪਾਲ ਦੇ 13 ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਪਰਤਣ ਵਿਚ ਵੀ ਮਦਦ ਕੀਤੀ।

ਰਣਧੀਰ ਜਾਇਸਵਾਲ ਨੇ ਕਿਹਾ ਕਿ ਜਿਵੇਂ ਕਿ ਤੁਸੀਂ ਜਾਣਦੇ ਹੋ ਬੰਗਲਾਦੇਸ਼ ਵਿਚ ਵਿਦਿਆਰਥੀਆਂ ਦਾ ਪ੍ਰਦਰਸ਼ਨ ਜਾਰੀ ਹਨ। ਅਸੀਂ ਇਸ ਨੂੰ ਉਨ੍ਹਾਂ ਦਾ ਅੰਦਰੂਨੀ ਮਾਮਲਾ ਮੰਨਦੇ ਹਾਂ। ਉਨ੍ਹਾਂ ਕਿਹਾ ਕਿ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਖੁਦ ਉੱਥੇ ਰਹਿ ਰਹੇ ਭਾਰਤੀਆਂ ਦੀ ਸੁਰੱਖਿਆ ਨੂੰ ਲੈ ਕੇ ਮਾਮਲੇ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਸੂਤਰਾਂ ਨੇ ਦੱਸਿਆ ਕਿ ਭਾਰਤ-ਬੰਗਲਾਦੇਸ਼ ਸਰਹੱਦ-ਬੇਨਾਪੋਲ-ਪੈਟਰਾਪੋਲ; ਗੇਦੇ ਦਰਸ਼ਨਾ ਅਤੇ ਅਖੌਰਾ ਅਗਰਤਲਾ ਸਰਹੱਦ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਘਰ ਵਾਪਸੀ ਲਈ ਖੁੱਲ੍ਹੀਆਂ ਰਹਿਣਗੀਆਂ। ਅਸੀਂ ਬੰਗਲਾਦੇਸ਼ ਵਿਚ ਰਹਿ ਰਹੇ ਸਾਡੇ ਵਿਦਿਆਰਥੀਆਂ ਸਮੇਤ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਲੋੜ ਪੈਣ 'ਤੇ ਸਹਾਇਤਾ ਲਈ ਇਕ ਸਲਾਹ ਜਾਰੀ ਕੀਤੀ ਹੈ।


author

Tanu

Content Editor

Related News